ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਵੱਲੋਂ ਸਿਹਤ ਸੇਵਾਵਾਂ ਬੰਦ ਰੱਖਣ ਦਾ ਐਲਾਨ
Wednesday, Dec 10, 2025 - 11:58 AM (IST)
ਬਠਿੰਡਾ (ਸੁਖਵਿੰਦਰ) : ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਸਿਹਤ ਵਿਭਾਗ 'ਚ ਆਊਟਸੋਰਸ ’ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ 10 ਦਸੰਬਰ ਤੋਂ ਸਿਹਤ ਸੇਵਾਵਾਂ ਬੰਦ ਕਰ ਕੇ ਸਿਵਲ ਸਰਜਨ ਦਫ਼ਤਰ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਨੇ ਕਿਹਾ ਕਿ 10 ਹਜ਼ਾਰ ਦੀ ਨੌਕਰੀ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਪਿਛਲੇ ਮਹੀਨਿਆਂ ਦੀ ਤਨਖ਼ਾਹ ਜਾਰੀ ਨਹੀ ਕੀਤਾ ਗਈ। ਇਸ ਕਾਰਨ ਉਨ੍ਹਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਹ ਇਕ ਪਾਸੇ ਸਰਕਾਰ ਵੱਲੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਸਰੇ ਪਾਸੇ ਗਰੀਬ ਮੁਲਾਜ਼ਮਾਂ ਦੇ ਹੱਕਾ ਨੂੰ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤੁਰੰਤ ਸਿਹਤ ਵਿਭਾਗ ’ਚ ਕੰਮ ਕਰਦੇ ਮੁਲਾਜ਼ਮਾਂ ਦੀਆ ਰੁਕੀਆ ਤਨਖ਼ਾਹਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਤੁਰੰਤ ਉਨ੍ਹਾਂ ਦੀਆਂ ਤਨਖ਼ਾਹਾਂ ਨੂੰ ਜਾਰੀ ਨਾ ਕੀਤਾ ਗਿਆ ਤਾਂ ਉਹ 10 ਦਸੰਬਰ ਨੂੰ ਕੰਮ ਬੰਦ ਕਰਦੇ ਸਿਵਲ ਸਰਜਨ ਦਫ਼ਤਰ ਸਾਹਮਣੇ ਧਰਨਾ ਦੇਣਗੇ ਅਤੇ ਜੱਥੇਬੰਦੀ ਨੂੰ ਬਾਕੀ ਜ਼ਿਲ੍ਹਿਆਂ ਦਾ ਕੰਮ ਬੰਦ ਕਰ ਕੇ ਸਿਵਲ ਹਸਪਤਾਲ ਬਠਿੰਡਾ ਵਿਖੇ ਪੰਜਾਬ ਪੱਧਰ ਦਾ ਇਕੱਠ ਕਰਨ ਲਈ ਮਜਬੂਰ ਹੋਵੇਗੀ।
