ਮੁੱਖ ਮੰਤਰੀ ਵਲੋਂ ਬਿਜਲੀ ਖਰੀਦ ਸਮਝੌਤਿਆਂ ਸਮੇਤ ਭ੍ਰਿਸ਼ਟਾਚਾਰ ਦੇ ਸਮੂਹ ਮਾਮਲਿਆਂ ਦੀ ਵਿਜੀਲੈਂਸ ਜਾਂਚ ਦਾ ਐਲਾਨ

Friday, Nov 12, 2021 - 01:18 PM (IST)

ਮੁੱਖ ਮੰਤਰੀ ਵਲੋਂ ਬਿਜਲੀ ਖਰੀਦ ਸਮਝੌਤਿਆਂ ਸਮੇਤ ਭ੍ਰਿਸ਼ਟਾਚਾਰ ਦੇ ਸਮੂਹ ਮਾਮਲਿਆਂ ਦੀ ਵਿਜੀਲੈਂਸ ਜਾਂਚ ਦਾ ਐਲਾਨ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਨਸਭਾ ’ਚ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਅਕਾਲੀ-ਭਾਜਪਾ ਸਰਕਾਰ ਦੌਰਾਨ ਕੀਤੇ ਗਏ ਵਿਵਾਦਪੂਰਨ ਬਿਜਲੀ ਖਰੀਦ ਸਮਝੌਤਿਆਂ ਸਮੇਤ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਦੇ ਸਾਰੇ ਮਾਮਲਿਆਂ ਦੀ ਛੇਤੀ ਹੀ ਵਿਜੀਲੈਂਸ ਜਾਂਚ ਕਰਵਾਈ ਜਾਵੇਗੀ ਤਾਂ ਜੋ ਉਨ੍ਹਾਂ ਸਭਨਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ। ਜਿਨ੍ਹਾਂ ਨੇ ਆਪਣੇ ਸੌੜੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਦੀ ਲੁੱਟ ਕਰਕੇ ਸੂਬੇ ਦੇ ਅਰਥਚਾਰੇ ਨੂੰ ਢਾਹ ਲਾਈ। ਮੁੱਖ ਮੰਤਰੀ ਵਲੋਂ ਵਿਧਾਨ ਸਭਾ ’ਚ ਬਿਜਲੀ ਖੇਤਰ (2006-07 ਤੋਂ ਲੈ ਕੇ 2020-21) ਸਬੰਧੀ ਵ੍ਹਾਈਟ ਪੇਪਰ ਵੀ ਰੱਖਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਉਨ੍ਹਾਂ ਸਾਰੇ ਬੇਈਮਾਨ ਆਗੂਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਨੇ ਰੇਤਾ, ਟਰਾਂਸਪੋਰਟ ਅਤੇ ਨਸ਼ਿਆਂ ਦੇ ਵੱਖੋ-ਵੱਖ ਮਾਫੀਆ ਰਾਹੀਂ ਨਾਜਾਇਜ਼ ਤਰੀਕੇ ਨਾਲ ਆਪਣੀਆਂ ਜੇਬਾਂ ਭਰੀਆਂ। ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ’ਚ ਸ਼ਾਮਲ ਸਮੂਹ ਲੋਕਾਂ ਨੂੰ ਸਜ਼ਾ ਦਿਵਾਉਣ ਦਾ ਆਪਣੀ ਸਰਕਾਰ ਵਲੋਂ ਅਹਿਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਚੱਲ ਰਹੀ ਜਾਂਚ-ਪੜਤਾਲ ਦਾ ਢੁਕਵਾਂ ਸਿੱਟਾ ਨਿਕਲੇਗਾ ਤਾਂ ਜੋ ਇਸ ਘਿਨੌਣੇ ਜ਼ੁਰਮ ਦੇ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾ ਮਿਲ ਸਕੇਗੀ। ਇਸੇ ਤਰ੍ਹਾਂ ਹੀ ਡਰੱਗ ਮਾਫੀਆ ਦੀਆਂ ਵੱਡੀਆਂ ਮੱਛੀਆਂ ਭਾਵੇਂ ਉਹ ਕਿੰਨੇ ਵੀ ਰਸੂਖਦਾਰ ਕਿਉਂ ਨਾ ਹੋਣ, ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨਾਂ ਕਿਹਾ ਕਿ ਉਨ੍ਹਾਂ ਨੂੰ ਕੋਈ ਵੀ ਕਮਜ਼ੋਰ ਨਾ ਸਮਝੇ। ਹਾਲਾਂਕਿ ਜ਼ਮੀਨ ਨਾਲ ਜੁੜਿਆ ਹੋਇਆ ਹਾਂ ਪਰ ਆਪਣੇ ਰਸਤੇ ਤੋਂ ਭਟਕਾਉਣ ਲਈ ਕਿਸੇ ਵਲੋਂ ਵੀ ਪਾਏ ਗਏ ਦਬਾਅ ’ਚ ਉਹ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਨਸ਼ਿਆਂ ਸਬੰਧੀ ਰਿਪੋਰਟ 18 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਖ਼ਲ ਨਾਲ ਖੋਲ੍ਹ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਯਕੀਨ ਦੁਆਉਂਦਿਆਂ ਕਿਹਾ ਕਿ ਉਹ ਨਸ਼ਾ ਮਾਫੀਆ ਦਾ ਲੱਕ ਤੋੜਨ ’ਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ‘ਆਪ’ ਨੇ ਚੰਨੀ ਸਰਕਾਰ ਵਲੋਂ ਵਧਾ-ਚੜ੍ਹਾ ਕੇ ਪ੍ਰਚਾਰੇ ਜਾ ਰਹੇ ਅੰਕੜਿਆਂ ’ਤੇ ਉਠਾਏ ਸਵਾਲ

ਮਜੀਠੀਆ ਨੂੰ ਲਿਆ ਨਿਸ਼ਾਨੇ ’ਤੇ
ਮਜੀਠੀਆ ਨੂੰ ਨਿਸ਼ਾਨੇ ’ਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਵਲੋਂ ਜਾਣਬੁੱਝ ਕੇ ਸਵੇਰ ਤੋਂ ਹੀ ਇਸ ਵਿਸ਼ੇਸ਼ ਸੈਸ਼ਨ ’ਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤਾਂ ਜੋ ਉਸ ਨੂੰ ਸਦਨ ਤੋਂ ਬਾਹਰ ਕੱਢੇ ਜਾਣ ਦਾ ਬਹਾਨਾ ਮਿਲ ਸਕੇ ਅਤੇ ਆਖਿਰਕਾਰ ਉਸ ਨੂੰ ਕਾਮਯਾਬੀ ਮਿਲ ਹੀ ਗਈ। ਮੁੱਖ ਮੰਤਰੀ ਨੇ ਅੱਗੇ ਕਿਹਾ, ‘‘ਮਜੀਠੀਆ ਅਤੇ ਉਸ ਦੀ ਪਾਰਟੀ ਦੇ ਵਿਅਕਤੀਆਂ ’ਚ ਇੰਨੀ ਹਿੰਮਤ ਨਹੀਂ ਸੀ ਕਿ ਉਹ ਬੀਤੇ 10 ਸਾਲ ਦੌਰਾਨ ਵਿਆਪਕ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਦੇ ਅਕਾਲੀ ਦਲ ਵਲੋਂ ਕੀਤੇ ਗੁਨਾਹਾਂ ਲਈ ਆਲੋਚਨਾ ਦਾ ਸਾਹਮਣਾ ਕਰ ਸਕਣ। ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਲੋਕ ਪੱਖੀ ਫੈਸਲੇ ਲੈਣ ਲਈ ਸੂਬਾ ਸਰਕਾਰ ਦਾ ਮਜ਼ਾਕ ਉਡਾਉਣ ਲਈ ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ (ਚਰਨਜੀਤ ਸਿੰਘ ਚੰਨੀ) ਬਹੁਤ ਸਧਾਰਨ ਪਰਿਵਾਰ ’ਚੋਂ ਹਨ ਅਤੇ ਸਹੀ ਮਾਇਨਿਆਂ ’ਚ ਆਮ ਆਦਮੀ ਹੋਣ ਕਰਕੇ ਹੇਠਲੇ ਪੱਧਰ ’ਤੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਭਲੀ-ਭਾਂਤ ਸਮਝਦੇ ਹਨ। ਇਸ ਮੌਕੇ ਉਨ੍ਹਾਂ ਨੇ ‘ਆਪ’ ਦੇ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਦੀ ਵੀ ਵਾਹ-ਵਾਹ ਖੱਟੀ। ਵਿਧਾਇਕ ਨੇ ਮਹਿਜ 50 ਦਿਨਾਂ ਦੇ ਅੰਦਰ ਚੰਨੀ ਸਰਕਾਰ ਵਲੋਂ ਕੀਤੇ ਲੀਹੋਂ ਹਟਵੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਆਪਣੇ ਦਾਅਵੇ ਨੂੰ ਸਿੱਧ ਕਰਦਿਆਂ ਮੁੱਖ ਮੰਤਰੀ ਨੇ ਬਿਜਲੀ ਸਸਤੀ ਕਰਨ, ਬਿਜਲੀ ਬਿਲਾਂ ਦਾ ਬਕਾਇਆ ਮੁਆਫ਼ ਕਰਨ ਤੋਂ ਲੈ ਕੇ ਹੁਣ ਤੱਕ ਲਏ ਲੋਕ ਸਮਰਥਕ ਸਾਰੇ ਫੈਸਲੇ ਵੀ ਗਿਣਵਾਏ।

ਇਹ ਵੀ ਪੜ੍ਹੋ : ਵਿਧਾਇਕ ਬੈਂਸ ਵਿਰੁੱਧ ਜਬਰ-ਜ਼ਿਨਾਹ ਦੇ ਮਾਮਲੇ ’ਚ  ਚਾਰਜਸ਼ੀਟ ਦਾਖਲ,ਇਸ ਦਿਨ ਹੋਵੇਗੀ ਅਗਲੀ ਸੁਣਵਾਈ

ਮੁੱਖ ਮੰਤਰੀ ਨੇ ਕਿਹਾ ਕਿ ਧਾਰਮਿਕ ਸਹਿ-ਹੋਂਦ ਨੂੰ ਹੋਰ ਹੱਲਾਸ਼ੇਰੀ ਦੇਣ ਲਈ ਭਾਈ ਜੈਤਾ ਜੀ, ਮਹਾਰਾਜਾ ਅਗਰਸੇਨ, ਭਗਵਾਨ ਪਰਸੂਰਾਮ ਅਤੇ ਗੁਰੂ ਰਵਿਦਾਸ ਜੀ ਦੇ ਨਾਮ ’ਤੇ ਉਨਾਂ ਦੀ ਵਿਚਾਰਧਾਰਾ ਦੇ ਪ੍ਰਚਾਰ ਲਈ ਚੇਅਰਾਂ ਸਥਾਪਿਤ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ ਸ਼੍ਰੀਮਦ ਭਗਵਦ ਗੀਤਾ, ਮਹਾਭਾਰਤ ਅਤੇ ਰਾਮਾਇਣ ਦੇ ਪਵਿੱਤਰ ਗ੍ਰੰਥਾਂ ਬਾਰੇ ਵਿਆਪਕ ਖੋਜ ਲਈ ਖੋਜ ਕੇਂਦਰ ਵੀ ਸਥਾਪਿਤ ਕੀਤੇ ਜਾਣਗੇ ਅਤੇ ਸ਼ੰਕਰਾਚਾਰੀਆ ਜੀ ਨੂੰ ਇਸ ਸਬੰਧ ਵਿਚ ਲੋੜੀਂਦੀ ਅਗਵਾਈ ਪ੍ਰਦਾਨ ਕਰਨ ਲਈ ਬੇਨਤੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਮਾਲੇਰਕੋਟਲਾ ਵਿਖੇ ਹੱਜ ਭਵਨ ਲਈ 7 ਕਰੋੜ, ਰੁਪਏ, ਗੁਰਦਾਸਪੁਰ ਵਿਖੇ ਈਸਾਈ ਭਵਨ ਲਈ 10 ਕਰੋੜ ਰੁਪਏ ਅਤੇ ਫਗਵਾੜਾ ਨੇੜੇ ਖਾਟੀ ਵਿਖੇ ਬ੍ਰਾਹਮਣ ਭਵਨ ਲਈ 10 ਕਰੋੜ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ : ਸਮਝੌਤੇ ਰੱਦ ਨਹੀਂ, ਦੁਬਾਰਾ ਤੈਅ ਹੋਣਗੀਆਂ ਬਿਜਲੀ ਦਰਾਂ : ‘ਆਪ’

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News