ਸਿਵਲ ਸਰਜਨ ਦੀ ਮਾਹਿਲਪੁਰ ਹਸਪਤਾਲ ''ਚ ਦਸਤਕ: ਸਿਹਤ ਸੇਵਾਵਾਂ ਤੇ ਪ੍ਰਬੰਧਾਂ ਦੀ ਬਾਰੀਕੀ ਨਾਲ ਕੀਤੀ ਜਾਂਚ

Saturday, May 30, 2026 - 06:57 AM (IST)

ਸਿਵਲ ਸਰਜਨ ਦੀ ਮਾਹਿਲਪੁਰ ਹਸਪਤਾਲ ''ਚ ਦਸਤਕ: ਸਿਹਤ ਸੇਵਾਵਾਂ ਤੇ ਪ੍ਰਬੰਧਾਂ ਦੀ ਬਾਰੀਕੀ ਨਾਲ ਕੀਤੀ ਜਾਂਚ

ਹੁਸ਼ਿਆਰਪੁਰ/ਮਾਹਿਲਪੁਰ (ਘੁੰਮਣ, ਜਸਵੀਰ) : ਡਾ. ਮਨਦੀਪ ਕਮਲ, ਸਿਵਲ ਸਰਜਨ ਹੁਸ਼ਿਆਰਪੁਰ ਵੱਲੋਂ ਕਮਿਊਨਿਟੀ ਹੈਲਥ ਸੈਂਟਰ (ਸੀ. ਐੱਚ. ਸੀ.) ਮਾਹਿਲਪੁਰ ਦਾ ਅਚਾਨਕ ਦੌਰਾ ਕਰ ਕੇ ਹਸਪਤਾਲ ’ਚ ਚੱਲ ਰਹੀਆਂ ਸਿਹਤ ਸੇਵਾਵਾਂ, ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਅਤੇ ਪ੍ਰਬੰਧਾਂ ਦਾ ਵਿਸਥਾਰ ਨਾਲ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਦੇ ਹੋਏ ਸਮੂਹ ਸਟਾਫ਼ ਨੂੰ ਸਿਹਤ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਦੌਰੇ ਦੀ ਸ਼ੁਰੂਆਤ ਦੌਰਾਨ ਡਾ. ਮਨਦੀਪ ਕਮਲ ਵੱਲੋਂ ਲੇਬਰ ਰੂਮ ਦਾ ਨਿਰੀਖਣ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਜੱਚਾ-ਬੱਚਾ ਸਿਹਤ ਸੇਵਾਵਾਂ, ਉਪਲਬਧ ਮੈਡੀਕਲ ਉਪਕਰਣਾਂ, ਦਵਾਈਆਂ ਅਤੇ ਸਫ਼ਾਈ ਪ੍ਰਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਨੇ ਸਬੰਧਤ ਸਟਾਫ਼ ਨੂੰ ਸਖ਼ਤ ਹਦਾਇਤ ਕੀਤੀ ਕਿ ਗਰਭਵਤੀ ਮਹਿਲਾਵਾਂ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ’ਚ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਸਮੇਂ ਐਮਰਜੈਂਸੀ ਸੇਵਾਵਾਂ ਲਈ ਪੂਰੀ ਤਿਆਰੀ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ : ਲੁਧਿਆਣਾ 'ਚ ਖੌਫ਼ਨਾਕ ਵਾਰਦਾਤ! ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਚਾਕੂ ਦੀ ਨੋਕ 'ਤੇ ਮੁਟਿਆਰ ਤੋਂ ਖੋਹਿਆ ਬੈਗ

ਇਸ ਉਪਰੰਤ ਸਿਵਲ ਸਰਜਨ ਵੱਲੋਂ ਐਮਰਜੈਂਸੀ ਸੇਵਾਵਾਂ ਅਤੇ ਮਾਈਨਰ ਆਪ੍ਰੇਸ਼ਨ ਥੀਏਟਰ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਨੂੰ ਹਦਾਇਤ ਕੀਤੀ ਕਿ ਐਮਰਜੈਂਸੀ ’ਚ ਆਉਣ ਵਾਲੇ ਮਰੀਜ਼ਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਕਿਸੇ ਵੀ ਮਰੀਜ਼ ਨੂੰ ਬਿਨਾਂ ਵਜ੍ਹਾ ਇਲਾਜ ਲਈ ਉਡੀਕ ਨਾ ਕਰਨੀ ਪਵੇ। ਡਾ. ਮਨਦੀਪ ਕਮਲ ਨੇ ਹਸਪਤਾਲ ਦੀ ਲੈਬੋਰਟਰੀ ਦਾ ਵੀ ਨਿਰੀਖਣ ਕੀਤਾ ਅਤੇ ਵੱਖ-ਵੱਖ ਟੈਸਟਾਂ ਦੀ ਗੁਣਵੱਤਾ, ਸਫ਼ਾਈ ਅਤੇ ਰਿਕਾਰਡ ਦੀ ਸਾਂਭ-ਸੰਭਾਲ ਦੀ ਜਾਂਚ ਕੀਤੀ। ਉਨ੍ਹਾਂ ਨੇ ਕਿਹਾ ਕਿ ਲੈਬ ਵਿੱਚ ਹੋਣ ਵਾਲੇ ਟੈਸਟ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਕੀਤੇ ਜਾਣ ਤਾਂ ਜੋ ਮਰੀਜ਼ਾਂ ਨੂੰ ਸਹੀ ਅਤੇ ਤੇਜ਼ ਰਿਪੋਰਟਾਂ ਮਿਲ ਸਕਣ। ਇਸ ਮੌਕੇ ਉਨ੍ਹਾਂ ਵੱਲੋਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰ ਕੇ ਦਾਖਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ ਗਈ। 

ਡਾ. ਮਨਦੀਪ ਕਮਲ ਨੇ ਹਸਪਤਾਲ ’ਚ ਸਫ਼ਾਈ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਹਸਪਤਾਲ ਦੀ ਸਫ਼ਾਈ ਮਿਆਰੀ ਸਿਹਤ ਸੇਵਾਵਾਂ ਦਾ ਇਕ ਅਹਿਮ ਹਿੱਸਾ ਹੈ। ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਅਤੇ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ ਕਿ ਹਸਪਤਾਲ ਦੇ ਹਰ ਵਾਰਡ, ਟਾਇਲਟ, ਕੌਰੀਡੋਰ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਨਿਯਮਿਤ ਸਫ਼ਾਈ ਯਕੀਨੀ ਬਣਾਈ ਜਾਵੇ ਤਾਂ ਜੋ ਇਨਫੈਕਸ਼ਨ ਦੇ ਖ਼ਤਰੇ ਨੂੰ ਘਟਾਇਆ ਜਾ ਸਕੇ। ਉਨ੍ਹਾਂ ਨੇ ਹਸਪਤਾਲ ’ਚ ਦਵਾਈਆਂ ਦੇ ਸਟਾਕ ਦੀ ਵੀ ਜਾਂਚ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਜ਼ਰੂਰੀ ਦਵਾਈਆਂ ਹਰ ਸਮੇਂ ਉਪਲਬਧ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਦਵਾਈ ਲਈ ਬਾਹਰ ਨਾ ਭੇਜਿਆ ਜਾਵੇ, ਕਿਉਂਕਿ ਲੋਕਾਂ ਨੂੰ ਸਰਕਾਰੀ ਹਸਪਤਾਲਾਂ ’ਚ ਵਧੀਆ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਖ ਪਹਿਲ ਹੈ।

ਇਹ ਵੀ ਪੜ੍ਹੋ : ਲਾਲੂ ਪਰਿਵਾਰ ਨੂੰ ਵੱਡਾ ਝਟਕਾ: '10 ਸਰਕੂਲਰ ਰੋਡ' ਬੰਗਲਾ ਖਾਲੀ ਕਰਨ ਦਾ ਨੋਟਿਸ ਜਾਰੀ

ਮੌਸਮ ’ਚ ਲਗਾਤਾਰ ਵੱਧ ਰਹੀ ਭਿਆਨਕ ਗਰਮੀ ਨੂੰ ਦੇਖਦੇ ਹੋਏ ਡਾ. ਮਨਦੀਪ ਕਮਲ ਨੇ ਹੀਟ ਵੇਵ (ਲੂ) ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦੁਪਹਿਰ ਸਮੇਂ ਕੜਕਦੀ ਧੁੱਪ ’ਚ ਬਾਹਰ ਜਾਣ ਤੋਂ ਬਚਣ, ਵੱਧ ਤੋਂ ਵੱਧ ਪਾਣੀ ਪੀਣ, ਹਲਕੇ ਸੂਤੀ ਕੱਪੜੇ ਪਹਿਨਣ ਅਤੇ ਬੱਚਿਆਂ ਤੇ ਬਜ਼ੁਰਗਾਂ ਦਾ ਖ਼ਾਸ ਧਿਆਨ ਰੱਖਣ ਬਾਰੇ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕਰਨ ਲਈ ਵੀ ਵਿਸ਼ੇਸ਼ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਐਂਟੀ-ਲਾਰਵਾ ਟੀਮਾਂ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਜਾਵੇ ਅਤੇ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਕੂਲਰਾਂ, ਗਮਲਿਆਂ, ਫਰਿੱਜ ਦੀਆਂ ਵੇਸਟ ਟਰੇਆਂ ਅਤੇ ਹੋਰ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਨਿਯਮਿਤ ਸਫ਼ਾਈ ਬਹੁਤ ਜ਼ਰੂਰੀ ਹੈ ਤਾਂ ਜੋ ਡੇਂਗੂ ਮੱਛਰ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News