ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ

Friday, Apr 14, 2023 - 08:31 PM (IST)

ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ

ਪਟਿਆਲਾ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ 'ਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ : ਜਨਮ ਦਿਵਸ ’ਤੇ ਵਿਸ਼ੇਸ਼ : ਦੱਬੇ-ਕੁਚਲੇ ਤੇ ਪੱਛੜੇ ਵਰਗਾਂ ਲਈ ਫਰਿਸ਼ਤਾ ਸਨ ਡਾ. ਭੀਮ ਰਾਓ ਅੰਬੇਡਕਰ

ਉਨ੍ਹਾਂ ਲੋਕਾਂ ਨੂੰ ਇਸ ਦਿਨ ਦੇ ਅਮੀਰ, ਗੌਰਵਮਈ ਅਤੇ ਸੱਭਿਆਚਾਰਕ ਵਿਰਸੇ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਖ-ਵੱਖ ਖੇਤਰਾਂ ਤੇ ਧਰਮਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ 'ਖਾਲਸਾ ਪੰਥ' ਦੀ ਸਾਜਨਾ ਕੀਤੀ ਸੀ। ਦਸਮੇਸ਼ ਪਿਤਾ ਨੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਚਾਰ ਕੀਤਾ।

ਇਹ ਵੀ ਪੜ੍ਹੋ : ਟੈਕਸਾਸ ਦੇ ਡੇਅਰੀ ਫਾਰਮ 'ਚ ਭਿਆਨਕ ਧਮਾਕਾ, 18000 ਗਾਵਾਂ ਦੀ ਮੌਤ

ਉਨ੍ਹਾਂ ਕਿਹਾ ਕਿ ਇਹ ਤਿਉਹਾਰ ਵਾਢੀ ਦੀ ਸ਼ੁਰੂਆਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਦਾ ਪ੍ਰਤੀਕ ਹੈ। ਇਹ ਮੌਕਾ ਸੂਬੇ ਦੇ ਕਿਸਾਨਾਂ ਦੀ ਮਿਹਨਤ ਦਾ ਫਲ ਇਕੱਤਰ ਕਰਨ ਦਾ ਵੇਲਾ ਹੈ। ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਇਸ ਸਾਲ ਸਥਿਤੀ ਵੱਖਰੀ ਹੈ ਕਿਉਂਕਿ ਲਗਾਤਾਰ ਮੀਂਹ ਕਾਰਨ ਕਿਸਾਨਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਸ ਸਥਿਤੀ 'ਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਸੂਬਾ ਸਰਕਾਰ ਨੇ ਇਸ ਵੱਡੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਲਈ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ ਹੈ।

ਇਹ ਵੀ ਪੜ੍ਹੋ : BSF ਦੀ ਵੱਡੀ ਕਾਰਵਾਈ : ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਕਰੋੜਾਂ ਦੀ ਹੈਰੋਇਨ ਬਰਾਮਦ

ਲੋਕਾਂ ਨੂੰ ਇਸ ਖੁਸ਼ੀ ਦੇ ਤਿਉਹਾਰ ਨੂੰ ਰਵਾਇਤੀ ਧੂਮਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਦੇਸ਼ ਦੇ ਧਰਮ ਨਿਰਪੱਖ ਅਤੇ ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਯਤਨ ਕਰ ਰਹੀ ਹੈ। ਪੰਜਾਬ ਅੱਜ ਦੇਸ਼ ਦੇ ਸਭ ਤੋਂ ਸ਼ਾਂਤ ਰਾਜਾਂ 'ਚੋਂ ਇਕ ਹੈ, ਜਿਸ ਕਾਰਨ ਦੇਸ਼ ਦੇ ਵੱਡੇ ਉਦਯੋਗਪਤੀ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਲੋਕਾਂ ਨੂੰ ਕੁਝ ਅਨਸਰਾਂ ਵੱਲੋਂ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਡਾ. ਬਲਬੀਰ ਸਿੰਘ ਅਤੇ ਹੋਰ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News