CM ਭਗਵੰਤ ਮਾਨ ਨੇ ਪ੍ਰਬੰਧਕੀ ਸਕੱਤਰਾਂ ਨਾਲ ਕੀਤੀ ਮੀਟਿੰਗ, ਮਹਿਕਮਿਆਂ ਨੂੰ ਦਿੱਤੇ ਇਹ ਹੁਕਮ

Wednesday, Dec 06, 2023 - 06:10 PM (IST)

CM ਭਗਵੰਤ ਮਾਨ ਨੇ ਪ੍ਰਬੰਧਕੀ ਸਕੱਤਰਾਂ ਨਾਲ ਕੀਤੀ ਮੀਟਿੰਗ, ਮਹਿਕਮਿਆਂ ਨੂੰ ਦਿੱਤੇ ਇਹ ਹੁਕਮ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਾਰੇ ਮਹਿਕਮਿਆਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਵਿਕਾਸ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ ਹੈ। ਮੀਟਿੰਗ ਲੈਣ ਉਪਰੰਤ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਮੀਟਿੰਗ ਸਬੰਧੀ ਜਾਣਕਾਰੀ ਦਿੱਤੀ।

PunjabKesari

ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਅੱਜ ਸਾਰੇ ਮਹਿਕਮਿਆਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਸਰਕਾਰ ਦੀਆਂ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਸਾਰੇ ਮਹਿਕਮਿਆਂ ਨੂੰ ਸਮੇਂ ਸਿਰ ਸਾਰੇ ਕੰਮ ਮੁਕੰਮਲ ਕਰਨ ਨੂੰ ਕਿਹਾ ਹੈ ਅਤੇ ਨਾਲ ਹੀ ਲੋਕਾਂ ਦੇ ਹਿੱਤਾਂ ਲਈ ਨਵੀਆਂ ਸਕੀਮਾਂ ਦੀ ਰੂਪਰੇਖਾ ਵੀ ਤਿਆਰ ਕਰਨ ਨੂੰ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਲਈ ਫੰਡ ਦੀ ਕੋਈ ਕਮੀ ਨਹੀਂ ਹੈ। ਪੰਜਾਬ ਵਿਕਾਸ ਦੀਆਂ ਲੀਹਾਂ 'ਤੇ ਚੱਲ ਰਿਹਾ ਹੈ। 

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਵਰਗੇ ਖੇਤਰ ਸੂਬਾ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਖੇਤਰਾਂ ਉਤੇ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਭਰ ਵਿੱਚ ਚੱਲ ਰਹੇ ਪ੍ਰਾਜੈਕਟਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਨਵੀਆਂ ਸਕੀਮਾਂ ਦੀ ਰੂਪ-ਰੇਖਾ ਉਲੀਕਣੀ ਚਾਹੀਦੀ ਹੈ। 

ਇਹ ਵੀ ਪੜ੍ਹੋ : PPR ਮਾਰਕੀਟ ’ਚ ਜਾਣ ਵਾਲੇ ਸਾਵਧਾਨ, ਵੱਡੇ ਐਕਸ਼ਨ ਦੀ ਤਿਆਰੀ 'ਚ ਪੁਲਸ, ਮਾਲਕ ਵੀ ਨਹੀਂ ਜਾਣਗੇ ਬਖ਼ਸ਼ੇ

ਮੁੱਖ ਮੰਤਰੀ ਨੇ ਕਿਹਾ ਕਿ ਵਡੇਰੇ ਜਨਤਕ ਹਿੱਤ ਵਿੱਚ ਨਵੀਆਂ ਭਲਾਈ ਸਕੀਮਾਂ ਤਿਆਰ ਕਰਕੇ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹਰੇਕ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖ ਰਿਹਾ ਹੈ ਅਤੇ ਦੇਸ਼ ਵਿੱਚ ਅੱਵਲ ਸੂਬੇ ਵਜੋਂ ਉਭਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਨਿਰਧਾਰਤ ਬਜਟ ਨੂੰ ਸਮੇਂ ਸਿਰ ਵਰਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ ਸ਼ਾਸਨ ਅਤੇ ਪਾਰਦਰਸ਼ੀ ਪ੍ਰਸ਼ਾਸਕੀ ਕੰਮਕਾਜ ਮੁਹੱਈਆ ਕਰਵਾਉਣਾ ਸੂਬੇ ਦੀ ਪ੍ਰਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹੇਠਲੇ ਪੱਧਰ ਉਤੇ ਹਰੇਕ ਯੋਗ ਲਾਭਪਾਤਰੀ ਤੱਕ ਇਨ੍ਹਾਂ ਭਲਾਈ ਸਕੀਮ ਲਾਭ ਪਹੁੰਚਾਇਆ ਜਾਵੇ। 

ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋੜਵੰਦ ਵਿਅਕਤੀ ਨੂੰ ਲਾਭ ਪਹੁੰਚਾਉਣ ਲਈ ਢੁਕਵੀਂ ਵਿਵਸਥਾ ਉਲੀਕਣ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਨਿਰੰਤਰ ਨਿਗਰਾਨੀ ਰੱਖਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਅਤੇ ਲਿਹਾਜਦਾਰੀ ਨੂੰ ਬਰਦਾਸ਼ਤ ਨਹੀਂ ਕਰੇਗੀ।  

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਰ ਹਾਲ ਵਿੱਚ ਇਹ ਯਕੀਨੀ ਬਣਾਏਗੀ ਕਿ ਇਨ੍ਹਾਂ ਸਕੀਮਾਂ ਦਾ ਫਾਇਦਾ ਸਿਰਫ਼ ਯੋਗ ਲੋਕਾਂ ਨੂੰ ਹੀ ਮਿਲੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸੂਬੇ ਨੂੰ ਸਹੀ ਮਾਅਨਿਆਂ ਵਿੱਚ ‘ਰੰਗਲਾ ਪੰਜਾਬ’ ਬਣਾਇਆ ਜਾਵੇ, ਜਿੱਥੇ ਹਰੇਕ ਨਾਗਰਿਕ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰ ਸਕੇ। ਭਗੰਵਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਹਾਸਲ ਕਰਨਾ ਹਰੇਕ ਯੋਗ ਵਿਅਕਤੀ ਹੱਕ ਹੈ ਅਤੇ ਅਧਿਕਾਰੀਆਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਕੋਈ ਵੀ ਲਾਭਪਾਤਰੀ ਇਹ ਲਾਭ ਲੈਣ ਤੋਂ ਵਿਰਵਾ ਨਾ ਰਹੇ। 

ਇਹ ਵੀ ਪੜ੍ਹੋ : ਜਲੰਧਰ ਦੇ ਇਸ ਮਸਾਜ ਸੈਂਟਰ ’ਚ ਚੱਲ ਰਿਹੈ ਗੰਦਾ ਧੰਦਾ, ਸਾਹਮਣੇ ਆਏ ਸਟਿੰਗ ਨਾਲ ਹੋਇਆ ਵੱਡਾ ਖ਼ੁਲਾਸਾ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

shivani attri

Content Editor

Related News