CM ਭਗਵੰਤ ਮਾਨ ਨੇ ਖੰਨਾ ਅਨਾਜ ਮੰਡੀ ''ਚ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ

Friday, Apr 08, 2022 - 10:39 PM (IST)

CM ਭਗਵੰਤ ਮਾਨ ਨੇ ਖੰਨਾ ਅਨਾਜ ਮੰਡੀ ''ਚ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ

ਖੰਨਾ/ ਲੁਧਿਆਣਾ : ਸੂਬੇ 'ਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਸਮੇਤ ਕਣਕ ਦੀ ਖਰੀਦ ਨਾਲ ਸਬੰਧਿਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਅਨਾਜ ਮੰਡੀ ਖੰਨਾ 'ਚ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਆਖੀ। ਇਸ ਮੌਕੇ ਮੈਸ. ਖੁਸ਼ੀ ਰਾਮ ਐਂਡ ਕੰਪਨੀ ਦੇ ਫੜ੍ਹ 'ਤੇ ਰਾਜਵੰਤ ਕੌਰ ਪਤਨੀ ਕੁਲਵੰਤ ਸਿੰਘ ਭਾਦਲਾ ਦੀ ਕਣਕ ਦੀ ਨਮੀ 11.8 ਚੈੱਕ ਕੀਤੀ ਗਈ ਅਤੇ ਉਕਤ 50 ਕੁਇੰਟਲ ਢੇਰੀ ਦੀ ਖਰੀਦ ਪੰਜਾਬ ਵੇਅਰ ਹਾਊਸ ਏਜੰਸੀ ਵੱਲੋਂ ਕੀਤੀ ਗਈ ਤੇ ਅਦਾਇਗੀ ਵੀ ਤੁਰੰਤ ਕਿਸਾਨ ਨੂੰ ਆਨਲਾਈਨ ਕਰ ਦਿੱਤੀ ਗਈ। ਇਸ ਸਮੇਂ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕਿਰਤ ਕਿਰਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਮੁੱਖ ਮੰਤਰੀ ਨੂੰ ਖਰੀਦ ਦੇ ਪੁਖਤਾ ਅਤੇ ਮੁਕੰਮਲ ਪ੍ਰਬੰਧ ਕੀਤੇ ਹੋਣ ਬਾਰੇ ਜਾਣੂ ਕਰਵਾਇਆ।

ਇਹ ਵੀ ਪੜ੍ਹੋ : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਉੱਗੋਕੇ ਦੇ ਪਰਿਵਾਰ ਨਾਲ ਖਾਸ ਗੱਲਬਾਤ, ਜਾਣੋ ਕੀ ਕਿਹਾ (ਵੀਡੀਓ)

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਕਣਕ ਥੋੜ੍ਹੀ ਪੱਛੜ ਕੇ ਆਈ ਹੈ ਤੇ ਝਾੜ ਵੀ ਘੱਟ ਹੈ ਪਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਸੂਬੇ 'ਚ 2262 ਮੰਡੀਆਂ ਹਨ, ਜਿਨ੍ਹਾਂ 'ਚ 1862 ਪੱਕੀਆਂ ਤੇ 400 ਆਰਜ਼ੀ ਹਨ, ਜਿਹੜੀਆਂ ਕੋਰੋਨਾ ਵੇਲੇ ਬਣਾਈਆਂ ਗਈਆਂ ਸਨ ਤੇ ਉਨ੍ਹਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਵਾਰ ਸੂਬੇ ਦੀਆਂ ਮੰਡੀਆਂ ਵਿੱਚ 135 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੀ ਆਸ ਹੈ। ਖੰਨਾ ਮੰਡੀ 'ਚ ਲਗਭਗ 97,000 ਐੱਮ. ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ, ਜਦ ਕਿ ਜ਼ਿਲਾ ਲੁਧਿਆਣਾ ਵਿੱਚ 9.24 ਲੱਖ ਐੱਮ.ਟੀ. ਕਣਕ ਦੇ ਆਉਣ ਦਾ ਅਨੁਮਾਨ ਹੈ। ਭਗਵੰਤ ਮਾਨ ਨੇ ਦੱਸਿਆ ਕਿ ਯੂਕ੍ਰੇਨ ਦੇ ਹਾਲਾਤ ਕਾਰਨ ਕਣਕ ਦੀ ਮੰਗ ਵਧੀ ਹੈ ਤੇ ਵਪਾਰੀਆਂ ਵੱਲੋਂ ਐੱਮ. ਐੱਸ. ਪੀ. ਤੋਂ ਵੱਧ ਭਾਅ 'ਤੇ ਕਣਕ ਖਰੀਦੀ ਜਾ ਰਹੀ ਹੈ। ਸਰਕਾਰ ਦੀਆਂ ਮੰਡੀਆਂ 'ਚੋਂ ਟੈਕਸ ਭਰ ਕੇ ਵਪਾਰੀਆਂ ਵੱਲੋਂ ਨਿਰਵਿਘਨ ਕਣਕ ਖਰੀਦੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਦਾ ਸਮਾਂਬੱਧ ਢੰਗ ਨਾਲ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਗਿਆ ਹੈ। ਸਰਕਾਰ ਵੱਲੋਂ ਮੰਡੀਆਂ ਦੀ ਲਗਾਤਾਰ ਮਾਨੀਟਰਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

ਸੀ. ਐੱਮ. ਨੇ ਦੱਸਿਆ ਕਿ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਹਨ ਕਿ ਟਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਕੋਈ ਦਿੱਕਤ ਨਾ ਆਵੇ ਤੇ ਅੰਨਦਾਤੇ ਨੂੰ ਅੰਨਦਾਤਾ ਸਮਝਿਆ ਜਾਵੇ। ਹੁਣ ਤੱਕ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਰੋਲਿਆ ਤੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਦੀਵਾਲੀਆਂ ਤੇ ਦੁਸ਼ਹਿਰੇ ਮੰਡੀਆਂ ਵਿੱਚ ਫਸਲਾਂ ਕੋਲ ਬੈਠ ਕੇ ਹੀ ਬੀਤਦੇ ਰਹੇ। ਉਨ੍ਹਾਂ ਕਿਹਾ ਕਿ ਹੁਣ ਇਹ ਬੀਤੇ ਦੀਆਂ ਗੱਲਾਂ ਹੋ ਗਈਆਂ ਹਨ ਤੇ ਜ਼ਮਾਨਾ ਨਵਾਂ ਆ ਗਿਆ ਹੈ। ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਪਾਣੀ, ਲਾਈਟਾਂ, ਬੈਠਣ, ਪਖਾਨਿਆਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਸੂਬੇ ਤੋਂ ਬਾਹਰੋਂ ਕਣਕ ਦੀ ਆਮਦ ਨਾ ਹੋਵੇ, ਇਸ ਸਬੰਧੀ ਵੀ ਸਖਤ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋਵੇ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਐੱਮ. ਐੱਲ. ਏ. ਤਰਨਪ੍ਰੀਤ ਸਿੰਘ ਸੌਂਧ, ਵਿੱਤ ਕਮਿਸ਼ਨਰ ਖੇਤੀਬਾੜੀ ਤੇ ਕਿਸਾਨ ਭਲਾਈ, ਡੀ. ਕੇ. ਤਿਵਾੜੀ, ਡਿਪਟੀ ਡਾਇਰੈਕਟਰ (ਫੀਲਡ) ਮੁਨੀਸ਼ ਨਰੂਲਾ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਲੁਧਿਆਣਾ (ਵੈਸਟ) ਹਰਵੀਨ ਕੌਰ ਤੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਈਸਟ) ਸ਼੍ਰੀਮਤੀ ਸ਼ਿਫਾਲੀ ਚੋਪੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


author

Manoj

Content Editor

Related News