ਪੰਜਾਬ ''ਚ ਖੁੱਲਣਗੇ ਨਿਵੇਸ਼ ਦੇ ਨਵੇਂ ਰਾਹ, ਮੁੱਖ ਮੰਤਰੀ ਨੇ ਦੱਸੀ ਇਹ ਯੋਜਨਾ

Friday, Nov 22, 2019 - 12:44 AM (IST)

ਪੰਜਾਬ ''ਚ ਖੁੱਲਣਗੇ ਨਿਵੇਸ਼ ਦੇ ਨਵੇਂ ਰਾਹ, ਮੁੱਖ ਮੰਤਰੀ ਨੇ ਦੱਸੀ ਇਹ ਯੋਜਨਾ

ਜਲੰਧਰ,(ਧਵਨ): ਰਾਜ ਸਰਕਾਰ ਵੱਲੋਂ ਪੰਜਾਬ ਨਿਵੇਸ਼ਕਾਰ ਸਿਖਰ ਸੰਮੇਲਨ ਦਾ ਆਯੋਜਨ 5 ਤੇ 6 ਦਸੰਬਰ ਨੂੰ ਮੋਹਾਲੀ 'ਚ ਕੀਤਾ ਜਾ ਰਿਹਾ ਹੈ, ਜਿਸ ਦੇ ਜ਼ਰੀਏ ਰਾਜ 'ਚ ਪੂੰਜੀ ਨਿਵੇਸ਼ ਦੇ ਨਵੇਂ ਰਾਹ ਖੁੱਲ੍ਹਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਰਾਜ 'ਚ ਪੂੰਜੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਲਈ ਕੌਮਾਂਤਰੀ ਸਨਅਤੀ ਆਗੂਆਂ ਨੂੰ ਇਕ ਮੰਚ 'ਤੇ ਇਕੱਠੇ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਰਾਜ ਸਰਕਾਰ ਵੱਲੋਂ ਪੰਜਾਬ 'ਚ ਪੂੰਜੀ ਨਿਵੇਸ਼ ਕਰਨ ਦੇ ਬਿਹਤਰੀਨ ਅਵਸਰ ਮੁਹੱਈਆ ਕਰਵਾਏ ਜਾਣਗੇ। ਇਸ ਲਈ ਉਨ੍ਹਾਂ ਨੇ ਸਨਅਤਕਾਰਾਂ ਨੂੰ ਇਸ ਮੈਗਾ ਈਵੈਂਟ ਦਾ ਹਿੱਸਾ ਬਣਨ ਲਈ ਵਧ-ਚੜ੍ਹ ਕੇ ਭਾਗ ਲੈਣ ਦਾ ਹੋਕਾ ਦਿੱਤਾ। ਉਨ੍ਹਾਂ ਕਿਹਾ ਕਿ ਨਿਵੇਸ਼ਕਾਰ ਸਿਖਰ ਸੰਮੇਲਨ ਦਾ ਮੁੱਖ ਮੰਤਵ ਦੇਸ਼-ਵਿਦੇਸ਼ ਦੇ ਵੱਡੇ ਅਤੇ ਦਰਮਿਆਨੇ ਸਨਅਤਕਾਰਾਂ ਨੂੰ ਇਹ ਦੱਸਣਾ ਹੈ ਕਿ ਰਾਜ ਸਰਕਾਰ ਉਨ੍ਹਾਂ ਨੂੰ ਨਵੇਂ ਨਿਵੇਸ਼ ਦੇ ਲਈ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹੈ। ਇਸ ਲਈ ਰਾਜ ਦੇ ਹਾਲਾਤ ਨੂੰ ਵੇਖਦਿਆਂ ਕੰਪਨੀਆਂ ਨੂੰ ਪੂੰਜੀ ਨਿਵੇਸ਼ ਲਈ ਅੱਗੇ ਆਉਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਸਰਕਾਰ ਵੱਲੋਂ ਨਿਵੇਸ਼ਕਾਰ ਸਿਖਰ ਸੰਮੇਲਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਬੰਧ 'ਚ ਸੀਨੀਅਰ ਮੰਤਰੀਆਂ ਵੱਲੋਂ ਦਿੱਲੀ, ਮੁੰਬਈ ਅਤੇ ਹੋਰਨਾਂ ਥਾਵਾਂ 'ਤੇ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿਖਰ ਸਮੇਲਨ ਦਾ ਟੀਚਾ ਸਨਅਤਾਂ ਨੂੰ ਸੂਬੇ ਦੇ ਹਾਲਾਤ ਦੀ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਪਹਿਲੇ ਦੋ ਸਾਲਾਂ ਦੌਰਾਨ 50,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਨੂੰ ਹਰੀ ਝੰਡੀ ਮਿਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿਖਰ ਸੰਮੇਲਨ 'ਚ ਵੱਡੇ ਸਨਅਤਕਾਰਾਂ ਨੂੰ ਖੁੱਲ੍ਹ ਕੇ ਆਪਣੇ ਵਿਚਾਰ ਰੱਖਣ ਦਾ ਮੌਕਾ ਦਿੱਤਾ ਜਾਵੇਗਾ। ਸਰਕਾਰ ਉਨ੍ਹਾਂ ਦੀਆਂ ਗੱਲਾਂ ਨੂੰ ਸੁਣੇਗੀ ਅਤੇ ਮਗਰੋਂ ਉਸ ਦੇ ਅਨੁਸਾਰ ਜ਼ਰੂਰਤ ਪੈਣ 'ਤੇ ਨੀਤੀਆਂ 'ਚ ਸੋਧ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਿਖਰ ਸੰਮੇਲਨ ਪੰਜਾਬ ਦੇ ਸਨਅਤੀ ਵਿਕਾਸ 'ਚ ਇਕ ਨਵਾਂ ਮੀਲ ਪੱਥਰ ਸਾਬਿਤ ਹੋਣ ਜਾ ਰਿਹਾ ਹੈ।


Related News