ਪੰਜਾਬੀ ਯੂਨੀਵਰਸਿਟੀ ਪਹੁੰਚੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ-ਕਰਜ਼ਾ ਮੁਕਤ ਕਰਾਂਗੇ ਯੂਨੀਵਰਸਿਟੀ

03/29/2022 8:26:31 PM

ਪਟਿਆਲਾ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ੇ ਦੇ ਵੱਡੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਾ ਐਲਾਨ ਕਰਦਿਆਂ ਕਿਹਾ ਕਿ ਉੱਤਰੀ ਭਾਰਤ ’ਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ। ਅੱਜ ਇੱਥੇ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਫਿਲਮ ਤੇ ਟੀ. ਵੀ. ਐਕਟਰਜ਼ ਐਸੋਸੀਏਸ਼ਨ ਤੇ ਯੂਨੀਵਰਸਿਟੀ ਵੱਲੋਂ ਕਰਵਾਏ ਤਿੰਨ ਰੋਜ਼ਾ ਪੰਜਾਬੀ ਸਿਨੇਮਾ, ਟੈਲੀਵੀਜ਼ਨ ਤੇ ਥੀਏਟਰ ਵਿਸ਼ਾਲ ਸ਼ੋਅ ਦੇ ਆਖਰੀ ਦਿਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਫੰਡਾਂ ਦੀ ਘਾਟ ਕਰਕੇ ਕਿਸੇ ਵੀ ਵਿਦਿਆਰਥੀ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਬਹਿਬਲ ਕਲਾਂ ਪਹੁੰਚੇ ਨਵਜੋਤ ਸਿੰਘ ਸਿੱਧੂ, ਕਿਹਾ-‘ਇੰਤਹਾ ਹੋ ਗਈ ਇੰਤਜ਼ਾਰ ਕੀ’

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਮੁੱਖ ਤਰਜੀਹ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਨੌਜਵਾਨਾਂ ਤੋਂ ਪੂਰਨ ਸਹਿਯੋਗ ਤੇ ਸਮਰਥਨ ਦੀ ਮੰਗ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਬਹਾਦਰ ਨਾਇਕਾਂ ਤੋਂ ਸਦਾ ਪ੍ਰੇਰਨਾ ਲੈਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿਚ ਬਦਲਾਖੋਰੀ ਲਈ ਕੋਈ ਥਾਂ ਨਹੀਂ ਹੈ ਅਤੇ ਇਸ ਲਈ ਕਿਸੇ ਨੂੰ ਵੀ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਅਧਿਆਪਕਾਂ ਦੇ ਲਟਕਦੇ ਸਾਰੇ ਮਸਲਿਆਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਬਹੁਤ ਜਲਦ ਹੱਲ ਕੀਤਾ ਜਾਵੇਗਾ ਅਤੇ ਹੁਣ ਕਿਸੇ ਵੀ ਅਧਿਆਪਕ ਨੂੰ ਆਪਣੀਆਂ ਮੰਗਾਂ ਮੰਨਵਾਉਣ ਲਈ ਪਾਣੀ ਦੀਆਂ ਟੈਂਕੀਆਂ 'ਤੇ ਨਹੀਂ ਚੜ੍ਹਨਾ ਪਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ 'ਤੇ ਪੰਜਾਬ ਦੇ ਸਕੂਲ-ਕਾਲਜ ਅਧਿਆਪਕਾਂ ਤੋਂ ਸਿੱਖਿਆ ਤੋਂ ਬਿਨਾਂ ਕੋਈ ਹੋਰ ਕੰਮ ਨਹੀਂ ਲਿਆ ਜਾਵੇਗਾ।

PunjabKesari

ਇਹ ਵੀ ਪੜ੍ਹੋ : ਮੰਡੀਆਂ ’ਚ ਰੁਲਣ ਦਾ ਬੀਤਿਆ ਜ਼ਮਾਨਾ, ਪੁੱਤਾਂ ਵਾਂਗ ਪਾਲ਼ੀ ਫਸਲ ਦਾ ਚੁੱਕਾਂਗੇ ਇਕ-ਇਕ ਦਾਣਾ : ਭਗਵੰਤ ਮਾਨ

ਵਿਦੇਸ਼ਾਂ ਵੱਲ ਵਹੀਰਾਂ ਘੱਤ ਰਹੀ ਜਵਾਨੀ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਦੇ ਮੌਕੇ ਪੰਜਾਬ ’ਚ ਹੀ ਪ੍ਰਦਾਨ ਹੋਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ’ਚ ਅਥਾਹ ਸ਼ਕਤੀ ਹੈ ਅਤੇ ਹੁਣ ਇਸ ਨੂੰ ਨਵੀਂ ਸੇਧ ਦਿੱਤੀ ਜਾਵੇਗੀ ਤਾਂ ਕਿ ਉਹ ਹੁਨਰਮੰਦ ਬਣ ਕੇ ਸਮਾਜ ਦੇ ਚੰਗੇ ਨਾਗਰਿਕ ਬਣ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ਵ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸੂਬੇ ’ਚ ਹੀ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਨੂੰ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ ਜਾਣ ਦੀ ਲੋੜ ਹੀ ਨਾ ਪਵੇ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜ਼ਾ ਕਰਦਿਆਂ ਕਿਹਾ ਕਿ ਜਦੋਂ ਉਹ ਕਾਲਜ ਪੜ੍ਹਦੇ ਸਨ ਤਾਂ ਉਹ ਪੰਜਾਬੀ ਯੂਨੀਵਰਸਿਟੀ ਦੇ ਯੂਥ ਫੈਸਟੀਵਲ ’ਚ ਹਿੱਸਾ ਲੈਣ ਲਈ ਆਉਂਦੇ ਸਨ ਅਤੇ ਇਸ ਦੌਰਾਨ ਉਨ੍ਹਾਂ ਨੇ ਹਾਰਾਂ-ਜਿੱਤਾਂ ਦੇ ਕਈ ਉਤਰਾਅ ਚੜ੍ਹਾਅ ਵੀ ਵੇਖੇ। ਮੁੱਖ ਮੰਤਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਸਲਾਹ ਦਿੱਤੀ ਕਿ ਉਹ ਆਪਣੇ ਬੱਚਿਆਂ ’ਤੇ ਆਪਣੀਆਂ ਇੱਛਾਵਾਂ ਨਾ ਥੋਪਣ ਬਲਕਿ ਬੱਚਿਆਂ ਦੇ ਹੁਨਰ ਨੂੰ ਪਛਾਣ ਕੇ ਉਨ੍ਹਾਂ ਨੂੰ ਜੀਵਨ ’ਚ ਅੱਗੇ ਵਧਣ ਦੀ ਖੁੱਲ੍ਹ ਦੇਣ।

PunjabKesari

ਇਹ ਵੀ ਪੜ੍ਹੋ : ਵਿਰੋਧੀ ਧਿਰ ਦੇ ਨੇਤਾ ਦੀ ਚੋਣ ’ਤੇ ਸੁਖਪਾਲ ਖਹਿਰਾ ਦਾ ਵੱਡਾ ਬਿਆਨ

ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ ’ਚ ਅੱਗੇ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ 100 ਫ਼ੀਸਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਮੀਤ ਹੇਅਰ ਨੇ ਨੌਜਵਾਨ ਸ਼ਕਤੀ ਨੂੰ ਸਾਕਾਰਤਮਕ ਤੌਰ ’ਤੇ ਵਰਤਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ, ਪੰਜਾਬ ਦੀ ਨੌਜਵਾਨੀ ਦੇ ਜੋਸ਼ ਨੂੰ ਸੂਬੇ ਨੂੰ ਅੱਗੇ ਵਧਾਉਣ ਲਈ ਵਰਤੇਗੀ। ਸਿੱਖਿਆ ਮੰਤਰੀ ਨੇ ਹੋਰ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਵਿਸ਼ਵ ’ਚ ਵਸਦੇ ਸਮੁਚੇ ਪੰਜਾਬੀਆਂ ਦੀ ਯੂਨੀਵਰਸਿਟੀ ਹੈ ਅਤੇ ਇਹ ਰਹਿੰਦੀ ਦੁਨੀਆ ਤੱਕ ਕਾਇਮ ਰਹੇਗੀ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਬਣਨ ਤੋਂ ਕੁਝ ਦਿਨਾਂ ਅੰਦਰ ਹੀ ਇਥੇ ਆਉਣ ਦਾ ਫ਼ੈਸਲਾ ਕਰਨਾ ਮਾਨ ਦੀ ਪੰਜਾਬੀ ਯੂਨੀਵਰਸਿਟੀ ਪ੍ਰਤੀ ਫ਼ਿਕਰਮੰਦੀ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ : ਪ੍ਰਾਈਵੇਟ ਥਰਮਲ ਪਲਾਂਟਾਂ ਕੋਲ ਬਚਿਆ ਇਕ ਦਿਨ ਦਾ ਕੋਲਾ, ਘਰੇਲੂ ਖਪਤਕਾਰਾਂ ’ਤੇ ਲਟਕੀ ਪਾਵਰ ਕੱਟਾਂ ਦੀ ‘ਤਲਵਾਰ’

ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬੀ ਫ਼ਿਲਮ ਐਂਡ ਟੀ. ਵੀ. ਐਕਟਰਜ਼ ਐਸੋਸੀਏਸ਼ਨ ਅਤੇ ਪੰਜਾਬੀ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਤਿੰਨ ਰੋਜ਼ਾ ਪੰਜਾਬੀ ਸਿਨੇਮਾ, ਟੈਲੀਵਿਜ਼ਨ ਅਤੇ ਰੰਗਮੰਚ ਮਹਾਉਤਸਵ ਦੇ ਸਮਾਪਤੀ ਮੌਕੇ ਉੱਘੇ ਫ਼ਿਲਮਕਾਰ ਮਨਮੋਹਨ ਸਿੰਘ, ਪ੍ਰਸਿੱਧ ਪੰਜਾਬੀ ਅਦਾਕਾਰ ਯੋਗਰਾਜ ਸਿੰਘ, ਗੁੱਗੂ ਗਿੱਲ, ਵਿਜੇ ਟੰਡਨ, ਗਾਇਕ ਮੁਹੰਮਦ ਸਦੀਕ ਤੇ ਸੁਰਿੰਦਰ ਛਿੰਦਾ ਅਤੇ ਫ਼ਿਲਮ ਨਿਰਦੇਸ਼ਕ ਸੁਮੀਤ ਕੰਗ ਦਾ ਸਨਮਾਨ ਕੀਤਾ। ਮੁੱਖ ਮੰਤਰੀ ਨੇ ਐਸੋਸੀਏਸ਼ਨ ਦਾ ਸੋਵੀਨਾਰ ਵੀ ਰਿਲੀਜ਼ ਕੀਤਾ। ਇਸ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕਰਦਿਆਂ ਪੰਜਾਬੀ ਯੂਨੀਵਰਸਿਟੀ ਬਾਰੇ ਵਿਸਤ੍ਰਤ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਗੁਰਲਾਲ ਘਨੌਰ, ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ, ਨੀਨਾ ਮਿੱਤਲ, ਚੇਤੰਨ ਸਿੰਘ ਜੌੜੇਮਾਜਰਾ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜ਼ੀਗਰ, ਪੰਜਾਬੀ ਫ਼ਿਲਮ ਐਂਡ ਟੀ. ਵੀ. ਐਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ, ਮੀਤ ਪ੍ਰਧਾਨ ਬੀਨੂ ਢਿੱਲੋਂ, ਸਕੱਤਰ ਮਲਕੀਤ ਰੌਣੀ ਤੋਂ ਇਲਾਵਾ ਵੱਡੀ ਗਿਣਤੀ ’ਚ ਪੰਜਾਬੀ ਫ਼ਿਲਮਾਂ ਤੇ ਟੀ. ਵੀ. ਕਲਾਕਾਰ ਅਤੇ ਵਿਦਿਆਰਥੀ ਮੌਜੂਦ ਸਨ।
 


Manoj

Content Editor

Related News