ਸਿਵਲ ਸਰਜਨ ਵੱਲੋਂ ਬਟਾਲਾ ਦੇ ਨਸ਼ਾ ਛੁਡਾਊ ਕੇਂਦਰਾਂ ਤੇ ਸਿਵਲ ਹਸਪਤਾਲ ਦਾ ਦੌਰਾ

Friday, Nov 10, 2017 - 12:37 AM (IST)

ਸਿਵਲ ਸਰਜਨ ਵੱਲੋਂ ਬਟਾਲਾ ਦੇ ਨਸ਼ਾ ਛੁਡਾਊ ਕੇਂਦਰਾਂ ਤੇ ਸਿਵਲ ਹਸਪਤਾਲ ਦਾ ਦੌਰਾ

ਬਟਾਲਾ,  (ਬੇਰੀ, ਸੈਂਡੀ, ਸਾਹਿਲ)–  ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਵੱਲੋਂ ਅੱਜ ਬਟਾਲਾ ਵਿਖੇ ਚੱਲ ਰਹੇ ਪ੍ਰਾਈਵੇਟ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਗਿਆ। 
ਇਸ ਮੌਕੇ ਮਾਤਾ ਸੁਲੱਖਣੀ ਸਿਵਲ ਹਸਪਤਾਲ ਬਟਾਲਾ ਦੇ ਐੱਸ. ਐੱਮ. ਓ. ਡਾ. ਸੰਜੀਵ ਭੱਲਾ ਅਤੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਬਰਿੰਦਰ ਸਿੰਘ ਵੀ ਹਾਜ਼ਰ ਸਨ। ਆਪਣੇ ਦੌਰੇ ਦੌਰਾਨ ਸਿਵਲ ਸਰਜਨ ਡਾ. ਕਿਸ਼ਨ ਚੰਦ ਨੇ ਨਸ਼ਾ ਛੁਡਾਊ ਕੇਂਦਰ ਦਾ ਓ. ਪੀ. ਡੀ. ਰਿਕਾਰਡ, ਦਵਾਈਆਂ ਦਾ ਰਿਕਾਰਡ ਆਦਿ ਚੈੱਕ ਕਰਨ ਤੋਂ ਇਲਾਵਾ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ। ਸੰਜੀਵਨੀ ਨਸ਼ਾ ਛੁਡਾਊ ਕੇਂਦਰ ਦੇ ਡਾਇਰੈਕਟਰ ਅਸ਼ੀਸ਼ ਪ੍ਰਭਾਕਰ ਨੇ ਸਿਵਲ ਸਰਜਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਵੱਲੋਂ ਨਸ਼ੇ ਦੀ ਆਦਤ ਦੇ ਸ਼ਿਕਾਰ ਵਿਅਕਤੀਆਂ ਦਾ ਇਸ ਲਾਹਨਤ ਤੋਂ ਛੁਟਕਾਰਾ ਦਿਵਾਉਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਲਾਜ ਕੀਤਾ ਜਾ ਰਿਹਾ ਹੈ। 
ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ 'ਚ ਨੌਜਵਾਨ ਨਸ਼ੇ ਛੱਡ ਕੇ ਆਮ ਜ਼ਿੰਦਗੀ ਜੀਅ ਰਹੇ ਹਨ ਜੋ ਕਿ ਉਨ੍ਹਾਂ ਦੇ ਨਸ਼ਾ ਛੁਡਾਊ ਕੇਂਦਰ ਦੀ ਵੱਡੀ ਕਾਮਯਾਬੀ ਹੈ। ਉਪਰੰਤ ਸਿਵਲ ਸਰਜਨ ਡਾ. ਕਿਸ਼ਨ ਚੰਦ ਵੱਲੋਂ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਸਿਵਲ ਹਸਪਤਾਲ ਬਟਾਲਾ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਫਤਰੀ ਰਿਕਾਰਡ ਨੂੰ ਚੈੱਕ ਕਰਨ ਤੋਂ ਇਲਾਵਾ ਮਰੀਜ਼ਾਂ ਨੂੰ ਮਿਲ ਰਹੀਆਂ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਵੀ ਲਿਆ। ਨਸ਼ਾ ਛੁਡਾਊ ਕੇਂਦਰਾਂ ਅਤੇ ਹਸਪਤਾਲ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ 'ਤੇ ਉਨ੍ਹਾਂ ਤਸੱਲੀ ਜ਼ਾਹਰ ਕਰਦਿਆਂ ਸਟਾਫ ਨੂੰ ਹੋਰ ਮਿਹਨਤ ਤੇ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਕਰਨ ਦੀ ਗੱਲ ਕਹੀ। 
ਇਸ ਮੌਕੇ ਸਿਵਲ ਸਰਜਨ ਡਾ. ਕਿਸ਼ਨ ਚੰਦ ਨੇ ਦੱਸਿਆ ਕਿ ਉਨ੍ਹਾਂ ਦੇ ਦੌਰੇ ਦਾ ਮਕਸਦ ਇਹ ਪਤਾ ਕਰਨਾ ਸੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਹੇਠਲੇ ਪੱਧਰ ਤੱਕ ਪਹੁੰਚ ਰਹੀਆਂ ਹਨ ਜਾਂ ਨਹੀਂ। ਉਨ੍ਹਾਂ ਕਿਹਾ ਕਿ ਨਿੱਜੀ ਨਸ਼ਾ ਛੁਡਾਊ ਕੇਂਦਰ, ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਸਿਵਲ ਹਸਪਤਾਲ ਵਿਚ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ ਵੱਲੋਂ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਦੇ ਪੂਰੇ ਯਤਨ ਕੀਤੇ ਜਾ ਰਹੇ ਹਨ। 


Related News