ਡੇਰਾ ਬਿਆਸ ਦੀ ਘਟਨਾ ’ਤੇ ਬੋਲੇ ADGP ਅਰਪਿਤ ਸ਼ੁਕਲਾ, ਲੋਕਾਂ ਨੂੰ ਕੀਤੀ ਅਪੀਲ
Monday, Sep 05, 2022 - 05:55 PM (IST)
ਅੰਮ੍ਰਿਤਸਰ/ਜਲੰਧਰ (ਵੈੱਬ ਡੈਸਕ)— ਡੇਰਾ ਬਿਆਸ ਦੇ ਸਮਰਥਕਾਂ ਅਤੇ ਨਿਹੰਗ ਸਿੰਘਾਂ ਵਿਚਾਲੇ ਵਾਪਰੀ ਘਟਨਾ ’ਤੇ ਏ. ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਉਨ੍ਹਾਂ ਕਿਹਾ ਕਿ ਬਿਆਸ ਘਟਨਾ ਦੀ ਜਾਂਚ ਚੱਲ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਥੇ ਹੀ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਦੋਵੇਂ ਧਿਰਾਂ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਦੋਵੇਂ ਧਿਰਾਂ ਇਕ-ਦੂਜੇ ’ਤੇ ਇਲਜ਼ਾਮ ਲਗਾ ਰਹੀਆਂ। ਦੋਵੇਂ ਧਿਰਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਜਾਂਚ ਕਰਨ ਉਪਰੰਤ ਹੀ ਜੋ ਜਾਇਜ਼ ਕਾਨੂੰਨੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ. ਐੱਸ. ਪੀ. ਸਵਪਣ ਸ਼ਰਮਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਬਾਬਾ ਸੋਢਲ ਜੀ ਦੇ ਮੇਲੇ ਮੌਕੇ ਇਸ ਦਿਨ ਜਲੰਧਰ ’ਚ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰਿਆਂ ’ਚ ਰਹੇਗੀ ਛੁੱਟੀ
ਉਨ੍ਹਾਂ ਕਿਹਾ ਕਿ ਕੱਲ੍ਹ ਹੋਈ ਝੜਪ ਦੌਰਾਨ ਸਭ ਤੋਂ ਪਹਿਲਾਂ ਪੁਲਸ ਨੇ ਮੁਸਤੈਦੀ ਵਿਖਾਉਂਦੇ ਹੋਏ ਦੋਵੇਂ ਧਿਰਾਂ ਨੂੰ ਵੱਖ ਕੀਤਾ ਅਤੇ ਮਾਮਲਾ ਸ਼ਾਂਤ ਕਰਵਾਇਆ ਗਿਆ, ਨਹੀਂ ਤਾਂ ਬਹੁਤ ਵੱਡਾ ਨੁਕਸਾਨ ਹੋ ਸਕਦਾ ਸੀ। ਇਸ ਮਾਮਲੇ ’ਚ ਬਹੁਤ ਸਾਰੇ ਲੋਕਾਂ ਦੇ ਬਿਆਨ ਲਿਖੇ ਗਏ ਹਨ ਅਤੇ ਬਿਆਨਾਂ ਦੇ ਆਧਾਰ ’ਤੇ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਦਾ ਮਾਮਲਾ ਹੈ, ਡੇਰਾ ਸਮਰੱਥਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪਹਿਲਾਂ ਨਿਹੰਗ ਸਿੰਘ ਗਊਆਂ ਨੂੰ ਲੈ ਕੇ ਉਨ੍ਹਾਂ ਦੀ ਜ਼ਮੀਨ ਵੱਲ ਆਏ ਸਨ ਜਦਕਿ ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਪਹਿਲਾਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਹੈ, ਇਸ ਦੇ ਬਾਅਦ ਹੀ ਸਾਰਾ ਮਾਮਲਾ ਝੜਪ ਤੱਕ ਪੁੱਜਾ ਹੈ।
ਇਹ ਵੀ ਪੜ੍ਹੋ: ਬਿਜਲੀ ਬੱਚਤ ਦਾ ਸਰਕਾਰ ਨੇ ਲੱਭਿਆ ਨਵਾਂ ਢੰਗ, ਇਨ੍ਹਾਂ ਖ਼ਪਤਕਾਰਾਂ ਦਾ ਹੁਣ ਆਇਆ ਕਰੇਗਾ 1 ਮਹੀਨੇ ਦਾ ਬਿੱਲ
ਅਰਪਿਤ ਸ਼ੁਕਲਾ ਨੇ ਦੱਸਿਆ ਕਿ ਡੇਰਾ ਸਮੱਰਥਕਾਂ ਅਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਝੜਪ ਦੌਰਾਨ 10 ਲੋਕ ਜ਼ਖ਼ਮੀ ਹੋਏ ਹਨ ਅਤੇ ਕੁਝ ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਇਸ ਦੇ ਨਾਲ ਹੀ ਜਿੱਥੇ ਪੁਲਸ ਮੁਲਾਜ਼ਮਾਂ ਦੀਆਂ 2 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ, ਉਥੇ ਹੀ ਰਾਹਗੀਰਾਂ ਦੀਆਂ ਗੱਡੀਆਂ ਵੀ ਨੁਕਸਾਨੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਕੰਟਰੋਲ ’ਚ ਹੈ ਅਤੇ ਹਾਲਾਤ ਵੀ ਸ਼ਾਂਤੀਪੂਰਵਕ ਬਣੇ ਹੋਏ ਹਨ। ਮੌਕੇ ’ਤੇ ਵੱਡੀ ਗਿਣਤੀ ’ਚ ਪੁਲਸ ਫ਼ੋਰਸ ਦੀ ਤਾਇਨਾਤੀ ਕੀਤੀ ਗਈ ਹੈ। ਟ੍ਰੈਫਿਕ ਵੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਇਸ ਦੇ ਨਾਲ ਹੀ ਅਰਪਿਤ ਸ਼ੁਕਲਾ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਸੋਸ਼ਲ ਮੀਡੀਆ ’ਤੇ ਅਫ਼ਵਾਹ ਫੈਲਦੀ ਹੈ ਤਾਂ ਉਸ ’ਤੇ ਭਰੋਸਾ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ ਲੱਗਣਗੇ ਸਮਾਰਟ ਬਿਜਲੀ ਮੀਟਰ, ਸਰਕਾਰੀ ਦਫ਼ਤਰਾਂ ਤੇ ਮੁਲਾਜ਼ਮਾਂ ਦੇ ਘਰਾਂ ਤੋਂ ਹੋਵੇਗੀ ਸ਼ੁਰੂੂਆਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ