ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਲਈ ਮੰਗਿਆ ਵਿਸ਼ੇਸ਼ ਪੈਕੇਜ

Monday, Jul 22, 2024 - 06:32 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦੌਰੇ 'ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜੀਆ, ਮੈਂਬਰ ਅਜੈ ਨਰਾਇਣ ਝਾਅ, ਐਨੀ ਜਾਰਜ ਮੈਥਿਊ, ਡਾ. ਮਨੋਜ ਪਾਂਡਾ ਅਤੇ ਡਾ. ਸੌਮਿਆਕਾਂਤੀ ਘੋਸ਼ ਤੋਂ ਇਲਾਵਾ ਕਮਿਸ਼ਨ ਦੇ ਸਕੱਤਰ ਰਿਤਵਿਕ ਪਾਂਡੇ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਅਨਾਜ ਪੱਖੋਂ ਆਤਮਨਿਰਭਰ ਬਣਾਉਣ ਵਿਚ ਪੰਜਾਬ ਦੇ ਵਡਮੁੱਲੇ ਯੋਗਦਾਨ ਸਦਕਾ ਪੈਦਾਵਾਰ, ਪ੍ਰਾਪਤੀ ਅਤੇ ਆਜ਼ਾਦੀ ਦੀ ਰੱਖਿਆ ਲਈ ਸੂਬੇ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਦੁਨੀਆ ਭਰ ਦੇ ਹਰ ਖੇਤਰ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਇਹ ਪੈਕੇਜ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਦੇਵੇਗਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਵਿੱਤ ਕਮਿਸ਼ਨ ਸੂਬਾ ਸਰਕਾਰ ਦੀਆਂ ਹੱਕੀ ਮੰਗਾਂ ਵੱਲ ਹਮਦਰਦੀ ਨਾਲ ਵਿਚਾਰ ਕਰੇਗਾ ਅਤੇ ਪੰਜਾਬ ਨੂੰ ਖੁੱਲ੍ਹੇ ਦਿਲ ਨਾਲ ਫੰਡ ਅਲਾਟ ਕਰੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਹਾਈਵੇਅ 'ਤੇ ਜਾਣ ਤੋਂ ਪਹਿਲਾਂ ਸਾਵਧਾਨ, ਨਹੀਂ ਤਾਂ ਝੱਲਣੀ ਪਵੇਗੀ ਵੱਡੀ ਪ੍ਰੇਸ਼ਾਨੀ

ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵਿੱਤ ਕਮਿਸ਼ਨ ਤੋਂ 1,32,247 ਕਰੋੜ ਰੁਪਏ ਦੇ ਫੰਡ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਵਿਚ 75,000 ਕਰੋੜ ਰੁਪਏ ਦੇ ਵਿਕਾਸ ਫੰਡ, ਖੇਤੀਬਾੜੀ ਅਤੇ ਫਸਲੀ ਵਿਭਿੰਨਤਾ ਲਈ 17,950 ਕਰੋੜ ਰੁਪਏ, ਪਰਾਲੀ ਸਾੜਨ ਦੀ ਰੋਕਥਾਮ ਅਤੇ ਬਦਲਵੇਂ ਪ੍ਰਬੰਧਾਂ ਲਈ 5025 ਕਰੋੜ ਰੁਪਏ, ਨਾਰਕੋ-ਅੱਤਵਾਦ ਅਤੇ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ 8846 ਕਰੋੜ ਰੁਪਏ ਤੋਂ ਇਲਾਵਾ ਉਦਯੋਗ ਨੂੰ ਸੁਰਜੀਤ ਕਰਨ ਲਈ 6000 ਕਰੋੜ ਰੁਪਏ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 9426 ਕਰੋੜ ਰੁਪਏ ਦੇ ਫੰਡ ਸ਼ਹਿਰੀ ਸਥਾਨਕ ਇਕਾਈਆਂ ਲਈ ਅਤੇ 10,000 ਕਰੋੜ ਰੁਪਏ ਦੇ ਫੰਡ ਪੇਂਡੂ ਸਥਾਨਕ ਇਕਾਈਆਂ ਲਈ ਦੇਣ ਦੀ ਵੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਮਿਸ਼ਨ ਦਾ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਪਾਵਨ ਧਰਤੀ ਉੱਤੇ ਪਹੁੰਚਣ ਲਈ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿਚ ਆਤਮ ਨਿਰਭਰ ਬਣਾਉਣ ਵਿਚ ਮਿਸਾਲੀ ਯੋਗਦਾਨ ਪਾਇਆ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਖੜਗਭੁਜਾ ਹੋਣ ਦੇ ਨਾਤੇ ਸੂਬੇ ਨੇ ਦੇਸ਼ ਦੇ ਆਜ਼ਾਦੀ ਅੰਦੋਲਨ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਅਤੇ ਹੁਣ ਆਜ਼ਾਦੀ ਤੋਂ ਬਾਅਦ ਵੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਿਹਾ ਹੈ।

ਇਹ ਵੀ ਪੜ੍ਹੋ : ਨਾਬਾਲਗ ਬੱਚਿਆਂ ਦੇ ਮਾਪਿਆਂ ਲਈ ਅਹਿਮ ਖ਼ਬਰ, ਪੰਜਾਬ 'ਚ ਜਾਰੀ ਹੋਇਆ ਸਖ਼ਤ ਫ਼ਰਮਾਨ

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿਚ ਕੁਸ਼ਲ, ਪਾਰਦਰਸ਼ੀ ਸ਼ਾਸਨ ਅਤੇ ਮਜ਼ਬੂਤ ਆਰਥਿਕ ਵਿਕਾਸ ਲਿਆਉਣ ਦੇ ਉਦੇਸ਼ ਨਾਲ ਡੂੰਘੇ ਸੁਧਾਰਾਂ ਦੇ ਸਫ਼ਰ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਬਹੁਤ ਸਾਰੇ ਲੋਕ-ਪੱਖੀ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਬਿਹਤਰ ਸਥਿਰਤਾ ਅਤੇ ਸਵੈ-ਨਿਰਭਰਤਾ ਲਈ ਸਰੋਤਾਂ ਨੂੰ ਜੁਟਾਉਣ ਲਈ ਪੰਜਾਬ ਆਪਣੀ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪਿਛਲੇ ਦੋ ਸਾਲਾਂ ਵਿਚ ਸੂਬੇ ਨੇ ਆਪਣੇ ਟੈਕਸ ਮਾਲੀਏ ਦੇ ਪ੍ਰਮੁੱਖ ਵਰਗਾਂ ਵਿਚ ਰਾਸ਼ਟਰੀ ਵਿਕਾਸ ਦਰ ਨੂੰ ਪਛਾੜਦੇ ਹੋਏ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀ.ਐੱਸ.ਟੀ. ਮਾਲੀਆ 33 ਫੀਸਦੀ ਵਧਿਆ ਹੈ ਅਤੇ ਇਕੱਲੇ ਆਬਕਾਰੀ ਵਿਚ 50 ਫੀਸਦੀ ਤੋਂ ਵੱਧ ਦਾ ਇਜ਼ਾਫਾ ਹੋਇਆ ਹੈ। ਇਹ ਮਜ਼ਬੂਤ ਪ੍ਰਸ਼ਾਸਨ ਅਤੇ ਇਮਾਨਦਾਰ ਸ਼ਾਸਨ ਨਾਲ ਸੰਭਵ ਹੋਇਆ ਹੈ ਜੋ ਕਿ ਸੂਬਾ ਸਰਕਾਰ ਨੇ ਪਹਿਲੇ ਦਿਨ ਤੋਂ ਪ੍ਰਦਾਨ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਖ-ਵੱਖ ਖਰਚਿਆਂ ਦੀ ਵੀ ਸਮੀਖਿਆ ਕਰ ਰਹੀ ਹੈ ਅਤੇ ਗੈਰ-ਉਤਪਾਦਕ ਖਰਚਿਆਂ ਨੂੰ ਤਰਕਸੰਗਤ ਬਣਾਉਣ 'ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੌਰ ਊਰਜਾ ਰਾਹੀਂ ਅਸੀਂ ਲੰਬੇ ਸਮੇਂ ਲਈ ਬਿਜਲੀ ਸਬਸਿਡੀ ਨੂੰ ਤਰਕਸੰਗਤ ਬਣਾਉਣ ਅਤੇ ਸਾਡੇ ਬਿਜਲੀ ਢਾਂਚੇ ਦੀ ਭਰੋਸੇਯੋਗਤਾ ਨੂੰ ਬਿਹਤਰ ਬਣਾਉਣ ਦਾ ਇਰਾਦਾ ਰੱਖਦੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਨਵੀਆਂ ਨਹੀਂ ਹਨ ਅਤੇ ਇਹ ਸਾਨੂੰ ਵਿਰਸੇ ਵਿਚ ਮਿਲੀਆਂ ਹਨ। ਇਨ੍ਹਾਂ ਵਿਚੋਂ ਬਹੁਤ ਸਾਰੀਆਂ ਸਮੱਸਿਆਵਾਂ ਚੋਣਾਂ ਦੇ ਦਿਨਾਂ ਤੋਂ ਠੀਕ ਪਹਿਲਾਂ ਪਿਛਲੀਆਂ ਸਰਕਾਰਾਂ ਦੇ ਗਲਤ ਸਿਆਸੀ ਫੈਸਲਿਆਂ ਕਾਰਨ ਪੈਦਾ ਹੋਈਆਂ ਹਨ। ਭਾਵੇਂ ਮਾਰਚ, 2017 ਵਿਚ ਲਿਆ ਗਿਆ ਸੀ.ਸੀ.ਐਲ. ਦਾ 30,584 ਕਰੋੜ ਰੁਪਏ ਦਾ ਕਰਜ਼ਾ ਹੋਵੇ ਜਾਂ 2021 ਦੀਆਂ ਚੋਣਾਂ ਤੋਂ ਠੀਕ ਪਹਿਲਾਂ ਦਿੱਤੀਆਂ ਗਈਆਂ ਵੱਡੀਆਂ-ਵੱਡੀਆਂ ਗੈਰ-ਨਿਸ਼ਾਨਾਬੱਧ ਸਬਸਿਡੀਆਂ ਹੋਣ।

ਇਹ ਵੀ ਪੜ੍ਹੋ : ਜ਼ਮੀਨੀ ਵਿਵਾਦ 'ਚ ਜੀਜੇ ਨੇ ਅਗਵਾ ਕਰਵਾਇਆ ਸਾਲ਼ਾ, ਪੁਲਸ ਜਾਂਚ ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

ਉਨ੍ਹਾਂ ਕਿਹਾ ਕਿ ਇਨ੍ਹਾਂ ਕਦਮਾਂ ਦੇ ਮਾੜੇ ਨਤੀਜੇ ਅੱਜ ਵੀ ਮਹਿਸੂਸ ਕੀਤੇ ਜਾ ਰਹੇ ਹਨ ਕਿਉਂਕਿ ਅਸੀਂ ਵਿਰਸੇ ਵਿਚ ਮਿਲੀਆਂ ਇਨ੍ਹਾਂ ਚੁਣੌਤੀਆਂ ਦੇ ਵਿਚਕਾਰ ਵਿੱਤੀ ਮਜ਼ਬੂਤੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਠੋਸ ਉਪਰਾਲੇ ਕਰ ਰਹੀ ਹੈ ਜਿਸ ਲਈ ਸੂਬੇ ਦੇ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਨਾਰਕੋ-ਅੱਤਵਾਦ ਅਤੇ ਸਰਹੱਦ ਪਾਰ ਦੀਆਂ ਗਤੀਵਿਧੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿਚ ਪੁਲਸ ਫੋਰਸ ਦੀ ਭਰਤੀ ਕੀਤੀ ਜਾਂਦੀ ਹੈ। ਪੰਜਾਬ ਪੁਲਸ 500 ਕਿਲੋਮੀਟਰ ਤੋਂ ਵੱਧ ਅੰਤਰਰਾਸ਼ਟਰੀ ਸਰਹੱਦ ‘ਤੇ ਤੈਨਾਤੀ ਰਾਹੀਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੀ ਹੈ। ਉਨ੍ਹਾਂ ਨੇ ਵਿੱਤ ਕਮਿਸ਼ਨ ਨੂੰ ਸੂਬੇ ਦੀ ਪੁਲਸ ਫੋਰਸ ਦੇ ਆਧੁਨਿਕੀਕਰਨ ਲਈ ਵੱਡੇ ਪੱਧਰ ‘ਤੇ ਫੰਡ ਅਲਾਟ ਕਰਨ ਦੀ ਅਪੀਲ ਕੀਤੀ ਤਾਂ ਜੋ ਕੌਮੀ ਫ਼ਰਜ਼ ਨੂੰ ਕੁਸ਼ਲਤਾ ਨਾਲ ਨਿਭਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐੱਫ.) ਕਾਇਮ ਕਰਨ ਦੀ ਪਹਿਲਕਦਮੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੇ ਫਰਵਰੀ 2024 ਵਿਚ ਆਪਣੀ ਸ਼ੁਰੂਆਤ ਤੋਂ ਬਾਅਦ ਇਕ ਹਜ਼ਾਰ ਤੋਂ ਵੱਧ ਕੀਮਤੀ ਜਾਨਾਂ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ।

ਇਹ ਵੀ ਪੜ੍ਹੋ : ਵਿਆਹ ਤੋਂ ਕੁਝ ਦਿਨਾਂ ਬਾਅਦ ਹੀ ਚੰਨ ਚਾੜ੍ਹ ਗਈ ਸੱਜ-ਵਿਆਹੀ ਲਾੜੀ, CCTV ਦੇਖ ਸਹੁਰਿਆਂ ਦੇ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News