CM ਮਾਨ ਵੱਲੋਂ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨਾਲ ਮੀਟਿੰਗ, ਦਿੱਤੇ ਇਹ ਨਿਰਦੇਸ਼

10/12/2022 9:36:01 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਅੱਜ ਸਥਾਨਕ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਚੇਅਰਮੈਨ ਇਹ ਯਕੀਨੀ ਬਣਾਉਣ ਕਿ ਇਹ ਲਾਭ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚਣ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਲਾਭ ਮਿਲੇ।

ਇਹ ਵੀ ਪੜ੍ਹੋ : SYL ਦੇ ਮੁੱਦੇ 'ਤੇ ਸਿਮਰਜੀਤ ਬੈਂਸ ਨੇ CM ਮਾਨ ਨੂੰ ਦਿੱਤੀ ਇਹ ਸਲਾਹ

ਇਕ ਹੋਰ ਏਜੰਡੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਚੇਅਰਮੈਨਾਂ ਨੂੰ ਆਪੋ-ਆਪਣੇ ਬੋਰਡਾਂ ਅਤੇ ਕਾਰਪੋਰੇਸ਼ਨਾਂ 'ਚ ਖਾਲੀ ਪਈਆਂ ਅਸਾਮੀਆਂ ਦੀ ਵਿਸਥਾਰਤ ਸੂਚੀ ਸੌਂਪਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਦੇ ਆਧਾਰ 'ਤੇ ਸੂਬਾ ਸਰਕਾਰ ਬੋਰਡਾਂ ਅਤੇ ਕਾਰਪੋਰੇਸ਼ਨਾਂ 'ਚ ਖਾਲੀ ਅਸਾਮੀਆਂ ਨੂੰ ਭਰਨ ਲਈ ਜਲਦੀ ਹੀ ਇਕ ਵੱਡੀ ਭਰਤੀ ਮੁਹਿੰਮ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਖਾਲੀ ਪਈਆਂ ਅਸਾਮੀਆਂ ਦਾ ਇਨ੍ਹਾਂ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਕੰਮਕਾਜ ’ਤੇ ਮਾੜਾ ਅਸਰ ਪੈ ਰਿਹਾ ਹੈ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਭਰਤੀ ਮੁਹਿੰਮ ਇੱਕ ਪਾਸੇ ਇਨ੍ਹਾਂ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰੇਗੀ ਅਤੇ ਦੂਜੇ ਪਾਸੇ ਸੂਬੇ ਦੇ ਨੌਜਵਾਨਾਂ ਨੂੰ ਰੈਗੂਲਰ ਆਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕਰੇਗੀ। ਉਨ੍ਹਾਂ ਨੇ ਚੇਅਰਮੈਨਾਂ ਨੂੰ ਕਿਹਾ ਕਿ ਉਹ ਆਪਣੇ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਕੰਮਕਾਜ ਦੀ ਨਿਯਮਤ ਤੌਰ 'ਤੇ ਨਿਗਰਾਨੀ ਰੱਖਣ ਤਾਂ ਜੋ ਲੋਕਾਂ ਨੂੰ ਵੱਡੇ ਪੱਧਰ 'ਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ : ਦੀਵਾਲੀ ਤੇ ਗੁਰਪੁਰਬ ਮੌਕੇ ਗ੍ਰੀਨ ਪਟਾਕੇ ਚਲਾਉਣ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ


Mandeep Singh

Content Editor

Related News