CM ਮਾਨ ਨੇ ਕਿਸਾਨਾਂ ਨੂੰ ਕੁਦਰਤੀ ਸੰਕਟ ਤੋਂ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ

Saturday, Oct 08, 2022 - 12:30 AM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੁਦਰਤੀ ਆਫ਼ਤ ਤੋਂ ਬਚਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਸਹੀ ਅਨੁਮਾਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਗੁਲਾਬੀ ਸੁੰਡੀ ਅਤੇ ਹੋਰ ਕੀੜਿਆਂ ਦੇ ਹਮਲੇ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਵੀ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਸੰਕਟ ਦੀ ਇਸ ਘੜੀ 'ਚ ਕਿਸਾਨਾਂ ਦੀ ਮਦਦ ਕਰਨਾ ਸਰਕਾਰ ਦਾ ਫ਼ਰਜ਼ ਬਣਦਾ ਹੈ।

ਇਹ ਵੀ ਪੜ੍ਹੋ : ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

ਇਕ ਹੋਰ ਮੁੱਦੇ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਦਾ ਇਕ ਇੰਚ ਵੀ ਐਕੁਵਾਇਰ ਕਰਨ ਮੌਕੇ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦਾ ਪੂਰਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਅਨਾਜ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਵੀ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਮੰਡੀਆਂ 'ਚ ਪੁੱਜਦੇ ਸਾਰ ਹੀ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖ]ਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

PunjabKesari

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਐਫ.ਆਈ.ਆਰ. ਦਾ ਮੁੱਦਾ ਰੇਲਵੇ ਮੰਤਰਾਲੇ ਅਤੇ ਭਾਰਤ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੀਆਂ ਐਫ.ਆਈ.ਆਰ. ਵਾਪਸ ਲੈਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਲੰਪੀ ਸਕਿਨ (ਚਮੜੀ ਰੋਗ) ਦਾ ਸ਼ਿਕਾਰ ਹੋਏ ਪਸ਼ੂ ਧਨ ਦੀ ਵਿਸਤ੍ਰਿਤ ਸੂਚੀ ਭਾਰਤ ਸਰਕਾਰ ਨੂੰ ਭੇਜੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਬਿਮਾਰੀ ਕਾਰਨ ਆਪਣੇ ਪਸ਼ੂ ਧਨ ਦਾ ਨੁਕਸਾਨ ਸਹਿਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ।  ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਬਿਮਾਰੀ ਨੂੰ ਮਹਾਂਮਾਰੀ ਐਲਾਨੇ ਜਾਣ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਛੇ ਮਹੀਨੇ 'ਚ ਹੋਇਆ ਪੂਰਾ : ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਬਿਜਲੀ ਦੀ ਵੰਡ ਦੇ ਨਿੱਜੀਕਰਨ ਦੇ ਪੂਰੀ ਤਰ੍ਹਾਂ ਖਿਲਾਫ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੇਂਦਰ ਦੇ ਅਜਿਹੇ ਕਿਸੇ ਵੀ ਕਦਮ ਦਾ ਡਟਵਾਂ ਵਿਰੋਧ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਿੱਲ ਦੇ ਵਿਰੋਧ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਦੱਸਿਆ ਕਿ ਸੂਬਾ ਸਰਕਾਰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਵਾਤਾਵਰਨ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ।


Mandeep Singh

Content Editor

Related News