ਮਾਨਸਾ ਵਾਸੀਆਂ ਲਈ ਰਾਹਤ ਭਰੀ ਖਬਰ: 10 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੁੱਜੇ ਘਰ

Friday, May 22, 2020 - 06:08 PM (IST)

ਮਾਨਸਾ ਵਾਸੀਆਂ ਲਈ ਰਾਹਤ ਭਰੀ ਖਬਰ: 10 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੁੱਜੇ ਘਰ

ਮਾਨਸਾ (ਜੱਸਲ): ਸਿਵਲ ਹਸਪਤਾਲ ਮਾਨਸਾ 'ਚ ਆਈਸੋਲੇਟ ਕੀਤੇ 10 ਹੋਰ ਕੋਰੋਨਾ ਮਰੀਜ਼ਾਂ ਨੂੰ ਅੱਜ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ, ਐੱਸ.ਐੱਮ.ਓ. ਅਸ਼ੋਕ ਕੁਮਾਰ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਬਰਨ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਫਲ ਅਤੇ ਫੁੱਲ ਭੇਂਟ ਕਰਕੇ ਉਨ੍ਹਾਂ ਦੀ ਘਰਾਂ ਵੱਲ ਰਵਾਨਗੀ ਕਰ ਦਿੱਤੀ ਹੈ। ਸਿਹਤ ਵਿਭਾਗ ਦੀ ਟੀਮ ਨੇ ਉਨ੍ਹਾਂ ਨੂੰ ਘਰਾਂ ਅੰਦਰ 10 ਦਿਨਾਂ ਲਈ ਏਕਾਂਤਵਾਸ ਰਹਿਣ, ਮਾਸਕ ਵਰਤਣ ਤੇ ਸੋਸ਼ਲ ਡਿਸਟੈਂਸ ਆਦਿ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦਿੱਤੀ ਗਈ ਹੈ। ਉਨ੍ਹਾਂ ਨੂੰ ਕਿਸੇ ਕਿਸਮ ਦੀ ਤਕਲੀਫ ਹੋਣ ਤੇ ਸਿਹਤ ਵਿਭਾਗ ਨਾਲ ਤੁਰੰਤ ਤਾਲਮੇਲ ਕਰਨ ਦੀ ਹਦਾਇਤ ਵੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 33 ਮਰੀਜ਼ ਕੋਰੋਨਾ ਪਾਜ਼ੇਟਿਵ ਸਨ, ਜਿਨ੍ਹਾਂ 'ਚੋਂ ਹੁਣ ਤੱਕ ਉਕਤ ਸਮੇਤ 31 ਮਰੀਜ਼ਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਇਸ ਵੇਲੇ ਸਿਵਲ ਹਸਪਤਾਲ 'ਚ ਦਾਖਲ ਜ਼ੇਰੇ ਇਲਾਜ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਸਿਰਫ 2 ਰਹਿ ਗਈ ਹੈ। ਸਿਹਤ ਵਿਭਾਗ ਦੀ ਟੀਮ ਵਲੋਂ ਉਨ੍ਹਾਂ ਨੂੰ ਵੀ ਜਲਦ ਸਿਹਤਯਾਬ ਕਰਕੇ ਘਰ ਭੇਜਣ ਲਈ ਜੁੱਟੀ ਹੋਈ ਹੈ। ਇਸ ਮੌਕੇ ਡਾ. ਰਣਜੀਤ ਸਿੰਘ ਰਾਏ, ਡਾ. ਪੰਕਜ, ਸਮਾਜ ਸੇਵੀ ਤਰਸੇਮ ਪਸਰੀਚਾ ਤੋ ਇਲਾਵਾ ਸਿਹਤ ਵਿਭਾਗ ਦੀ ਟੀਮ ਦੇ ਮੈਂਬਰ ਵੀ ਹਾਜ਼ਰ ਸਨ।


author

Shyna

Content Editor

Related News