ਮੁੱਖ ਮੰਤਰੀ ਵੱਲੋਂ ‘ਪੇਂਡੂ ਕੋਵਿਡ ਫਤਿਹ ਪੋ੍ਰਗਰਾਮ’ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਸਰਪੰਚਾਂ ਨੂੰ ਸੱਦਾ
Tuesday, May 18, 2021 - 08:00 PM (IST)
ਭਵਾਨੀਗੜ੍ਹ (ਕਾਂਸਲ)- ਕੋਰੋਨਾ ਮਹਾਮਾਰੀ ਦੇ ਪੇਂਡੂ ਖੇਤਰਾਂ ’ਚ ਵੱਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਜ ਸਰਕਾਰ ਵੱਲੋਂ ‘ਪੇਂਡੂ ਕੋਵਿਡ ਫਤਿਹ ਪੋ੍ਰਗਰਾਮ’ ਨੂੰ ਜ਼ਮੀਨੀ ਪੱਧਰ ‘ਤੇ ਜ਼ੋਰਦਾਰ ਢੰਗ ਨਾਲ ਲਾਗੂ ਕਰਨ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਸਰਪੰਚਾਂ ਤੇ ਹੋਰ ਨੁਮਾਇੰਦਿਆਂ ਨਾਲ ਵਰਚੂਅਲ ਤਰੀਕੇ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਰਾਜ ਦੇ ਸਮੂਹ ਸਰਪੰਚਾਂ ਨੂੰ ਕੋਰੋਨਾ ਦੀ ਜੰਗ ’ਚ ਮੋਹਰੀ ਹੋ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ, ਤਾਂ ਜੋ ਕੋਰੋਨਾ ਦੀ ਇਸ ਨਾਮੁਰਾਦ ਬਿਮਾਰੀ ਦਾ ਮੁਕੰਮਲ ਤੌਰ 'ਤੇ ਖਾਤਮਾ ਕੀਤਾ ਜਾ ਸਕੇ।
ਵਰਚੂਅਲ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਪਾਜ਼ੇਟਿਵ ਲੋੜਵੰਦ ਵਿਅਕਤੀਆਂ ਨੂੰ ਭੋਜਣ ਕਿੱਟਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੇ ਇਲਾਜ ਲਈ ਦਵਾਈਆਂ ਆਕਸੀਜਨ, ਵੈਕਸੀਨ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕੋਰੋਨਾ ਨਾਲ ਹੋਣ ਵਾਲੀ ਮੌਤ ਦਰ ਨੂੰ ਠਲ੍ਹ ਪਾਇਆ ਜਾ ਸਕੇ ਅਤੇ ਕੋਰੋਨਾ ਮਹਾਮਾਰੀ ਦਾ ਮੁਕੰਮਲ ਸਫਾਇਆ ਕੀਤਾ ਜਾ ਸਕੇ।
ਦੂਜੇ ਪਾਸੇ ਇਸ ਵੀਡੀਓ ਕਾਨਫਰੰਸ ਸੰਬੰਧੀ ਆਪਣੇ ਸੁਝਾਅ ਦਿੰਦਿਆਂ ਪਿੰਡ ਦੇ ਸਰਪੰਚ ਅਮਰੇਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕੋਰੋਨਾ ਤੋਂ ਬਚਾਅ ਲਈ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਸ਼ੇਸ਼ ਗ੍ਰਾਂਟਾ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਸਰਕਾਰ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਪੰਚਾਇਤ ਫੰਡ ’ਚ ਇਹ ਖਰਚੇ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕਰਨੇ ਚਾਹੀਦੇ। ਕਿਉਂਕਿ ਪਹਿਲਾਂ ਹੀ ਪਿੰਡਾਂ ਦੀਆਂ ਪੰਚਾਇਤਾਂ ਦੇ ਕੋਲ ਆਮਦਨੀ ਬਹੁਤ ਘੱਟ ਹੈ ਅਤੇ ਖਰਚੇ ਬਹੁਤ ਜ਼ਿਆਦਾ ਹਨ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਸਰਕਾਰ ਵਿਸ਼ੇਸ਼ ਗ੍ਰਾਂਟ ਨਹੀਂ ਦੇ ਸਕਦੀ ਤਾਂ ਪੰਚਾਇਤੀ ਜ਼ਮੀਨਾਂ ਦੀ ਆਮਦਨੀ ’ਚੋਂ ਜੋ 30 ਫੀਸ਼ਦੀ ਟੈਕਸ਼ ਕੱਟਿਆ ਜਾਂਦਾ ਹੈ ਸਰਕਾਰ ਜੇਕਰ ਉਹ ਵੀ ਮਾਫ ਕਰ ਦੇਵੇ ਤਾਂ ਪੰਚਾਇਤਾਂ ਉਪਰ ਵਾਧੂ ਬੋਝ ਨਹੀਂ ਪਵੇਗਾ ਅਤੇ ਪੰਚਾਇਤਾਂ ਅਸਾਨੀ ਨਾਲ ਇਹ ਪ੍ਰਬੰਧ ਕਰ ਸਕਦੀਆਂ ਹਨ।