ਡੇਰਾ ਪ੍ਰੇਮੀ ਦੇ ਕਤਲ ਮਗਰੋਂ ਐਕਸ਼ਨ 'ਚ ਮਾਨ ਸਰਕਾਰ, DGP ਤੇ ਸੀਨੀਅਰ ਅਫ਼ਸਰਾਂ ਦੀ ਸੱਦੀ ਮੀਟਿੰਗ

Thursday, Nov 10, 2022 - 11:18 AM (IST)

ਡੇਰਾ ਪ੍ਰੇਮੀ ਦੇ ਕਤਲ ਮਗਰੋਂ ਐਕਸ਼ਨ 'ਚ ਮਾਨ ਸਰਕਾਰ, DGP ਤੇ ਸੀਨੀਅਰ ਅਫ਼ਸਰਾਂ ਦੀ ਸੱਦੀ ਮੀਟਿੰਗ

ਚੰਡੀਗੜ੍ਹ (ਵੈੱਬ ਡੈਸਕ) : ਅੱਜ ਸਵੇਰੇ ਕੋਟਕਪੂਰਾ ਵਿਖੇ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ 'ਚ ਮੁੱਖ ਮੰਤਰੀ ਮਾਨ ਸਖ਼ਤ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਵੱਲੋਂ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਸਮੇਤ ਸੀਨੀਅਰ ਅਫ਼ਸਰਾਂ ਦੀ ਮੀਟਿੰਗ ਸੱਦੀ ਗਈ ਹੈ। ਇਸ ਕਤਲਕਾਂਡ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਵਾਲਿਆਂ ਖ਼ਿਲਾਫ਼ ਸਿਵਲ ਅਤੇ ਪੁਲਸ ਅਧਿਕਾਰੀਆਂ ਨੂੰ ਸਖ਼ਤ ਹੁਕਮ ਦੇਣ ਦੀ ਗੱਲ ਆਖੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਇਕ ਅਮਨ ਪਸੰਦ ਸੂਬਾ ਹੈ। ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ। ਮਾਨ ਨੇ ਸਖ਼ਤ ਸ਼ਬਦਾਂ 'ਚ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੀ ਗਏ ਹਨ। 

ਇਹ ਵੀ ਪੜ੍ਹੋ- ਕੋਟਕਪੂਰਾ 'ਚ ਵੱਡੀ ਵਾਰਦਾਤ : ਬੇਅਦਬੀ ਦੇ ਮੁਲਜ਼ਮ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ (ਵੀਡੀਓ)

PunjabKesari

ਮੁੱਖ ਮੰਤਰੀ ਮਾਨ ਦੇ ਨਾਲ ਹੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਵੀ ਇਸ ਘਟਨਾ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਥਿਤ 'ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੂਬਾ 'ਚ ਅਮਨ-ਸ਼ਾਂਤੀ ਬਣਾ ਕੇ ਰੱਖੀ ਜਾਵੇ। ਪੰਜਾਬ ਪੁਲਸ ਵੱਲੋਂ ਇਸ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀਆਂ ਨੂੰ ਨਾ ਘਬਰਾਉਣ ਅਤੇ ਝੂਠੀਆਂ ਖ਼ਬਰਾਂ ਜਾਂ ਕੋਈ ਨਫ਼ਰਤ ਭਰਿਆ ਭਾਸ਼ਣ ਨਾ ਫੈਲਾਉਣ ਦੀ ਵੀ ਅਪੀਲ ਕੀਤੀ।ਜ਼ਿਕਰਯੋਗ ਹੈ ਕਿ ਅੱਜ ਸਵੇਰੇ ਕੋਟਕਪੂਰਾ ਵਿਖੇ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਪਰਦੀਪ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਮ੍ਰਿਤਕ ਪਰਦੀਪ ਬਰਗਾੜੀ ਬੇਅਦਬੀ ਮਾਮਲੇ 'ਚ ਐੱਫ. ਆਈ. ਆਰ. ਨੰਬਰ 63 'ਚ ਨਾਮਜ਼ਦ ਸੀ ਅਤੇ ਸਵੇਰੇ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ, ਜਿਸ ਦੌਰਾਨ ਉਸ ਦਾ ਕਤਲ ਕਰ ਦਿੱਤਾ ਗਿਆ ਜਦਕਿ ਉਸ ਦਾ ਗੰਨਮੈਨ ਜ਼ਖ਼ਮੀ ਹੈ। ਇਸ ਸਾਰੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆ ਗਈ ਹੈ। ਪੰਜਾਬ 'ਚ ਲਗਾਤਾਰ ਕਤਲੇਆਮ ਦੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ 'ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਵੀ ਕਤਲ ਕਰ ਦਿੱਤਾ ਗਿਆ ਸੀ। ਜਿਸ ਕਾਰਨ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਸਵਾਲਾਂ ਦੇ ਘੇਰੇ 'ਚ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News