ਰਾਜਪਾਲ ਤੇ ਮੁੱਖ ਮੰਤਰੀ ਵੱਲੋਂ 19 ਨੂੰ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਤੇ ਹੈਰੀਟੇਜ਼ ਸਟਰੀਟ ਦਾ ਕੀਤਾ ਜਾਵੇਗਾ ਉਦਘਾਟਨ

Monday, Nov 15, 2021 - 01:27 AM (IST)

ਸ੍ਰੀ ਚਮਕੌਰ ਸਾਹਿਬ(ਕੌਸ਼ਲ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 19 ਨਵੰਬਰ ਨੂੰ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਅਤੇ ਹੈਰੀਟੇਜ਼ ਸਟਰੀਟ ਦਾ ਉਦਘਾਟਨ ਕੀਤਾ ਜਾਵੇਗਾ। ਚੰਨੀ ਨੇ ਇਸ ਪਲ ਨੂੰ ਯਾਦਗਾਰ ਬਣਾਉਣ ਲਈ ਅੱਜ ਨਿੱਜੀ ਤੌਰ ’ਤੇ ਸਮੁੱਚੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਮੁੱਖ ਮੰਤਰੀ ਨੇ ਸੈਰ-ਸਪਾਟਾ, ਟਰਾਂਸਪੋਰਟ, ਸਥਾਨਕ ਸਰਕਾਰਾਂ, ਸੂਚਨਾ ਅਤੇ ਲੋਕ ਸੰਪਰਕ, ਸਿਹਤ ਅਤੇ ਪੁਲਸ ਵਿਭਾਗਾਂ ਨਾਲ ਸਮੀਖਿਆਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਾਡੀਆਂ ਨੌਜਵਾਨ ਪੀਡ਼੍ਹੀਆਂ ਨੂੰ ਸਾਡੇ ਸ਼ਾਨਾਮੱਤੇ ਅਤੀਤ ਨਾਲ ਜੋਡ਼ਨ ਲਈ ਇਹ ਇਤਿਹਾਸਕ ਪ੍ਰਾਜੈਕਟ ਇਕ ਪੁਲ ਦਾ ਕੰਮ ਕਰੇਗਾ। ਅਜਿਹੇ ਦੁਰਲੱਭ ਮੌਕੇ ਜੀਵਨ ਵਿਚ ਇਕ ਵਾਰ ਆਉਂਦੇ ਹਨ, ਇਸ ਲਈ ਇਨ੍ਹਾਂ ਨੂੰ ਪੂਰੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਧਾਰਮਿਕ ਆਗੂਆਂ ਅਤੇ ਸਿਆਸੀ ਸ਼ਖ਼ਸੀਅਤਾਂ ਦੇ ਨਾਲ ਹੈਰੀਟੇਜ਼ ਸਟਰੀਟ ਦੇ ਉਦਘਾਟਨੀ ਸਮਾਰੋਹ ਵਿਚ ਸ਼ਾਮਲ ਹੋ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗਡ਼੍ਹ ਸਾਹਿਬ ਵਿਖੇ ਨਤਮਸਤਕ ਹੋਣਗੇ।

ਇਸ ਮੌਕੇ ਭੂਰਡ਼ੇ ਵਾਲਾ ਚੌਕ (ਨੇਡ਼ੇ ਦਾਣਾ ਮੰਡੀ) ਤੋਂ ਗੁਰਦੁਆਰਾ ਸਾਹਿਬ ਤਕ ਪੂਰੇ ਧਾਰਮਿਕ ਉਤਸ਼ਾਹ ਅਤੇ ਖ਼ਾਲਸਾਈ ਜਾਹੋ- ਜਲਾਲ ਨਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 19 ਨਵੰਬਰ ਨੂੰ ਸਵੇਰ 9:30 ਵਜੇ ਥੀਮ ਪਾਰਕ ਵਿਖੇ ਪਾਏ ਜਾਣਗੇ ।

ਰਾਜਪਾਲ ਥੀਮ ਪਾਰਕ ਵਿਖੇ ਸ਼ਾਨਦਾਰ ਢੰਗ ਨਾਲ ਤਿਆਰ ਕੀਤੀਆਂ ਗੈਲਰੀਆਂ ਦਾ ਦੌਰਾ ਵੀ ਕਰਨਗੇ। ਕੁੱਲ 11 ਗੈਲਰੀਆਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਜੀ ਬਹਾਦਰ ਤਕ ਸਿੱਖ ਇਤਿਹਾਸ ਅਤੇ ਗੌਰਵਮਈ ਵਿਰਸੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਰਸ਼ਿਤ ਕਰਨਗੀਆਂ ਅਤੇ ਇੱਥੋਂ ਦੀਆਂ ਪੇਸ਼ਕਾਰੀਆਂ ਦਰਸ਼ਕਾਂ ਨੂੰ ਇਕ ਸ਼ਾਨਦਾਰ ਅਹਿਸਾਸ ਮਹਿਸੂਸ ਕਰਵਾਉਣਗੀਆਂ ਅਤੇ ਉਨ੍ਹਾਂ ਨੂੰ ਉਸ ਯੁੱਗ ਵਿਚ ਲੈ ਜਾਣਗੀਆਂ, ਜਦੋਂ ਇਹ ਘਟਨਾਵਾਂ ਅਸਲ ਵਿਚ ਵਾਪਰੀਆਂ ਸਨ। ਮੁੱਖ ਮੰਤਰੀ ਨੇ ਇਕ ਗੈਲਰੀ ਵਿਚ ਸਿੱਖ ਇਤਿਹਾਸ ਸਬੰਧੀ ਆਡੀਓ-ਵਿਜ਼ੂਅਲ ਪੇਸ਼ਕਾਰੀ ਵੀ ਦੇਖੀ।

ਇਸ ਮੌਕੇ ਵਧੀਕ ਮੁੱਖ ਸਕੱਤਰ ਸੈਰ-ਸਪਾਟਾ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ , ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਗੁਰਕਿਰਤ, ਕਿਰਪਾਲ ਸਿੰਘ, ਡਾਇਰੈਕਟਰ ਸੈਰ-ਸਪਾਟਾ ਕੰਵਲਪ੍ਰੀਤ ਕੌਰ ਬਰਾਡ਼, ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਅਤੇ ਐੱਸ. ਐੱਸ. ਪੀ. ਵਿਵੇਕ ਸ਼ੀਲ ਸੋਨੀ ਮੌਜੂਦ ਸਨ।


Bharat Thapa

Content Editor

Related News