ਰਾਜਨਾਥ ਨੂੰ ਮਿਲੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ

04/20/2018 11:09:00 AM

ਨਵੀਂ ਦਿੱਲੀ/ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੰਜਾਬ 'ਚ ਮੁੜ ਸਿਰ ਚੁੱਕ ਰਹੇ ਕੱਟੜਵਾਦ ਨਾਲ ਨਜਿੱਠਣ ਲਈ ਵਿਆਪਕ ਰਣਨੀਤੀ ਉਲੀਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸੂਬੇ ਦੀ ਸ਼ਾਂਤੀ ਅਤੇ ਸਥਿਰਤਾ ਨੂੰ ਮੁੜ ਖਤਰਾ ਪੈਦਾ ਹੋ ਰਿਹਾ ਹੈ। ਗ੍ਰਹਿ ਮੰਤਰੀ ਨੇ ਮਾਡਰਨਾਈਜੇਸ਼ਨ ਆਫ ਪੁਲਸ ਫੋਰਸਿਜ਼ ਸਕੀਮ (ਐੱਮ.ਪੀ.ਐੱਫ. ਸਕੀਮ) ਅਧੀਨ ਪੰਜਾਬ ਦੀਆਂ ਮੰਗਾਂ 'ਤੇ ਗੌਰ ਕਰਨ ਪ੍ਰਤੀ ਸਹਿਮਤੀ ਦਾ ਪ੍ਰਗਟਾਵਾ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਇੱਥੇ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਉੱਭਰ ਰਹੇ ਕੱਟੜਵਾਦ ਨੂੰ ਠੱਲ੍ਹ ਪਾਉਣ ਲਈ ਇਕ ਵਿਆਪਕ ਰਣਨੀਤੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕੈਨੇਡਾ, ਇੰਗਲੈਂਡ, ਅਮਰੀਕਾ, ਇਟਲੀ, ਜਰਮਨੀ ਵਿਚ ਬੈਠੇ ਗਰਮਖਿਆਲੀਆਂ, ਜੋ ਪੰਜਾਬ 'ਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਲਈ ਸਰਗਰਮ ਹਨ, ਖਿਲਾਫ ਕਾਰਵਾਈ ਤੋਂ ਇਲਾਵਾ ਖੁਫੀਆ ਤੰਤਰ ਨੂੰ  ਹੋਰ ਮਜ਼ਬੂਤ ਕਰਨ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਕੀਤੀਆਂ ਜਾਂਦੀਆਂ ਗਤੀਵਿਧੀਆਂ, ਜਿਨ੍ਹਾਂ ਦਾ ਉਦੇਸ਼ ਸੂਬੇ ਦੀ ਸ਼ਾਂਤੀ 'ਤੇ ਸਥਿਰਤਾ ਭੰਗ ਕਰਨਾ ਹੈ, ਨੂੰ ਵੀ ਨੱਥ ਪਾਉਣ ਦੀ ਲੋੜ 'ਤੇ ਜ਼ੋਰ ਦਿੱਤਾ।
ਸੂਬੇ ਦੀਆਂ ਸੁਰੱਖਿਆ ਚਿੰਤਾਵਾਂ ਦੇ ਹਵਾਲੇ ਨਾਲ ਮੁੱਖ ਮੰਤਰੀ ਨੂੰ ਪੁਲਸ ਫੋਰਸ ਦੇ ਆਧੁਨਿਕੀਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ ਦੋਹਰਾਈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਅਤੇ 8 ਉੱਤਰੀ-ਪੂਰਬੀ ਰਾਜਾਂ ਦੀ ਤਰਜ 'ਤੇ ਐੱਮ.ਪੀ.ਐੱਫ. ਅਧੀਨ ਪੰਜਾਬ ਨੂੰ ਏ ਸ਼੍ਰੇਣੀ ਸੂਬੇ ਦਾ ਦਰਜਾ ਦੇ ਕੇ 90:10 ਕੇਂਦਰ-ਸੂਬਾ ਹਿੱਸੇਦਾਰੀ ਦੇ ਆਧਾਰ 'ਤੇ ਵਿੱਤੀ ਮਦਦ ਦਿੱਤੀ ਜਾਣੀ ਚਾਹੀਦੀ ਹੈ।