ਖਨੌਰੀ ਬਾਰਡਰ ''ਤੇ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ''ਤੇ CM ਮਾਨ ਦਾ ਵੱਡਾ ਬਿਆਨ
Thursday, Feb 29, 2024 - 07:03 PM (IST)
ਚੰਡੀਗੜ੍ਹ/ਪਟਿਆਲਾ (ਵੈੱਬ ਡੈਸਕ)- ਕਿਸਾਨ ਅੰਦੋਲਨ ਦੌਰਾਨ ਬੀਤੇ ਦਿਨੀਂ ਖਨੌਰੀ ਬਾਰਡਰ 'ਤੇ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਕਤ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਕਿ ਘਟਨਾ ਕਿੱਥੇ ਹੋਈ ਹੈ ਅਤੇ ਇਸ ਦੇ ਲਈ ਕੌਣ-ਕੌਣ ਜ਼ਿੰਮੇਵਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਕਾਨੂੰਨੀ ਮਾਹਿਰਾਂ ਤੋਂ ਸਲਾਹ ਲੈਣ ਉਪਰੰਤ ਐੱਫ਼.ਆਈ.ਆਰ. ਦਰਜ ਕੀਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਮਗਰੋਂ ਹੀ ਸ਼ੁਭਕਰਨ ਸਿੰਘ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
ਉਨ੍ਹਾਂ ਕਿਹਾ ਕਿ ਇਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪਹਿਲਾਂ ਹੀ ਕੀਤਾ ਗਿਆ ਅਤੇ ਉਸ ਦੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਵਿਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ 2.0: ਤਿਆਰ ਰਹੇ ਦਿੱਲੀ, ਅੱਜ ਹੋ ਸਕਦੈ ਤਿੱਖੇ ਸੰਘਰਸ਼ ਦਾ ਐਲਾਨ
ਇਥੇ ਦੱਸਣਯੋਗ ਹੈ ਕਿ ਅੱਜ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਉਸ ਦੇ ਬਠਿੰਡਾ ਸਥਿਤ ਜੱਦੀ ਪਿੰਡ ਬੁੱਲੋ ਵਿਚ ਕਰ ਦਿੱਤਾ ਜਾਵੇਗਾ। ਅੰਤਿਮ ਸੰਸਕਾਰ ਤੋਂ ਪਹਿਲਾਂ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਖਨੌਰੀ ਬਾਰਡਰ 'ਤੇ ਅੰਤਿਮ ਦਰਸ਼ਨਾਂ ਲਈ ਲਿਜਾਇਆ ਗਿਆ ਹੈ। ਖਨੌਰੀ ਬਾਰਡਰ 'ਤੇ ਕਿਸਾਨਾਂ ਨੇ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ 'ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਕਿਸਾਨੀ ਨਾਅਰੇ ਲਗਾਏ। ਇਸ ਦੌਰਾਨ ਹਰ ਕਿਸੇ ਦੀ ਅੱਖ ਨਮ ਨਜ਼ਰ ਆਈ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ, ਸ੍ਰੀ ਬੇਰ ਸਾਹਿਬ ਮੱਥਾ ਟੇਕਣ ਆਈ ਔਰਤ ਨੇ ਗੁਰਦੁਆਰਾ ਸਾਹਿਬ ’ਚ ਤਿਆਗੇ ਪ੍ਰਾਣ
ਪਾਤੜਾਂ 'ਚ ਧਾਰਾ-302 ਤੇ 114 ਦਰਜ ਕੀਤੀ ਗਈ ਹੈ ਐੱਫ਼. ਆਈ. ਆਰ.
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪਟਿਆਲਾ ਪੁਲਸ ਨੇ ਖਨੌਰੀ ਬਾਰਡਰ 'ਤੇ ਸ਼ਹੀਦ ਹੋਏ 21 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ 'ਚ ਪਾਤੜਾਂ 'ਚ ਧਾਰਾ-302 ਅਤੇ 114 ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਜ਼ੀਰੋ ਐੱਫ਼. ਆਈ. ਆਰ. ਦਰਜ ਕਰ ਲਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਈ. ਜੀ. ਸੁਖਚੈਨ ਗਿੱਲ ਨੇ ਦੱਸਿਆ ਕਿ ਸ਼ੁਭਕਰਨ ਸਿੰਘ ਦੇ ਮਾਮਲੇ 'ਚ ਕਾਨੂੰਨੀ ਮਾਹਿਰਾਂ ਤੋਂ ਸਲਾਹ ਲੈਣ ਮਗਰੋਂ ਜ਼ੀਰੋ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ।
ਇਸ ਕੇਸ ਦੀ ਅਗਲੇਰੀ ਤਫ਼ਤੀਸ਼ ਕਾਨੂੰਨ ਮੁਤਾਬਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਪਰਿਵਾਰ ਵੱਲੋਂ ਸ਼ੁਭਕਰਨ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਅਤੇ ਉਨ੍ਹਾਂ ਦੀ ਧੀ ਨੂੰ ਕਾਂਸਟੇਬਲ ਦੀ ਨੌਕਰੀ ਦਿੱਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਦੌਰਾਨ ਗੋਲ਼ੀ ਲੱਗਣ ਕਰਕੇ ਸ਼ਹੀਦ ਹੋਏ 21 ਸਾਲਾ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿਚ ਪਾਤੜਾਂ ਥਾਣਾ ਪੁਲਸ ’ਚ ਜ਼ੀਰੋ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਸ ਥਾਣੇ ਅਧੀਨ ਆਉਂਦੀ ਚੌਂਕੀ ਠਰੁਆ ਦੇ ਅਧਿਕਾਰ ਖੇਤਰ ਵਿਚ ਆਉਂਦੇ ਖਨੌਰੀ ਬਾਰਡਰ ਵਿਖੇ ਇਹ ਹਾਦਸਾ ਵਿਖਾਇਆ ਗਿਆ ਹੈ। ਇਸ ਤੋਂ ਬਾਅਦ ਪੁਲਸ ਨੇ ਅਣਜਾਣ ਵਿਅਕਤੀਆਂ ਅਤੇ ਪੁਲਸ ਅਧਿਕਾਰੀਆਂ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 302 ਅਤੇ 114 ਤਹਿਤ ਪਰਚਾ ਦਰਜ ਕਰ ਲਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।