CM ਚੰਨੀ ਦੇ ਰਾਜਪਾਲ ’ਤੇ ਵੱਡੇ ਇਲਜ਼ਾਮ, ਕਿਹਾ-ਸਿਆਸੀ ਕਾਰਨਾਂ ਕਰਕੇ ਰੋਕੀ ਠੇਕਾ ਆਧਾਰਿਤ ਮੁਲਾਜ਼ਮਾਂ ਦੀ ਫਾਈਲ

01/01/2022 5:24:42 PM

ਚੰਡੀਗੜ੍ਹ (ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸਰਕਾਰ ਦਾ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ’ਤੇ ਵੱਡੇ ਇਲਜ਼ਾਮ ਲਾਏ। ਮੁੱਖ ਮੰਤਰੀ ਚੰਨੀ ਨੇ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਫਾਈਲ ਨੂੰ ਕਲੀਅਰ ਕਰਨ ਵਿਚ ਜਾਣਬੁੱਝ ਕੇ ਅਤੇ ਬੇਲੋੜੀ ਦੇਰੀ ਕਰਨ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਅੱਜ ਇਥੇ ਕਿਹਾ ਕਿ ਰਾਜਪਾਲ ਸੂਬੇ ਦੇ ਸੰਵਿਧਾਨਕ ਮੁਖੀ ਹੋਣ ਦੇ ਬਾਵਜੂਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਸਿਆਸੀ ਦਬਾਅ ਹੇਠ ਕੰਮ ਕਰ ਰਹੇ ਹਨ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦੇਣ ਉਪਰੰਤ ਕਿਹਾ ਕਿ ਮੁੱਖ ਸਕੱਤਰ ਅਤੇ ਉਹ (ਮੁੱਖ ਮੰਤਰੀ) ਖੁਦ ਇਸ ਫਾਈਲ ਨੂੰ ਕਲੀਅਰ ਕਰਵਾਉਣ ਲਈ ਰਾਜਪਾਲ ਨੂੰ ਨਿੱਜੀ ਤੌਰ ’ਤੇ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਇਹ ਲਗਦਾ ਸੀ ਕਿ ਰਾਜਪਾਲ ਕਿਤੇ ਹੋਰ ਰੁੱਝੇ ਹੋਏ ਹਨ ਪਰ ਹੁਣ ਇਹ ਬਿਲਕੁਲ ਸਪੱਸ਼ਟ ਹੋ ਗਿਆ ਹੈ ਕਿ ਉਨ੍ਹਾਂ ਨੇ ਜਾਣਬੁੱਝ ਕੇ ਸਿਆਸੀ ਕਾਰਨਾਂ ਕਰਕੇ ਫਾਈਲ ਦੱਬੀ ਹੋਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਅਨੇਕਾਂ ਕਰਮਚਾਰੀਆਂ ਦੇ ਭਵਿੱਖ ਦਾ ਮਸਲਾ ਹੈ, ਜੋ ਰਾਜ ਸਰਕਾਰ ’ਚ ਕੰਮ ਕਰਦੇ ਆਪਣੇ ਹੋਰਨਾਂ ਸਾਥੀਆਂ ਵਾਂਗ ਪੱਕੇ ਹੋਣ ਦਾ ਦਿਨ ਬੜੀ ਬੇਸਬਰੀ ਨਾਲ ਉਡੀਕ ਰਹੇ ਹਨ।

ਇਹ ਵੀ ਪੜ੍ਹੋ : CM ਚੰਨੀ ਨੇ ਪੇਸ਼ ਕੀਤਾ 100 ਦਿਨਾ ਰਿਪੋਰਟ ਕਾਰਡ, ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਰਾਹ ਪੱਧਰਾ ਕਰਨ ਲਈ ਬੜੀ ਗਹੁ ਨਾਲ ਸਾਰੀਆਂ ਰੂਪ-ਰੇਖਾਵਾਂ ਤਿਆਰ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਇਹ ਕਾਨੂੰਨ ਪਹਿਲਾਂ ਹੀ ਪਾਸ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਬਿਨਾਂ ਕਿਸੇ ਝਿਜਕ ਦੇ ਕਿਹਾ, “ਲੋੜ ਪਈ ਤਾਂ ਉਹ ਠੇਕਾ ਕਰਮੀਆਂ ਦੇ ਜਾਇਜ਼ ਹੱਕਾਂ ਦੀ ਰਾਖੀ ਲਈ ਆਪਣੇ ਕੈਬਨਿਟ ਸਾਥੀਆਂ ਅਤੇ ਪਾਰਟੀ ਵਿਧਾਇਕਾਂ ਸਮੇਤ ਰਾਜ ਭਵਨ ਅੱਗੇ ਧਰਨਾ ਦੇਣ ਤੋਂ ਵੀ ਪਿੱਛੇ ਨਹੀਂ ਹਟਣਗੇ।” ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ 100 ਦਿਨਾਂ ਦੌਰਾਨ ਭਗਵਾਨ ਵਾਲਮੀਕਿ ਜੀ, ਗੁਰੂ ਰਵਿਦਾਸ ਜੀ, ਭਗਤ ਕਬੀਰ ਜੀ, ਭਗਵਾਨ ਪਰਸ਼ੂਰਾਮ ਜੀ, ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ), ਉੱਘੇ ਰਾਜਨੇਤਾ ਅਤੇ ਭਾਰਤੀ ਸੰਵਿਧਾਨ ਦੇ ਰਚਣਹਾਰੇ ਡਾ. ਬੀ. ਆਰ. ਅੰਬੇਡਕਰ ਅਤੇ ਸੱਚੇ ਸਿੱਖ ਸ਼ਰਧਾਲੂ ਭਾਈ ਮੱਖਣ ਸ਼ਾਹ ਲੁਬਾਣਾ ਵਰਗੀਆਂ ਉੱਘੀਆਂ ਸ਼ਖਸੀਅਤਾਂ ਦੇ ਨਾਂ ’ਤੇ ਕਈ ਚੇਅਰਾਂ ਸਥਾਪਿਤ ਕਰਨ ਲਈ ਕੀਤੀਆਂ ਪ੍ਰਮੁੱਖ ਲੋਕ-ਪੱਖੀ ਪਹਿਲਕਦਮੀਆਂ ਬਾਰੇ ਵੀ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਰਾਮਾਇਣ, ਮਹਾਭਾਰਤ ਅਤੇ ਸ਼੍ਰੀਮਦ ਭਗਵਦ ਗੀਤਾ ਵਰਗੇ ਤਿੰਨ ਮਹਾਕਾਵਿ ’ਤੇ ਵਿਸ਼ੇਸ਼ ਖੋਜ ਕੇਂਦਰ ਸਥਾਪਿਤ ਕਰਨ ਬਾਰੇ ਵੀ ਜ਼ਿਕਰ ਕੀਤਾ। ਮਹਾਨ ਸ਼ਹੀਦ ਊਧਮ ਸਿੰਘ ਸੁਨਾਮ ਦੇ ਨਾਂ ’ਤੇ ਚੇਅਰ ਸਥਾਪਿਤ ਕਰਨ ਦੇ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਚੰਨੀ ਨੇ ਭਰੋਸਾ ਦਿੱਤਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ’ਚ ਇਸ ਮਹਾਨ ਕ੍ਰਾਂਤੀਕਾਰੀ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਚੇਅਰ ਸਥਾਪਿਤ ਕਰਨ ਲਈ ਉਹ ਲੋੜੀਂਦੀ ਕਾਰਵਾਈ ਯਕੀਨੀ ਬਣਾਉਣਗੇ। ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਲਈ ਯਤਨਾਂ ’ਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਰੁਜ਼ਗਾਰ ਗਾਰੰਟੀ ਸਕੀਮ ਨੂੰ ਲਾਗੂ ਕਰਨ ਦੇ ਆਖਰੀ ਪੜਾਅ ’ਤੇ ਹੈ। ਇਸ ਸਬੰਧੀ ਪਹਿਲਾਂ ਹੀ ਰੂਪ-ਰੇਖਾ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਜਲਦ ਹੀ ਇਸ ਦਾ ਐਲਾਨ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ ’ਚ ਠੇਕਾ ਆਧਾਰ ’ਤੇ ਕੰਮ ਕਰਦੇ 4587 ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਹੁਣ 60 ਕਰੋੜ ਦੀ ਲਾਗਤ ਨਾਲ 22,000 ਆਸ਼ਾ ਵਰਕਰਾਂ ਲਈ 2500 ਰੁਪਏ ਦੇ ਨਿਸ਼ਚਿਤ ਮਾਸਿਕ ਭੱਤੇ ਨੂੰ ਮਨਜ਼ੂਰੀ ਦਿੱਤੀ ਹੈ, ਜਦਕਿ 64.25 ਕਰੋੜ ਦੀ ਲਾਗਤ ਨਾਲ 42500 ਮਿਡ-ਡੇ-ਮੀਲ ਵਰਕਰਾਂ ਦਾ ਪੱਕਾ ਭੱਤਾ ਵੀ 2200 ਰੁਪਏ ਤੋਂ ਵਧ ਕੇ 3000 ਰੁਪਏ ਪ੍ਰਤੀ ਮਹੀਨਾ ਕੀਤਾ ਗਿਆ ਹੈ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ’ਚ ਐੱਸ.ਆਈ.ਟੀ. ਵੱਲੋਂ ਜਾਂਚ ਪਹਿਲਾਂ ਹੀ ਚੱਲ ਰਹੀ ਹੈ ਅਤੇ ਜਲਦੀ ਤੋਂ ਜਲਦੀ ਇਸ ਨੂੰ ਤਰਕਸੰਗਤ ਪੜਾਅ ਤੱਕ ਪਹੁੰਚਾਇਆ ਜਾਵੇਗਾ। ਇਸੇ ਤਰ੍ਹਾਂ ਡਰੱਗ ਮਾਫੀਆ ਦੇ ਸਾਰੇ ਦੋਸ਼ੀਆਂ ਨਾਲ ਕਾਨੂੰਨ ਅਨੁਸਾਰ ਸਖਤੀ ਨਾਲ ਨਜਿੱਠਿਆ ਜਾਵੇਗਾ। ਸ੍ਰੀ ਦਰਬਾਰ ਸਾਹਿਬ ’ਚ ਬੇਅਦਬੀ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਪਹਿਲਾਂ ਹੀ ਪੂਰਨ ਸਹਿਯੋਗ ਦੀ ਪੇਸ਼ਕਸ਼ ਕੀਤੀ ਹੈ, ਜੋ ਇਸ ਮਾਮਲੇ ਦੀ ਆਪਣੇ ਪੱਧਰ ’ਤੇ ਜਾਂਚ ਕਰ ਰਹੀ ਹੈ।    

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

 

 

 


Manoj

Content Editor

Related News