ਭ੍ਰਿਸ਼ਟਾਚਾਰ ਖ਼ਿਲਾਫ਼ ਸਰਕਾਰ ਦੀ ਨੀਤੀ ਨਾਕਾਮ, ਬਠਿੰਡਾ RTO ''ਚ ਰਿਸ਼ਵਤ ਲੈਂਦਾ ਕਲਰਕ ਗ੍ਰਿਫ਼ਤਾਰ

Monday, Feb 02, 2026 - 05:41 PM (IST)

ਭ੍ਰਿਸ਼ਟਾਚਾਰ ਖ਼ਿਲਾਫ਼ ਸਰਕਾਰ ਦੀ ਨੀਤੀ ਨਾਕਾਮ, ਬਠਿੰਡਾ RTO ''ਚ ਰਿਸ਼ਵਤ ਲੈਂਦਾ ਕਲਰਕ ਗ੍ਰਿਫ਼ਤਾਰ

ਬਠਿੰਡਾ (ਵਿਜੈ ਵਰਮਾ) : ਪੰਜਾਬ ਸਰਕਾਰ ਵੱਲੋਂ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਭ੍ਰਿਸ਼ਟਾਚਾਰ ਖ਼ਤਮ ਕਰਨ ਦਾ ਦਾਅਵਾ ਕੀਤਾ ਗਿਆ ਸੀ ਪਰ ਤਾਜ਼ਾ ਮਾਮਲੇ ਨੇ ਇਸ ਦਾਅਵੇ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਅੱਜ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ (ਆਰ. ਟੀ. ਓ.) 'ਚ ਤਾਇਨਾਤ ਇੱਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਡੇਵਿਡ ਕੁਮਾਰ ਵਜੋਂ ਹੋਈ ਹੈ, ਜੋ ਟਰਾਂਸਪੋਰਟ ਵਿਭਾਗ 'ਚ ਕਲਰਕ ਦੇ ਅਹੁਦੇ ‘ਤੇ ਤਾਇਨਾਤ ਸੀ। ਵਿਜੀਲੈਂਸ ਬਿਊਰੋ ਨੂੰ ਇਸ ਸਬੰਧੀ ਰਾਜੀਵ ਕੁਮਾਰ ਨਾਮਕ ਵਿਅਕਤੀ ਵੱਲੋਂ ਸ਼ਿਕਾਇਤ ਮਿਲੀ ਸੀ। ਸ਼ਿਕਾਇਤਕਰਤਾ ਮੁਤਾਬਕ ਦੋਸ਼ੀ ਕਲਰਕ ਵਾਹਨ ਸਬੰਧੀ ਫ਼ਾਈਲਾਂ ਮਨਜ਼ੂਰ ਕਰਵਾਉਣ ਦੇ ਬਦਲੇ ਲਗਾਤਾਰ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਅਤੇ ਜਾਣ-ਬੁੱਝ ਕੇ ਕੰਮ ਵਿੱਚ ਅੜਚਣਾਂ ਪਾ ਰਿਹਾ ਸੀ।
ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਟੀਮ ਨੇ ਯੋਜਨਾਬੱਧ ਢੰਗ ਨਾਲ ਜਾਲ ਵਿਛਾਇਆ ਅਤੇ ਮੰਗਲਵਾਰ ਦੁਪਹਿਰ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ 'ਚ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਡੇਵਿਡ ਕੁਮਾਰ ਨੂੰ 2700 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ 'ਚ ਵਿਭਾਗ ਦੇ ਕਿਸੇ ਹੋਰ ਅਧਿਕਾਰੀ ਜਾਂ ਕਰਮਚਾਰੀ ਦੀ ਭੂਮਿਕਾ ਤਾਂ ਨਹੀਂ। ਇਸ ਕਾਰਵਾਈ ਤੋਂ ਬਾਅਦ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ 'ਚ ਹੜਕੰਪ ਮਚ ਗਿਆ। 
 


author

Babita

Content Editor

Related News