ਤਰਨਤਾਰਨ ਧਮਾਕਾ : ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਮਦਦ ਦੇਣ ਦਾ ਐਲਾਨ

02/08/2020 8:53:32 PM

ਜਲੰਧਰ, (ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ 'ਚ ਨਗਰ ਕੀਰਤਨ ਦੌਰਾਨ ਇਕ ਟਰਾਲੀ 'ਚ ਪਟਾਕਿਆਂ ਨਾਲ ਹੋਏ ਧਮਾਕੇ ਦੀ ਨਿਆਇਕ ਜਾਂਚ ਦੇ ਹੁਕਮ ਦੇ ਦਿੱਤੇ ਹਨ। ਜਿਸ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਦੋਂਕਿ 9 ਹੋਰ ਜ਼ਖਮੀ ਹੋ ਗਏ ਸਨ। ਮੁੱਖ ਮੰਤਰੀ ਨੇ ਘਟਨਾ 'ਤੇ ਡੂੰਗੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਤਰਨਤਾਰਨ ਦੇ ਉਪਮੰਡਲ ਮੈਜਿਸਟ੍ਰੇਟ (ਐੱਸ. ਡੀ. ਐੱਮ.) ਨੂੰ ਕਿਹਾ ਹੈ ਕਿ ਉਹ ਘਟਨਾ ਦੀ ਡੂੰਗਾਈ ਨਾਲ ਜਾਂਚ ਕਰਨ ਤਾਂ ਜੋ ਇਸ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ ਤੇ ਪੀੜਤਾਂ ਨੂੰ ਇਨਸਾਫ ਦਾ ਰਸਤਾ ਮਿਲ ਸਕੇ।

ਮੁੱਖ ਮੰਤਰੀ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮਦਦ ਦੇਣ ਤੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦੇ ਨਿਰਦੇਸ਼ ਜਾਰੀ ਕੀਤੇ, ਜਿਨ੍ਹਾਂ ਨੂੰ ਤਰਨਤਾਰਨ ਦੇ ਸਥਾਨਕ ਸਿਵਲ ਹਸਪਤਾਲ ਅਤੇ ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਜ਼ਖਮੀਆਂ ਨੂੰ ਬਿਹਤਰ ਤੋਂ ਬਿਹਤਰ ਇਲਾਜ ਦੀਆਂ ਸਹੂਲਤਾਂ ਦੇਣ। ਕੈਪਟਨ ਅਮਰਿੰਦਰ ਸਿੰਘ ਨੇ ਤਰਨਤਾਰਨ ਦੇ ਸਿਵਲ ਤੇ ਪੁਲਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੀੜਤਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ। ਤਰਨਤਾਰਨ ਦੇ ਐੱਸ. ਐੱਸ. ਪੀ. ਨੂੰ ਕਿਹਾ ਗਿਆ ਹੈ ਕਿ ਉਹ ਪੋਸਟਮਾਰਟਮ ਦੀ ਪ੍ਰਕਿਰਿਆ ਨੂੰ ਤੇਜੀ ਨਾਲ ਪੂਰੀ ਕਰਵਾਉਣ ਤਾਂ ਜੋ ਮ੍ਰਿਤਕਾਂ ਦੀ ਲਾਸ਼ਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਸੌਂਪਿਆ ਜਾ ਸਕੇ। ਤਰਨਤਾਰਨ ਪੁਲਸ ਥਾਣੇ ਦੇ ਕੋਲ ਪੈਂਦੇ ਡਾਲੀਕੇ ਮੋਰ ਦੇ ਕੋਲ ਟਰਾਲੀ 'ਚ ਪਟਾਕਿਆਂ 'ਚ ਧਮਾਕਾ ਹੋਇਆ ਸੀ। ਇਹ ਟਰਾਲੀ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਜਾ ਰਹੀ ਸੀ। ਐੱਸ. ਡੀ.ਐੱਮ. ਨੂੰ ਕਿਹਾ ਗਿਆ ਹੈ ਕਿ ਉਹ ਸਹੀ ਤੱਥਾਂ ਨੂੰ ਸਾਹਮਣੇ ਲਿਆਉਣ ਤਾਂ ਜੋ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
 


KamalJeet Singh

Content Editor

Related News