CM ਭਗਵੰਤ ਮਾਨ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ, ਕੀਤਾ ਇਹ ਐਲਾਨ

04/30/2022 3:45:16 PM

ਚੰਡੀਗੜ੍ਹ : ‘ਆਪ’ ਸਰਕਾਰ ਵਲੋਂ ਆਏ ਦਿਨ ਪੰਜਾਬੀਆਂ ਵਾਸਤੇ ਐਲਾਨ ਕੀਤੇ ਜਾ ਰਹੇ ਹਨ ਅਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮਾਨ ਨੇ ਇਹ ਨਵਾਂ ਐਲਾਨ ਕਰਦਿਆਂ ਕਿਹਾ ਕਿ ਜਿਹੜੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਗੇ ਉਨ੍ਹਾਂ ਨੂੰ ਸਰਕਾਰ ਵਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਵੇਗੀ। 20 ਮਈ ਤੋਂ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰ ਸਕਦੇ ਹਨ। ਮਾਨ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਲੋੜ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਵੀ ਲਾਹੇਵੰਦ ਸਾਬਤ ਹੋਵੇਗੀ।

ਇਹ ਵੀ ਪੜ੍ਹੋ : 'ਨੇਤਾ ਜੀ ਸਤਿ ਸ੍ਰੀ ਅਕਾਲ' ’ਚ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ, ਸੁਣੋ ਤਿੱਖੇ ਸਵਾਲਾਂ ਦੇ ਜਵਾਬ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਆਪਣੀਆਂ ਗਾਰੰਟੀਆਂ ਪੂਰੀਆਂ ਕਰਨ ਦੇ ਨਾਲ ਨਾਲ ਹੋਰ ਵੀ ਕਈ ਐਲਾਨ ਕੀਤੇ ਜਾ ਰਹੇ ਹਨ। ਕੁਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸੇ ਦਰਮਿਆਨ ‘ਆਪ’ ਆਗੂਆਂ ਨੇ ਪੰਜਾਬ ਦੇ ਦੂਸ਼ਿਤ ਹੋ ਰਹੇ ਵਾਤਾਵਰਣ ਪ੍ਰਤੀ ਚਿੰਤਾ ਜ਼ਾਹਿਰ ਕਰਦਿਆਂ ਭਵਿੱਖ ’ਚ ਇਸ ਨੂੰ ਲੈ ਕੇ ਵੀ ਰਣਨੀਤੀ ਬਣਾਉਣ ਦੀਆਂ ਗੱਲਾਂ ਕਹੀਆਂ ਗਈਆਂ ਸਨ। ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਕਿਸਾਨੀ ਅਤੇ ਡੂੰਘੇ ਹੋ ਰਹੇ ਪਾਣੀਆਂ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਸੀ। ਇਸੇ ਤਹਿਤ ਹੀ ਅੱਜ ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕਰਨ ਲਈ ਪ੍ਰਤੀ ਏਕੜ 1500 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

 

Meenakshi

This news is News Editor Meenakshi