ਨਵਾਂਸ਼ਹਿਰ 'ਚ CM ਮਾਨ ਨੇ ਸਕੂਲ ਆਫ਼ ਐਮੀਨੈਂਸ ਦਾ ਕੀਤਾ ਉਦਘਾਟਨ, ਨਸ਼ਿਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Monday, Apr 07, 2025 - 07:09 PM (IST)

ਨਵਾਂਸ਼ਹਿਰ 'ਚ CM ਮਾਨ ਨੇ ਸਕੂਲ ਆਫ਼ ਐਮੀਨੈਂਸ ਦਾ ਕੀਤਾ ਉਦਘਾਟਨ, ਨਸ਼ਿਆਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਨਵਾਂਸ਼ਹਿਰ (ਵੈੱਬ ਡੈਸਕ, ਤ੍ਰਿਪਾਠੀ)- ਨਵਾਂਸ਼ਹਿਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ। ਸ਼ਹੀਦ ਭਗਤ ਸਿੰਘ ਨਗਰ ਵਿਖੇ ਮੁੱਖ ਮੰਤਰੀ ਭਗੰਵਤ ਮਾਨ ਨੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ 5.68 ਕਰੋੜ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ 'ਚ ਇਸ ਤਰ੍ਹਾਂ ਦੇ ਲਗਭਗ 350 ਹੋਰ ਸ਼ਾਨਦਾਰ ਸਰਕਾਰੀ ਸਕੂਲ ਬੱਚਿਆਂ ਨੂੰ ਸਮਰਪਿਤ ਕੀਤੇ ਗਏ। ਜਿਸ ਵਿੱਚ ਬੱਚਿਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਬੇਹੱਦ ਸ਼ਾਨਦਾਰ ਇਹ ਸਕੂਲ ਸਿੱਖਿਆ ਦੇ ਨਾਲ-ਨਾਲ ਸਹੂਲਤਾਂ 'ਚ ਵੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਣਗੇ। ਸੂਬੇ ਦੇ ਵਿਦਿਆਰਥੀਆਂ ਨੂੰ ਕੁਆਲਿਟੀ ਸਿੱਖਿਆ ਦੇਣ ਲਈ ਸਾਡੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਜਲਦ ਹੀ ਸਿੱਖਿਆ ਦੇ ਖੇਤਰ 'ਚ ਪੰਜਾਬ ਇੱਕ ਮੋਹਰੀ ਸੂਬਾ ਬਣੇਗਾ। ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਦੌਰਾਨ ਭਗਵੰਤ ਮਾਨ ਅਤੇ ਮਨੀਸ਼ ਸਿਸੋਸੀਆ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਗਈ। ਇਸ ਮੌਕੇ ਜਿੱਥੇ ਭਗਵੰਤ ਮਾਨ ਨੇ ਪੜ੍ਹਾਈ 'ਤੇ ਅਧਿਆਪਕਾਂ ਕੋਲੋਂ ਫੀਡਬੈਕ ਲਈ, ਉਥੇ ਹੀ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਵੀ ਦਿੱਤੀ। 

PunjabKesari

ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਵਿਚ 17 ਹਜ਼ਾਰ ਕਰੋੜ ਤੋਂ ਵਧੇਰੇ ਦਾ ਬਜਟ ਸਿੱਖਿਆ ਲਈ ਰੱਖਿਆ ਗਿਆ ਹੈ। ਪਹਿਲਾਂ ਸਾਰੀ ਕਮਾਈ ਪੜ੍ਹਾਈ 'ਚ ਚਲੀ ਜਾਂਦੀ ਸੀ।ਪੰਜਾਬ ਵਿਚ ਦਿੱਲੀ ਦੇ ਸਿੱਖਿਆ ਮਾਡਲ ਨੂੰ ਅਪਣਾਇਆ ਗਿਆ ਅਤੇ ਨਵੀਂ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੋਈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਪ੍ਰਾਈਵੇਟ ਸਕੂਲਾਂ ਤੋਂ ਬੱਚੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲੈ ਰਹੇ ਹਨ।

ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ਜਾ ਰਹੇ ਬੀ-ਟੈੱਕ ਦੇ ਵਿਦਿਆਰਥੀਆਂ ਨਾਲ ਰੂਹ ਕੰਬਾਊ ਹਾਦਸਾ, ਦੋ ਦੋਸਤਾਂ ਦੀ ਮੌਤ

PunjabKesari

ਨਵਾਂਸ਼ਹਿਰ ’ਚ ਅਤਿ ਆਧੁਨਿਕ ‘ਸਕੂਲ ਆਫ਼ ਐਮੀਨੈਂਸ’ਦਾ ਨਵਾਂ ਬਲਾਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦੇਣ ਨਾਲ ਮਾਪਿਆਂ ਦੀ ਇੱਛਾ ਹੋਵੇਗੀ ਕਿ ਉਨ੍ਹਾਂ ਦਾ ਬੱਚਾ ਸਰਕਾਰੀ ਸਕੂਲ ’ਚੋਂ ਤਾਲੀਮ ਹਾਸਲ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਭਰ ’ਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖ਼ਾਸ ਕਰਕੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀ ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੋਂ ਵਾਂਝਾ ਰੱਖਿਆ ਅਤੇ ਜਿਨ੍ਹਾਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਉਨ੍ਹਾਂ ਨੂੰ ਆਪਣੇ ਪਾਪਾਂ ਦੀ ਸਜ਼ਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਅਜਿਹੇ ਆਗੂਆਂ ਨੂੰ ਪਹਿਲਾਂ ਹੀ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਅਤੇ ਹੁਣ ਉਹ ਸਿਆਸੀ ਗੁੰਮਨਾਮੀ ’ਚ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਇਨ੍ਹਾਂ ਦੋਸ਼ੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਸਬਕ ਸਿਖਾਉਣਗੇ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਇਥੋਂ ਤੱਕ ਕਿ ਵੱਕਾਰੀ ਕੌਮੀ ਸੰਸਥਾਵਾਂ ਵਿੱਚ ਭੇਜ ਰਹੀ ਹੈ ਤਾਂ ਜੋ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਹੋਰ ਤਰਾਸ਼ਿਆ ਜਾ ਸਕੇ। ਉਨ੍ਹਾਂ ਕਿਹਾ ਕਿ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਸਟਾਫ਼ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੀ ਦਰ ਵਧਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ `ਤੇ ਵੱਡਾ ਜ਼ੋਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਧਿਆਪਕ ਅਤੇ ਪ੍ਰਿੰਸੀਪਲ ਸਿਰਫ਼ ਸਿੱਖਿਆ ਤੇ ਧਿਆਨ ਕੇਂਦਰਿਤ ਕਰ ਰਹੇ ਹਨ ਕਿਉਂਕਿ ਬਾਕੀ ਸਕੂਲੀ ਕੰਮਾਂ ਲਈ ਸੂਬਾ ਸਰਕਾਰ ਵੱਲੋਂ ਲੋਡ਼ੀਂਦਾ ਸਟਾਫ਼ ਭਰਤੀ ਕੀਤਾ ਗਿਆ ਹੈ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ਾਂ ਵਿਚ ਭੇਜਿਆ ਜਾ ਰਿਹਾ ਹੈ। ਪੰਜਾਬ ਵਿਚ ਵੀ ਹੁਣ ਲੋਕਾਂ ਵਿਚਾਲੇ ਸਰਕਾਰੀ ਸਕੂਲਾਂ ਦੀ ਚਰਚਾ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਪੂਰੀ ਯੋਗਤਾ ਦੇ ਆਧਾਰ 'ਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਆਉਣ ਵਾਲੇ ਦਿਨਾਂ ਵਿਚ ਹੋਰ ਨਿਯੁਕਤੀ ਪੱਤਰ ਦਿੱਤੇ ਜਾਣਗੇ। 

PunjabKesari

ਉਥੇ ਹੀ ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਚਲਾਈ ਗਈ 'ਯੁੱਧ ਨਸ਼ੇ ਵਿਰੁੱਧ' ਬਾਰੇ ਬੋਲਦੇ ਹੋਏ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਲਗਾਤਾਰ ਜਾਰੀ ਰਹੇਗੀ। ਨਸ਼ਾ ਲੈਣ ਵਾਲੇ ਸਮੱਗਲਰ ਨਹੀਂ ਸਗੋਂ ਮਰੀਜ਼ ਹਨ ਅਤੇ ਬੁਲਡੋਜ਼ਰ ਐਕਸ਼ਨ ਤੋਂ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਬੁਰਾਈ ਖ਼ਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤਾ ਹੈ ਅਤੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪੀਡ਼੍ਹੀਆਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਪੰਜਾਬ ਪਹਿਲਾਂ ਹੀ ਇਸ ਬੁਰਾਈ ਕਾਰਨ ਮਨੁੱਖੀ ਸ਼ਕਤੀ ਦਾ ਅਥਾਹ ਨੁਕਸਾਨ ਝੱਲ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਦੇ ਸਰਗਰਮ ਸਹਿਯੋਗ ਨਾਲ ਇਹ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੀ ਬੁਰਾਈ ਦਾ ਸਫ਼ਾਇਆ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰ ਸਕਦੀ ਕਿ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਘਰ ਸੱਥਰ ਵਿਛੇ ਹੋਣ ਅਤੇ ਦੂਜੇ ਪਾਸੇ ਨਸ਼ਾ ਤਸਕਰ ਜ਼ਿੰਦਗੀ ਦਾ ਆਨੰਦ ਮਾਣਦੇ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ਤੇ ਹਾਸਲ ਕੀਤੀ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਨਸ਼ਟ/ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਹੋਰ ਕੋਈ ਇਸ ਕੰਮ ਵਿੱਚ ਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਲਾਗੂ ਕਰ ਰਹੀ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਆਈ. ਏ. ਐੱਸ./ਆਈ. ਪੀ. ਐੱਸ. ਅਧਿਕਾਰੀ ਸੂਬੇ ਭਰ ਦੇ ਪੇਂਡੂ ਸਕੂਲਾਂ ਨੂੰ ਅਪਣਾਉਣ ਅਤੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਮਾਰਗ ਦਰਸ਼ਨ ਕਰਨ। 

ਇਹ ਵੀ ਪੜ੍ਹੋ: ਪੰਜਾਬ 'ਚ ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 4 ਵਜੇ ਤੱਕ ...

PunjabKesari

ਉਨ੍ਹਾਂ ਕਿਹਾ ਕਿ ਇਹ ਪਾਇਲਟ ਪ੍ਰਾਜੈਕਟ ਸੂਬੇ ਦੇ 80 ‘ਸਕੂਲ ਆਫ਼ ਐਮੀਨੈਂਸ’ ਵਿੱਚ ਸ਼ੁਰੂ ਕੀਤਾ ਜਾਵੇਗਾ ਅਤੇ ਹਰੇਕ ਅਧਿਕਾਰੀ ਨੂੰ ਸਕੂਲ ਪੰਜ ਸਾਲਾਂ ਲਈ ਅਲਾਟ ਕੀਤਾ ਜਾਵੇਗਾ, ਭਾਵੇਂ ਇਸ ਦੌਰਾਨ ਸਬੰਧਤ ਅਧਿਕਾਰੀ ਦੀ ਤਾਇਨਾਤੀ ਕਿਸੇ ਵੀ ਜਗ੍ਹਾ ਹੋਈ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਅਧਿਕਾਰੀਆਂ ਦੀ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਾਰਤਾਲਾਪ ਰਾਹੀਂ ਸਿੱਖਿਆ ਦੇ ਮਾਹੌਲ ਨੂੰ ਹੋਰ ਮਜ਼ਬੂਤ ਕਰੇਗਾ। ਇਸ ਦੇ ਨਾਲ ਹੀ ਅਧਿਕਾਰੀ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਗੇ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਹੁਨਰ ਨੂੰ ਅਪਗ੍ਰੇਡ ਕਰਨ ਲਈ ਸਿਖਲਾਈ ਯਕੀਨੀ ਬਣਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਕਾਰੀ ਇਨ੍ਹਾਂ ਸਕੂਲਾਂ ਦੇ ਵਿਕਾਸ ਲਈ ਸਰੋਤ ਇਕੱਠੇ ਕਰਨ ਅਤੇ ‘ਰਿਸੋਰਸ ਪਰਸਨ’ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਬੌਸ ਵਜੋਂ ਨਹੀਂ, ਸਗੋਂ ਰਾਹ ਦਸੇਰੇ ਵਜੋਂ ਫਰਜ਼ ਨਿਭਾਉਣਗੇ ਅਤੇ ਇਹ ਸਵੈ-ਇੱਛਤ ਸੇਵਾ ਹੋਵੇਗੀ ਅਤੇ ਦਿਲਚਸਪੀ ਰੱਖਣ ਵਾਲੇ ਅਧਿਕਾਰੀਆਂ ਨੂੰ ਆਪਣੀਆਂ ਪਹਿਲਾਂ ਤੋਂ ਨਿਰਧਾਰਤ ਡਿਊਟੀਆਂ ਦੇ ਨਾਲ-ਨਾਲ ਇਸ ਕਾਰਜ ਨੂੰ ਨਿਭਾਉਣਾ ਪਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਹੋਰ ਕ੍ਰਾਂਤੀ ਲਿਆਵੇਗਾ। ਇਹ ਗੱਲ ਤਸੱਲੀਬਖ਼ਸ਼ ਹੈ ਕਿ ਇਨ੍ਹਾਂ ਸਕੂਲਾਂ ਵਿੱਚ ਬਹੁਤ ਹੀ ਹੁਸ਼ਿਆਰ ਵਿਦਿਆਰਥੀ ਪਡ਼੍ਹ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੁੱਲ੍ਹ ਬਜਟ ਦਾ 11 ਫ਼ੀਸਦੀ, ਜੋਕਿ 18,047 ਕਰੋੜ ਰੁਪਏ ਬਣਦਾ ਹੈ, ਸਿੱਖਿਆ ਖ਼ੇਤਰ ਲਈ ਅਲਾਟ ਕਰਕੇ ਵੱਡਾ ਹੁਲਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਕ ਨਵਾਂ, ਖ਼ੁਸ਼ਹਾਲ ਅਤੇ ਪ੍ਰਗਤੀਸ਼ੀਲ ਪੰਜਾਬ ਸਿਰਜਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਿੱਖਿਆ ਖੇਤਰ ਦੇ ਵਿਕਾਸ `ਤੇ ਪੂਰਾ ਧਿਆਨ ਕੇਂਦਰਿਤ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ (ਪੀ. ਟੀ. ਐੱਮ.) ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਭਰ ਦੇ ਲੱਖਾਂ ਮਾਪੇ ਆਪਣੇ ਬੱਚਿਆਂ ਨੂੰ ਦਿੱਤੀ ਜਾ ਰਹੀ ਪੜ੍ਹਾਈ, ਮਾਹੌਲ, ਪਾਠਕ੍ਰਮ ਅਤੇ ਹੋਰ ਚੀਜ਼ਾਂ ਬਾਰੇ ਪੁੱਛਗਿੱਛ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਆਪਕਾਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਸਮਝਾਉਣ ਦਾ ਮੌਕਾ ਵੀ ਪ੍ਰਦਾਨ ਕਰੇਗਾ।

ਇਸ ਦੌਰਾਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਵਿੱਚ ਮਦਦ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਖੇਤਰ ਦੀ ਸੰਪੂਰਨ ਤੌਰ ਉਤੇ ਕਾਇਆਕਲਪ ਕੀਤੀ ਜਾ ਰਹੀ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਸੀਂ ਇਸ ਗੱਲ ਦਾ ਵਾਅਦਾ ਕੀਤਾ ਸੀ ਕਿ ਲੋਕਾਂ ਨੂੰ ਫਿਰਕੂ ਲੀਹਾਂ 'ਤੇ ਵੰਡਣ ਵਾਲੀ ਸਿਆਸਤ ਦਾ ਅਸੀਂ ਹਿੱਸਾ ਨਹੀਂ ਬਣਾਂਗੇ ਸਗੋਂ ਮਿਆਰੀ ਸਿੱਖਿਆ ਰਾਹੀਂ ਨੌਜਵਾਨਾਂ ਨੂੰ ਕਾਬਲ ਤੇ ਸਮਰੱਥ ਬਣਾ ਰਹੇ ਹਾਂ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਤਿੰਨ ਸਾਲਾਂ ਵਿੱਚ ਸੂਬੇ ਦੇ 12000 ਤੋਂ ਵੱਧ ਸਕੂਲਾਂ ਦੀ ਦਿਸ਼ਾ ਤੇ ਦਸ਼ਾ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਪਹਿਲਾਂ ਸਰਕਾਰੀ ਸਕੂਲਾਂ ਦੀ ਤਸਵੀਰ ਬਦਹਾਲ ਹੁੰਦੀ ਸੀ ਪਰ ਇਸ ਵੇਲੇ ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ 29 ਲੱਖ ਵਿਦਿਆਰਥੀਆਂ ਨੂੰ ਆਹਲਾ ਦਰਜੇ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਕੋਲ ਬਹੁਤ ਕਾਬਲ ਤੇ ਹੋਣਹਾਰ ਅਧਿਆਪਕ ਹਨ।

ਸਾਬਕਾ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਦੋ-ਪੜਾਵੀ ਰਣਨੀਤੀ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਪਲਾਈ ਲਾਈਨ ਤੋਡ਼ਨ ਲਈ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਦੂਜੇ ਪਾਸੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨਾਂ ਦੇ ਪੜ੍ਹ-ਲਿਖ ਜਾਣ ਨਾਲ ਨਸ਼ਿਆਂ ਦੀ ਮੰਗ ਹੀ ਨਾ ਰਹੇ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਨ੍ਹਾਂ ਯਤਨਾਂ ਨਾਲ ਪੰਜਾਬ ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਕੇ ਉੱਭਰੇਗਾ। ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ ਜਦਕਿ ਦੂਜੇ ਪਾਸੇ ਦਿੱਲੀ ਵਿੱਚ ਨਵੀਂ ਬਣੀ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਤੋਂ ਮਹਿਰੂਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪ੍ਰਾਈਵੇਟ ਸਕੂਲਾਂ ਵਿੱਚ ਫੀਸ ਦੁੱਗਣੀ ਕਰ ਦਿੱਤੀ ਗਈ ਹੈ ਜੋ ਸਿੱਧੇ ਤੌਰ ’ਤੇ ਆਮ ਲੋਕਾਂ ਖਾਸ ਕਰਕੇ ਕਮਜ਼ੋਰ ਵਰਗਾਂ ਦੀ ਲੁੱਟ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਗਰੀਬਾਂ ਅਤੇ ਕਮਜ਼ੋਰ ਵਰਗਾਂ ਦਾ ਰਾਖਾ ਬਣ ਕੇ ਉੱਭਰਿਆ ਹੈ। ਇਸ ਮੌਕੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਨਛੱਤਰ ਪਾਲ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਪਰਿਵਾਰ ਨੇ ਦਿੱਤੀ ਚਿਤਾਵਨੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News