CM ਮਾਨ ਨੇ ਹੁਸੈਨੀਵਾਲ ਲਈ ਕੀਤਾ ਅਹਿਮ ਐਲਾਨ, ਸੈਰ-ਸਪਾਟਾ ਸ਼ਹਿਰ ਵਜੋਂ ਵਿਕਸਿਤ ਕਰਨ ਦੀ ਆਖੀ ਗੱਲ

Thursday, Mar 23, 2023 - 05:24 PM (IST)

CM ਮਾਨ ਨੇ ਹੁਸੈਨੀਵਾਲ ਲਈ ਕੀਤਾ ਅਹਿਮ ਐਲਾਨ, ਸੈਰ-ਸਪਾਟਾ ਸ਼ਹਿਰ ਵਜੋਂ ਵਿਕਸਿਤ ਕਰਨ ਦੀ ਆਖੀ ਗੱਲ

ਫ਼ਿਰੋਜ਼ਪੁਰ (ਕੁਮਾਰ) : ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦਾਂ ਦੀਆਂ ਯਾਦਗਾਰਾਂ 'ਤੇ ਸੂਬਾ ਪੱਧਰੀ ਸ਼ਹੀਦੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਉਨ੍ਹਾਂ ਦੇ ਸਮਾਰਕ 'ਤੇ ਫੁੱਲਾਂ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਮੁੱਖ ਮੰਤਰੀ ਨੇ ਸ਼ਹੀਦ ਬੀ.ਕੇ.ਦੱਤ ਅਤੇ ਪੰਜਾਬ ਮਾਤਾ ਦੀ ਸਮਾਧ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਅਸੀਂ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਪੰਜਾਬ ਸਰਕਾਰ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰੇਗੀ ਅਤੇ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ, ਕੰਪਿਊਟਰ ਅਤੇ ਲੈਪਟਾਪ ਸੌਂਪੇਗੀ ਤਾਂ ਜੋ ਸਾਡਾ ਪੰਜਾਬ ਅਤੇ ਦੇਸ਼-ਵਿਦੇਸ਼ ਵਿੱਚ ਵਿਕਾਸ ਵੱਲ ਵਧ ਸਕੇ। ਉਨ੍ਹਾਂ ਆਖਿਆ ਕਿ ਇਹ ਪਹਿਲੀ ਵਾਰ ਹੈ ਸਰਕਾਰ ਨੇ ਕਰੀਬ ਇੱਕ ਸਾਲ ਪਹਿਲਾਂ ਸ਼ਹੀਦਾਂ ਦੇ ਪਿੰਡ ਵਿੱਚ ਪੰਜਾਬ ਦੇ 3 ਕਰੋੜ ਦੇ ਕਰੀਬ ਲੋਕਾਂ ਦੀ ਤਾਕਤ ਨਾਲ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਸੀ।

ਇਹ ਵੀ ਪੜ੍ਹੋ- ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਅਦਾਲਤ ਨੇ 22 ਦੋਸ਼ੀਆਂ ਨੂੰ ਸੁਣਾਈ ਸਜ਼ਾ

ਮੁੱਖ ਮੰਤਰੀ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਇਸ ਗੱਲ ਦੀ ਚਿੰਤਾ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਕਿਨ੍ਹਾਂ ਹੱਥਾਂ ਵਿੱਚ ਜਾਵੇਗਾ ਅਤੇ ਉਨ੍ਹਾਂ ਦਾ ਡਰ ਸੱਚ ਸਾਬਤ ਹੋਇਆ ਹੈ। ਸ਼ਹੀਦਾਂ ਦੇ ਸੁਫ਼ਨੇ ਪਿਛਲੇ 75 ਸਾਲਾਂ ਵਿੱਚ ਪੂਰੇ ਨਹੀਂ ਹੋ ਸਕੇ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦਾਂ ਦੇ ਸਾਰੇ ਉਨ੍ਹਾਂ ਸੁਫ਼ਨਿਆਂ ਸਾਕਾਰ ਕਰੇਗੀ। ਗਰੀਬੀ, ਅਨਪੜ੍ਹਤਾ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਨੌਜਵਾਨਾਂ ਦਾ ਵਿਦੇਸ਼ ਜਾਣਾ ਉਨ੍ਹਾਂ ਦੀ ਸਰਕਾਰ ਦੇ ਸਾਹਮਣੇ ਵੱਡੀਆਂ ਚੁਣੌਤੀਆਂ ਹਨ, ਜਿਨ੍ਹਾਂ ਨੂੰ ਸਰਕਾਰ ਵੱਲੋਂ ਹੌਲੀ-ਹੌਲੀ ਠੀਕ ਕੀਤਾ ਜਾ ਰਿਹਾ ਹੈ। ਸੂਬੇ 'ਚ ਪੰਜਾਬ ਵਿੱਚ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਪਹਿਲ ਦਿੱਤੀ ਗਈ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਉਨ੍ਹਾਂ ਦੀ ਕਾਬਲੀਅਤ ਦੇ ਮੁਤਾਬਕ ਨੌਕਰੀਆਂ ਮਿਲਣਗੀਆਂ ਅਤੇ ਉਨ੍ਹਾਂ ਨੂੰ ਪੰਜਾਬ ਛੱਡ ਕੇ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਇੰਟਰਨੈੱਟ ਸੇਵਾਵਾਂ ਨੂੰ ਲੈ ਕੇ ਨਵੇਂ ਆਦੇਸ਼ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਵਧਾਈ ਪਾਬੰਦੀ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਪੰਜਾਬ ਬਿਜਲੀ, ਬੁਨਿਆਦੀ ਢਾਂਚੇ, ਉਦਯੋਗ, ਸਿੱਖਿਆ ਆਦਿ ਪੱਖੋਂ ਆਤਮਨਿਰਭਰ ਬਣੇ ਅਤੇ ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬੜੀ ਤੇਜ਼ੀ ਨਾਲ ਕੰਮ ਕਰ ਰਹੀ ਹੈ।
 ਉਨ੍ਹਾਂ ਕਿਹਾ ਕਿ 5/6 ਸਾਲ ਦੀ ਉਮਰ ਵਿੱਚ ਸ਼ਹੀਦੇ ਆਜ਼ਮ ਭਗਤ ਸਿੰਘ ਦੇਸ਼ ਨੂੰ ਅੰਗਰੇਜ਼ੀ ਰਾਜ ਤੋਂ ਆਜ਼ਾਦ ਕਰਵਾਉਣ ਦੀ ਇੱਛਾ ਰੱਖਦੇ ਸਨ ਅਤੇ ਉਨ੍ਹਾਂ ਨੇ 22/23 ਸਾਲ ਦੀ ਉਮਰ ਵਿੱਚ ਆਪਣੀ ਕੁਰਬਾਨੀ ਦੇ ਕੇ ਸਾਡੇ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਇਆ ਸੀ। ਮਾਨ ਨੇ ਪਿਛਲੀਆਂ ਸਰਕਾਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀ ਹੁਸੈਨੀਵਾਲਾ ਵਿੱਚ ਨਹੀਂ ਆਉਂਦੇ ਸਨ ਅਤੇ ਵੱਡੇ-ਵੱਡੇ ਗੇਟ ਕੁੰਡੀਆਂ ਲਗਾ ਕੇ ਮਹਿਲਾਂ ਦੇ ਅੰਦਰ ਬੈਠੇ ਰਹਿੰਦੇ ਸਨ ਅਤੇ ਹੁਣ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੇ ਮਹਿਲਾਂ ਦੇ ਦਰਵਾਜ਼ੇ ਹਮੇਸ਼ਾਂ-ਹਮੇਸ਼ਾ ਲਈ ਬੰਦ ਕਰ ਦਿੱਤੇ ਹਨ।

ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਫਰੀਦਕੋਟ ਅਦਾਲਤ 'ਚ ਪੇਸ਼ ਹੋਏ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਫਿਰੋਜ਼ਪੁਰ ਅਤੇ ਹੁਸੈਨੀਵਾਲਾ ਨੂੰ ਸੈਰ-ਸਪਾਟਾ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ, ਇਤਿਹਾਸਕ ਚੀਜ਼ਾ ਨੂੰ ਇਥੇ ਲਿਆ ਕੇ ਰੱਖਿਆ ਜਾਵੇਗਾ ਅਤੇ ਦੇਸ਼-ਵਿਦੇਸ਼ਾਂ ਤੋਂ ਲੋਕ ਇੱਥੇ ਆਇਆ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਨਾਂ 'ਤੇ ਰਖਵਾਇਆ ਹੈ, ਜਿੱਥੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਲਗਾਇਆ ਜਾਵੇਗਾ ਅਤੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਸਰਕਾਰਾਂ ਅਤੇ ਲੀਡਰ ਆਉਂਦੇ-ਜਾਂਦੇ ਰਹਿੰਦੇ ਹਨ ਪਰ ਸ਼ਹੀਦ ਹਮੇਸ਼ਾ ਅਮਰ ਰਹਿੰਦੇ ਹਨ, ਇਸ ਲਈ ਹਰ ਪ੍ਰਾਜੈਕਟ ਨੂੰ ਸ਼ਹੀਦਾਂ ਦੇ ਨਾਂ 'ਤੇ ਰੱਖਿਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹਰ ਸਾਲ 2100 ਪੁਲਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਪੰਜਾਬ ਦੇ ਸਕੂਲਾਂ ਵਿੱਚ ਪੀ. ਟੀ. ਮਾਸਟਰਾਂ ਦੀਆਂ ਅਸਾਮੀਆਂ ਵੀ ਭਰੀਆਂ ਜਾਣਗੀਆਂ, ਹਰ ਨੌਜਵਾਨ ਨੂੰ ਉਸ ਦੀ ਯੋਗਤਾ ਅਨੁਸਾਰ ਨੌਕਰੀਆਂ ਦਿੱਤੀਆਂ ਜਾਣਗੀਆਂ, ਪੰਜਾਬ ਵਿੱਚ ਵੱਡੇ ਪ੍ਰੋਜੈਕਟ ਸਥਾਪਿਤ ਕੀਤੇ ਜਾਣਗੇ ਤੇ ਸਾਰੇ ਹੀ ਕੱਚੇ ਕਰਮਚਾਰੀ ਪੱਕੇ ਕੀਤੇ ਜਾਣਗੇ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 
 


author

Simran Bhutto

Content Editor

Related News