ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਬਾਰੇ CM ਭਗਵੰਤ ਮਾਨ ਦਾ ਅਹਿਮ ਐਲਾਨ
Thursday, Jun 30, 2022 - 09:06 AM (IST)
ਚੰਡੀਗੜ੍ਹ (ਰਮਨਜੀਤ ਸਿੰਘ) : ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀਆਂ ਚੋਣ ਗਾਰੰਟੀਆਂ ਵਿਚੋਂ ਇਕ ਸਭ ਤੋਂ ਵੱਡੀ ਚੋਣ ਗਾਰੰਟੀ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਮਦਦ ਜਲਦੀ ਦਿੱਤੀ ਜਾਵੇਗੀ। ਸੂਬਾ ਸਰਕਾਰ ਨੇ ਪਹਿਲਾਂ ਹੀ ਸਰੋਤ ਜੁਟਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਕਵਾਇਦ ਪੂਰੀ ਹੋਣ ਮਗਰੋਂ ਜਲਦੀ ਹੀ ਇਸ ਗਾਰੰਟੀ ਨੂੰ ਪੂਰਾ ਕੀਤਾ ਜਾਵੇਗਾ, ਜਿਸ ਨੂੰ ਦੋ-ਚਾਰ ਮਹੀਨੇ ਲੱਗ ਸਕਦੇ ਹਨ। ਭ੍ਰਿਸ਼ਟਾਚਾਰ 'ਚ ਨੱਕੋ-ਨੱਕ ਡੁੱਬੇ ਹੋਣ ਲਈ ਵਿਰੋਧੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਸਿਆਸਤਦਾਨਾਂ ਅਤੇ ਅਫ਼ਸਰਸ਼ਾਹੀ ਦੇ ਗਠਜੋੜ ਪਾਸੋਂ ਲੋਕਾਂ ਦਾ ਲੁੱਟਿਆ ਹੋਇਆ ਇਕ-ਇਕ ਪੈਸਾ ਵਸੂਲਿਆ ਜਾਵੇਗਾ।
ਬਜਟ ਸੈਸ਼ਨ ਦੌਰਾਨ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਮੈਂ ਇਸ ਅਜ਼ੀਮ ਸਦਨ 'ਚ ਅਹਿਦ ਲੈਂਦਾ ਹਾਂ ਕਿ ਭ੍ਰਿਸ਼ਟ ਸਿਆਸਤਦਾਨ ਚਾਹੇ ਕਿਸੇ ਵੀ ਵੱਡੀ ਜਾਂ ਛੋਟੀ ਸਿਆਸੀ ਪਾਰਟੀ 'ਚ ਸ਼ਾਮਲ ਹੋ ਜਾਣ ਪਰ ਮੇਰੀ ਸਰਕਾਰ ਉਨ੍ਹਾਂ ਵੱਲੋਂ ਪੰਜਾਬ ਤੇ ਪੰਜਾਬੀਆਂ ਖ਼ਿਲਾਫ਼ ਕੀਤੇ ਪਾਪ ਕਦੇ ਵੀ ਮੁਆਫ਼ ਨਹੀਂ ਕਰੇਗੀ।” ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਬਜਟ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਜਿਸ ਨੇ ਲੋਕਾਂ ਦਾ ਪੈਸਾ ਲੁੱਟਿਆ ਹੋਵੇ, ਨੂੰ ਉਸ ਦੀ ਕੀਮਤ ਚੁਕਾਉਣੀ ਪਵੇਗੀ ਅਤੇ ਸੂਬਾ ਸਰਕਾਰ ਅਜਿਹੇ ਲੋਕਾਂ ਨੂੰ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਸੁੱਟਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਇਹ ਵੀ ਪੜ੍ਹੋ : ਸਾਬਕਾ ਮੰਤਰੀ 'ਸੰਗਤ ਸਿੰਘ ਗਿਲਜੀਆਂ' ਨੂੰ ਹਾਈਕੋਰਟ ਤੋਂ ਝਟਕਾ, ਅਦਾਲਤ ਨੇ ਨਹੀਂ ਦਿੱਤੀ ਰਾਹਤ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ 'ਚ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼-ਏ-ਕਦਮ 'ਤੇ ਚੱਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਬੇਰਹਿਮੀ ਨਾਲ ਲੋਕਾਂ ਦਾ ਪੈਸਾ ਲੁੱਟਿਆ, ਉਹ ਲੋਕ ਹੁਣ ਆਪਣੇ ਕੀਤੇ ਹੋਏ ਗੁਨਾਹਾਂ ਦੀ ਸਜ਼ਾ ਤੋਂ ਬਚਣ ਲਈ ਪਨਾਹ ਲੱਭਦੇ ਫਿਰਦੇ ਹਨ। ਭ੍ਰਿਸ਼ਟਾਚਾਰ 'ਚ ਜਿਹੜੇ ਸਿਆਸਦਾਨਾਂ ਦੇ ਨਾਮ ਤੱਕ ਨਹੀਂ ਆਏ, ਉਹ ਸਿਆਸਤਦਾਨ ਵੀ ਸ਼ਰਨ ਲੈਣ ਲਈ ਹੱਥ-ਪੈਰ ਮਾਰ ਰਹੇ ਹਨ, ਜੋ ਉਨ੍ਹਾਂ ਦੇ ਮਨਾਂ 'ਚ ਕੀਤੇ ਗਏ ਗੁਨਾਹਾਂ ਦੇ ਖੌਫ਼ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਰਾਹਤ ਭਰੀ ਖ਼ਬਰ, ਅੱਜ ਤੋਂ 5 ਦਿਨ ਸ਼ਹਿਰ 'ਚ ਪ੍ਰੀ-ਮਾਨਸੂਨ ਦੀਆਂ ਫੁਹਾਰਾਂ
ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲੀ ਸਿੱਖਿਆ ਦੇ ਖੇਤਰ 'ਚ ਪ੍ਰਾਈਵੇਟ ਖੇਤਰ ਨੂੰ ਲਾਭ ਦੇਣ ਲਈ ਸਰਕਾਰੀ ਸਿੱਖਿਆ ਤੇ ਸਿਹਤ ਖੇਤਰ ਨੂੰ ਤਬਾਹ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਜਟ ਪੰਜਾਬ ਨੂੰ ਵਿਕਾਸ ਅਤੇ ਪ੍ਰਗਤੀ ਵੱਲ ਲੈ ਜਾਵੇਗਾ। ਮਾਨ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਉਹ ਹਰ ਕੰਮ 'ਚ ਨੁਕਤਾਚੀਨੀ ਤੋਂ ਗੁਰੇਜ਼ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮਾਲੀਆ ਪੈਦਾ ਕਰਨ ਤੇ ਕਰਜ਼ਾ ਘਟਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਕੀਤੀ ਗਈ ਈ ਗਵਰਨੈਂਸ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਵੀ ਨਵਾਂ ਡਿਜੀਟਲ ਰੂਪ ਦਿੱਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ