ਐੱਸ. ਡੀ. ਐੱਮ. ਰਾਜਪਾਲ ਵੱਲੋਂ ਸ਼ਹਿਰ ’ਚ ਚੱਲ ਰਹੇ ਕੰਮਾਂ ਦਾ ਜਾਇਜ਼ਾ

Thursday, Jul 26, 2018 - 02:08 AM (IST)

ਐੱਸ. ਡੀ. ਐੱਮ. ਰਾਜਪਾਲ ਵੱਲੋਂ ਸ਼ਹਿਰ ’ਚ ਚੱਲ ਰਹੇ ਕੰਮਾਂ ਦਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ,   (ਪਵਨ, ਖੁਰਾਣਾ, ਸੁਖਪਾਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਰੰਭ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ’ ਨੂੰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕੰਮ ਕਰ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਸ਼ਹਿਰ ’ਚੋਂ ਗੰਦੇ ਪਾਣੀ ਦੀ ਨਿਕਾਸੀ ਲਈ ਜਨ ਸਿਹਤ ਵਿਭਾਗ ਵੱਲੋਂ ਦਿਨ-ਰਾਤ ਕੰਮ ਕੀਤਾ ਜਾ 
ਰਿਹਾ ਹੈ। 
ਇਸ ਤਹਿਤ ਵਿਭਾਗ ਦੇ ਚੱਲ ਰਹੇ ਕੰਮ ਦੀ ਨਿਗਰਾਨੀ ਲਈ ਅੱਜ ਐੱਸ. ਡੀ. ਐੱਮ. ਰਾਜਪਾਲ ਸਿੰਘ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਕੇ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਮੁਆਇਨਾ ਕੀਤਾ। ਉਨ੍ਹਾਂ ਨੇ ਇਸ ਮੌਕੇ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਅਜੇ ਵੀ ਜਿੱਥੇ ਨੀਵੇਂ ਇਲਾਕਿਆਂ ਵਿਚ ਪਾਣੀ ਖਡ਼੍ਹਾ ਹੈ, ਉਸ ਦੀ ਨਿਕਾਸੀ ਲਈ ਪੰਪ ਲਾ ਕੇ ਪਾਣੀ ਕੱਢਿਆ ਜਾਵੇ। ਇਸ ਤੋਂ ਇਲਾਵਾ ਸੀਵਰੇਜ ਦੀ ਗਾਰ ਕੱਢਣ ਲਈ ਵੀ ਕਿਹਾ ਗਿਆ ਹੈ। ਮਾਨਾਂਵਾਲਾ ਚੌਕ ਵਿਚ ਐੱਸ. ਡੀ. ਓ. ਨਰਿੰਦਰ ਸਿੰਘ ਨੇ ਉਨ੍ਹਾਂ ਨੂੰ ਵਿਭਾਗ ਵੱਲੋਂ ਚਲਾਏ ਜਾ ਰਹੇ ਪੰਪਾਂ ਬਾਰੇ ਜਾਣਕਾਰੀ ਦਿੱਤੀ। 
ਦੂਜੇ ਪਾਸੇ ਸ੍ਰੀ ਮੁਕਤਸਰ ਸਾਹਿਬ ਦੇ ਤਹਿਸੀਲਦਾਰ ਵਿਪਨ ਕੁਮਾਰ ਸ਼ਰਮਾ ਨੇ ਪਿੰਡ ਬੂਡ਼ਾ ਗੁੱਜਰ ਦਾ ਦੌਰਾ ਕਰ ਕੇ ਉੱਥੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੂਟੇ ਲਾਏ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਉਕਤ ਮਿਸ਼ਨ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਨਸ਼ਾ ਮੁਕਤੀ ਮੁਹਿੰਮ ਬਾਰੇ ਵੀ ਪਿੰਡ ਵਾਸੀਆਂ ਨਾਲ ਬੈਠਕ ਕੀਤੀ ਅਤੇ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਗੰਭੀਰ ਯਤਨ ਹੋ ਰਹੇ ਹਨ। ਪਿੰਡ ਵਾਸੀਆਂ ਨੇ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਵਿਚ ਸਹਿਯੋਗ ਕਰਨ ਦੀ ਗੱਲ ਆਖੀ। 
 


Related News