ਤਰਨਤਾਰਨ ਘਟਨਾ ''ਤੇ CM ਮਾਨ ਦਾ ਟਵੀਟ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ
Wednesday, Aug 31, 2022 - 02:51 PM (IST)
ਚੰਡੀਗੜ੍ਹ : ਤਰਨਤਾਰਨ ਵਿਖੇ ਚਰਚ 'ਚ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਦਿਆਂ ਇਸ ਨੂੰ ਮੰਦਭਾਗੀ ਘਟਨਾ ਦੱਸਿਆ ਗਿਆ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਤੋੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਰਨਤਾਰਨ ਵਾਲੀ ਘਟਨਾ ਬੇਹੱਦ ਮੰਦਭਾਗੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਘਟਨਾ ਦੀ ਜਾਂਚ ਕੀਤੀ ਜਾਵੇਗੀ।
ਮੁੱਖ ਮੰਤਰੀ ਮਾਨ ਨੇ ਇਸ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈਕਿ ਬੀਤੀ ਦੇਰ ਰਾਤ ਪਿੰਡ ਠੱਕਰਪੁਰਾ ਵਿਖੇ ਸਥਿਤ ਕੈਥੋਲਿਕ ਚਰਚ 'ਚ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਵੱਖ-ਵੱਖ ਮੂਰਤੀਆਂ ਦੀ ਭੰਨ ਤੋੜ ਕਰਦੇ ਹੋਏ ਬੇਅਦਬੀ ਕੀਤੀ ਗਈ। ਇਸ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਚਰਚ ਅੰਦਰ ਖੜ੍ਹੀ ਇਕ ਕਾਰ ਨੂੰ ਅੱਗ ਲਗਾ ਕੇ ਸਾੜ ਦਿੱਤਾ ਗਿਆ। ਇਹ ਸਾਰੀ ਘਟਨਾ ਚਰਚ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ।
ਇਸ ਘਟਨਾ ਤੋਂ ਬਾਅਦ ਈਸਾਈ ਭਾਈਚਾਰੇ 'ਚ ਕਾਫ਼ੀ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੀ. ਸੀ. ਟੀ. ਵੀ ਕੈਮਰੇ ਦੀ ਫੁਟੇਜ ਨੂੰ ਕਬਜ਼ੇ 'ਚ ਲੈਂਦੇ ਹੋਏ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰਦੇ ਹੋਏ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ