ਮੁੱਖ ਮੰਤਰੀ ਵੱਲੋਂ ਸਰਕਾਰੀ ਨੌਕਰੀਆਂ ਦੇਣ ਦਾ ਦਾਅਵਾ ਝੂਠਾ : ਕਾਲੀਆ
Friday, Oct 16, 2020 - 12:58 AM (IST)
ਜਲੰਧਰ, (ਗੁਲਸ਼ਨ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸਾਬਕਾ ਪ੍ਰਧਾਨ ਮਨੋਰੰਜਨ ਕਾਲੀਆ ਨੇ ਸਾਲ 2020-2021 ਵਿਚ ਕੈਪਟਨ ਅਮਰਿੰਦਰ ਸਿੰਘ ਦੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਦਾਅਵੇ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ ਨੌਕਰੀਆਂ ਦੇਣ ਦੇ ਸਾਰੇ ਦਾਅਵੇ ਝੂਠੇ ਹਨ ਕਿਉਂਕਿ ਮੁੱਖ ਮੰਤਰੀ ਵਾਅਦਾ ਕਰਦੇ ਤਾਂ ਜ਼ਰੂਰ ਹਨ ਪਰ ਤੋੜਨ ਲਈ।
ਕਾਲੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਵੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦਿਆਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ ਕਿਉਂਕਿ 2017 ਦੇ ਚੋਣ ਮੈਨੀਫੈਸਟੋ ਵਿਚ ਕਾਂਗਰਸ ਵੱਲੋਂ ਕੀਤੇ ਬਹੁਤੇ ਵਾਅਦੇ ਫੋਕੇ ਸਾਬਤ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਕੀਤਾ ਵਾਅਦਾ ਵੀ ਪੂਰਾ ਨਹੀਂ ਕੀਤਾ। ਕਾਂਗਰਸ ਸਰਕਾਰ ਕੋਲ ਹੁਣ ਕੁਝ ਕੁ ਮਹੀਨੇ ਬਾਕੀ ਹਨ। ਅਜਿਹੀ ਸਥਿਤੀ ਵਿਚ ਨੌਜਵਾਨਾਂ ਨੂੰ ਇਕ ਲੱਖ ਨੌਕਰੀਆਂ ਦੇਣ ਦਾ ਵਾਅਦਾ ਪੂਰਾ ਹੋਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ।
ਸਾਬਕਾ ਮੰਤਰੀ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਚਮੁੱਚ ਨੌਜਵਾਨਾਂ ਨੂੰ ਨੌਕਰੀਆਂ ਦੇਣ ਪ੍ਰਤੀ ਗੰਭੀਰ ਹਨ, ਤਾਂ ਪਹਿਲਾਂ ਕੱਚੇ ਭਰਤੀ ਕੀਤੇ ਸਰਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ।