CM ਭਗਵੰਤ ਮਾਨ ਦਾ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ''ਤੇ ਸ਼ਾਇਰਾਨਾ ਅੰਦਾਜ਼ ''ਚ ਤੰਜ
Monday, Sep 25, 2023 - 06:49 PM (IST)
ਜਲੰਧਰ/ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਲੈ ਕੇ ਤੰਜ ਕੱਸਿਆ ਹੈ। ਸ਼ਾਇਰਾਨਾ ਅੰਦਾਜ਼ ਵਿਚ ਸੀ. ਐੱਮ. ਮਾਨ ਨੇ ਟਵੀਟ ਕਰਕੇ ਕਿਹਾ ਕਿ ਖ਼ੁਦ ਹੀ ਕਹਿਤੇ ਥੇ ਕਰਲੋ ਜੋ ਕਰਨਾ ਹੈ ਹਮ ਇੰਤਜ਼ਾਰ ਕਰੇਂਗੇ.. ਖ਼ੁਦ ਹੀ ਕਹਿਤੇ ਹੈਂ ਕਿ ਹਮੇਂ ਡਰ ਹੈ ਕਿ ਗ੍ਰਿਫ਼ਤਾਰ ਕਰੇਂਗੇ…ਸੱਚ ਬੋਲਣਾ ਅਤੇ ਸੱਚ 'ਤੇ ਰਹਿਣਾ ਬਹੁਤ ਔਖਾ ਹੁੰਦੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਇਮਾਨਦਾਰੀ ਦਾ ਪਾਠ ਪੜ੍ਹਾਉਣ ਵਾਲੇ ਹੁਣ ਕਾਨੂੰਨ ਦੇ ਸ਼ਿਕੰਜੇ ਤੋਂ ਬਚਣ ਲਈ ਅੱਕੀਂ ਪਲਾਹੀਂ ਹੱਥ ਮਾਰ ਰਹੇ ਹਨ। ਅੱਜ ਇਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਬੋਲਣ ਅਤੇ ਸੱਚ ਉਤੇ ਪਹਿਰਾ ਦੇਣ ਵਿੱਚ ਬਹੁਤ ਫਰਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਲੀਡਰ ਅਕਸਰ ਕਿਹਾ ਕਰਦੇ ਸਨ ਕਿ ਉਸ ਖ਼ਿਲਾਫ਼ ਜੋ ਵੀ ਕਾਰਵਾਈ ਹੋਵੇਗੀ, ਉਹ ਉਸ ਦਾ ਸਾਹਮਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਕਾਨੂੰਨੀ ਕਾਰਵਾਈ ਦੇ ਡਰ ਤੋਂ ਇਹ ਨੇਤਾ ਗ੍ਰਿਫ਼ਤਾਰ ਹੋਣ ਦੇ ਖ਼ਦਸ਼ੇ ਜ਼ਾਹਰ ਕਰਕੇ ਕਾਨੂੰਨੀ ਸੁਰੱਖਿਆ ਮੰਗ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਖੰਡੀ ਲੀਡਰਾਂ ਨੇ ਹਮੇਸ਼ਾ ਲੱਛੇਦਾਰ ਭਾਸ਼ਣਾਂ ਨਾਲ ਲੋਕਾਂ ਨੂੰ ਮੂਰਖ ਬਣਾਇਆ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦੀ ਆੜ ਵਿੱਚ ਇਨ੍ਹਾਂ ਨੇਤਾਵਾਂ ਨੇ ਸੂਬੇ ਦੇ ਖਜ਼ਾਨੇ ਨੂੰ ਲੁੱਟਿਆ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ ਅਤੇ ਸਰਕਾਰ ਦੇ ਖਜ਼ਾਨੇ ਦਾ ਇਕ-ਇਕ ਪੈਸਾ ਵਸੂਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੂੰ ਇਮਾਨਦਾਰੀ ਅਤੇ ਸਾਦਗੀ ਦੇ ਵੱਡੇ ਦਾਅਵੇ ਕਰਨ ਦੀ ਬਜਾਏ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਜੋੜੇ ਦੀਆਂ ਵਾਇਰਲ ਇਤਰਾਜ਼ਯੋਗ ਵੀਡੀਓਜ਼ ਦੇ ਮਾਮਲੇ 'ਚ ਨਵਾਂ ਮੋੜ, ਗ੍ਰਿਫ਼ਤਾਰ ਕੁੜੀ ਦਾ ਪਰਿਵਾਰ ਆਇਆ ਸਾਹਮਣੇ
ਉਨ੍ਹਾਂ ਕਿਹਾ ਕਿ ਸਮੁੱਚਾ ਪੰਜਾਬ ਸਾਬਕਾ ਵਿੱਤ ਮੰਤਰੀ ਦੇ ਮਾੜੇ ਕਾਰਨਾਮਿਆਂ ਤੋਂ ਭਲੀ-ਭਾਂਤ ਵਾਕਫ਼ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਲੰਮਾ ਸਮਾਂ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੇ ਖਜ਼ਾਨੇ ਲੁੱਟਣ ਵਾਲੇ ਲੋਕਾਂ ਨਾਲ ਗੰਢਤੁੱਪ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨਪ੍ਰੀਤ ਦੇ ਵਿੱਤ ਮੰਤਰੀ ਹੁੰਦਿਆਂ ਲੋਕਾਂ ਦੀ ਭਲਾਈ ਲਈ ਖਜ਼ਾਨੇ ਖਾਲੀ ਹੁੰਦੇ ਸਨ ਪਰ ਕੁਝ ਲੋਕਾਂ ਨੂੰ ਸਰਕਾਰ ਦੇ ਖਜ਼ਾਨੇ ਦੇ ਪੈਸੇ ਦੀ ਅੰਨ੍ਹੀ ਲੁੱਟ ਦੀ ਖੁੱਲ੍ਹ ਸੀ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਬਠਿੰਡਾ ਨੇ ਭਾਜਪਾ ਨੇਤਾ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਵਿਅਕਤੀਆਂ ’ਤੇ ਮਾਮਲਾ ਦਰਜ ਕਰ ਲਿਆ ਹੈ। ਇਨ੍ਹਾਂ ਵਿਚ ਦੋ ਸਰਕਾਰੀ ਅਧਿਕਾਰੀ ਵੀ ਸ਼ਾਮਲ ਹਨ। ਇਹ ਕਾਰਵਾਈ ਬਠਿੰਡਾ ’ਚ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਮਰਸ਼ੀਅਲ ਪਲਾਟਾਂ ਨੂੰ ਰਿਹਾਇਸ਼ੀ ਪਲਾਟਾਂ ਵਿਚ ਤਬਦੀਲ ਕਰਕੇ ਘੱਟ ਰੇਟ ’ਤੇ ਖ਼ਰੀਦੋ-ਫ਼ਰੋਖ਼ਤ ਕਰਨ ’ਤੇ ਕੀਤੀ ਗਈ ਹੈ। ਬੀਤੀ ਸ਼ਾਮ ਵਿਜੀਲੈਂਸ ਨੇ ਇਸ ਸਬੰਧ ’ਚ ਦੋ ਵਿਅਕਤੀਆਂ ਰਾਜੀਵ ਕੁਮਾਰ ਅਤੇ ਅਮਨਦੀਪ ਨੂੰ ਹਿਰਾਸਤ ’ਚ ਲਿਆ ਸੀ ਤੇ ਅੱਜ ਵਿਕਾਸ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫਤਾਰੀ ਕਿਸੇ ਸਮੇਂ ਵੀ ਹੋ ਸਕਦੀ ਹੈ।
ਵਿਜੀਲੈਂਸ ਵੱਲੋਂ ਕੇਸ ’ਚ ਨਾਮਜ਼ਦ ਵਿਅਕਤੀਆਂ ਦੀ ਜਲਦੀ ਤੋਂ ਜਲਦੀ ਗ੍ਰਿਫ਼ਤਾਰੀ ਕਰਨ ਲਈ ਕਾਰਵਾਈ ਜਾਰੀ ਹੈ। ਪਤਾ ਲੱਗਾ ਹੈ ਕਿ ਵਿਜੀਲੈਂਸ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ। ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਅਦਾਲਤ ’ਚ ਅਰਜ਼ੀ ਦਾਖ਼ਲ ਕੀਤੀ ਗਈ ਹੈ, ਜਿਸ ’ਤੇ ਭਲਕੇ 26 ਸਤੰਬਰ ਨੂੰ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਬਠਿੰਡਾ ਦੀ ਅਦਾਲਤ ਵਿਚ ਸੁਣਵਾਈ ਹੋਣੀ ਹੈ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ 'ਚ ਮੁਅੱਤਲ SHO ਨਵਦੀਪ ਸਿੰਘ ਗ੍ਰਿਫ਼ਤ ਤੋਂ ਕੋਹਾਂ ਦੂਰ, ਪਰਿਵਾਰ ਨੇ ਕੱਢੀ ਭੜਾਸ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ