ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਹਰਕ੍ਰਿਸ਼ਨ ਸਿੰਘ ਦੇ ਘਰ ਪੁੱਜੇ CM ਮਾਨ, ਪਰਿਵਾਰ ਨਾਲ ਸਾਂਝਾ ਕੀਤਾ ਦੁੱਖ

04/26/2023 4:34:48 PM

ਗੁਰਦਾਸਪੁਰ (ਵਿਨੋਦ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਤੋਂ ਬਾਅਦ ਪਰਿਵਾਰ ਨੂੰ ਮਾਲੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਅੱਜ ਬੁੱਧਵਾਰ ਨੂੰ ਸ਼ਹੀਦ ਦੇ ਜੱਦੀ ਪਿੰਡ ਪੁੱਜੇ ਮੁੱਖ ਮੰਤਰੀ ਮਾਨ ਨੇ ਸ਼ਹੀਦ ਦੇ ਇਸ ਮਹਾਨ ਬਲੀਦਾਨ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਸਿਪਾਹੀ ਹਰਕ੍ਰਿਸ਼ਨ ਸਿੰਘ ਦਾ ਕਰਜ਼ਦਾਰ ਹੈ, ਜਿਸ ਨੇ ਦੇਸ਼ ਤੇ ਲੋਕਾਂ ਦੀ ਸੁਰੱਖਿਆ ਕਰਦਿਆਂ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਧਰਤੀ ਮਾਂ ਦੇ ਇਸ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਜੋਂ ਇਹ ਸੂਬਾ ਸਰਕਾਰ ਦੀ ਇਕ ਨਿਮਾਣੀ ਜਿਹੀ ਸ਼ਰਧਾਂਜਲੀ ਹੈ।

ਇਹ ਵੀ ਪੜ੍ਹੋ- ਪੰਜ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹ ਕੇ ਰੱਖ ਦਿੱਤੇ ਸਾਰੇ ਭੇਤ

ਮੁਲਕ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫ਼ੌਜੀਆਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਏ। ਮਾਨ ਨੇ ਕਿਹਾ ਕਿ ਫ਼ੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇਸੇ ਵਚਨਬੱਧਤਾ ਤਹਿਤ ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨੂੰ ਮਾਲੀ ਮਦਦ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ ਆਸ਼ਰਿਤ ਨੂੰ ਨੌਕਰੀ ਦੇਣ ਦੀ ਨੀਤੀ ਦੇ ਆਧਾਰ 'ਤੇ ਹਥਿਆਰਬੰਦ ਦਸਤਿਆਂ ਨਾਲ ਵਿਚਾਰ-ਵਟਾਂਦਰੇ ਮਗਰੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਪਰਿਵਾਰ ਦੇ ਜੱਦੀ ਬਾਗ 'ਚ ਹੋਵੇਗਾ ਪ੍ਰਕਾਸ਼ ਸਿੰਘ ਬਾਦਲ ਦਾ ਸਸਕਾਰ, ਖ਼ੁਦ ਕਰਦੇ ਸਨ ਬਾਗ ਦੀ ਦੇਖਭਾਲ

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਕੀਤੀ ਇਸ ਨਿਮਾਣੀ ਜਿਹੀ ਕੋਸ਼ਿਸ਼ ਨਾਲ ਜਿੱਥੇ ਇੱਕ ਪਾਸੇ ਪਰਿਵਾਰ ਦਾ ਦੁੱਖ ਵੰਡਿਆ ਜਾਵੇਗਾ, ਉੱਥੇ ਦੂਜੇ ਪਾਸੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਆਖਿਆ ਕਿ ਇਸ ਨਾਲ ਨੌਜਵਾਨ ਹਥਿਆਰਬੰਦ ਦਸਤਿਆਂ ਵਿੱਚ ਸ਼ਾਮਲ ਹੋ ਕੇ ਭਾਰਤ ਮਾਤਾ ਦੀ ਸੇਵਾ ਕਰਨ ਲਈ ਉਤਸ਼ਾਹਿਤ ਹੋਣਗੇ। ਸਾਡੇ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਇਕ ਸਪੂਤ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਲਾਮਿਸਾਲ ਬਹਾਦਰੀ ਦਾ ਸਬੂਤ ਦਿੰਦਿਆਂ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ।

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ 'ਚ ਤਬਦੀਲ ਕਰਨ ਦਾ ਮਾਮਲਾ, ਸ਼੍ਰੋਮਣੀ ਕਮੇਟੀ ਦਾ ਵਫ਼ਦ ਜਾਵੇਗਾ ਅਰੁਣਾਚਲ ਪ੍ਰਦੇਸ਼

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਬਰਤਾਨਵੀ ਸਾਮਰਾਜ ਦੀ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਲਕ ਨੂੰ ਆਜ਼ਾਦ ਕਰਵਾਉਣ ਲਈ ਮੋਹਰੀ ਭੂਮਿਕਾ ਨਿਭਾਈ। ਇਸੇ ਤਰ੍ਹਾਂ ਹੁਣ ਪੰਜਾਬੀ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਸਰਹੱਦਾਂ 'ਤੇ ਵੱਡੀ ਭੂਮਿਕਾ ਨਿਭਾ ਰਹੇ ਹਨ। ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਪਿੰਡ ਦੀ ਧਰਮਸ਼ਾਲਾ ਨੂੰ ਨਵਾਂ ਰੂਪ ਦੇਣ ਅਤੇ ਸਟੇਡੀਅਮ ਦੇ ਨਿਰਮਾਣ ਉਤੇ 73.50 ਲੱਖ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਤਖ਼ਮੀਨੇ ਤਿਆਰ ਹਨ ਅਤੇ ਛੇਤੀ ਹੀ ਕੰਮ ਸ਼ੁਰੂ ਹੋ ਜਾਵੇਗਾ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News