CM ਚੰਨੀ ਨੇ ਭਾਜਪਾ ਤੇ ‘ਆਪ’ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਕੀਤਾ ਵੱਡਾ ਦਾਅਵਾ
Sunday, Feb 06, 2022 - 04:50 PM (IST)
ਲੁਧਿਆਣਾ (ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਵਿਖੇ ਵਰਚੁਅਲ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਤੇ ਆਮ ਆਦਮੀ ਪਾਰਟੀ ’ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਖਿਲਾਫ ਅੰਦੋਲਨ ’ਚ ਸ਼ਹੀਦ ਹੋਏ 700 ਕਿਸਾਨਾਂ ਦੀ ਜ਼ਿੰਮੇਵਾਰ ਭਾਜਪਾ ਸਰਕਾਰ ਹੈ। ਇਨ੍ਹਾਂ 700 ਸ਼ਹੀਦ ਕਿਸਾਨਾਂ ਦਾ ਘਾਟਾ ਕੌਣ ਪੂਰਾ ਕਰੇਗਾ। ਪੰਜਾਬ ਦੇ ਕਿਸਾਨਾਂ ਨੇ ਆਪਣੇ ਸੂਬੇ ਦੀ ਅਰਥਵਿਵਸਥਾ ਨੂੰ ਕਾਇਮ ਰੱਖਣ ਲਈ ਸੰਘਰਸ਼ ਲੜਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਵੀ ਖੇਤੀ ਕਾਨੂੰਨ ਬਣਾਉਣ ’ਚ ਯੋਗਦਾਨ ਪਾਇਆ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ ਸੂਬੇ ’ਚ ਕਾਨੂੰਨ ਲਾਗੂ ਕਰਨ ਦਾ ਰਾਹ ਸਾਫ ਕੀਤਾ ਸੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚਿਹਰਾ ਐਲਾਨਣ ਤੋਂ ਪਹਿਲਾਂ ਹਰਦੀਪ ਪੁਰੀ ਨੇ ਕਾਂਗਰਸ ’ਤੇ ਕੱਸਿਆ ਤੰਜ਼
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਮੇਰੇ ’ਤੇ ਬਹੁਤ ਵੱਡੇ ਇਲਜ਼ਾਮ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੱਲ ਕਿਸੇ ਦੀ ਹੋ ਰਹੀ ਹੋਵੇ ਪਰ ਮੇਰਾ ਨਾਂ ’ਚ ਲਿਆਂਦਾ ਜਾਂਦਾ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਮੈਂ ਤੇ ਮੇਰੀ ਪਤਨੀ ਅੱਗੇ ਤੋਂ ਕੋਈ ਪ੍ਰਾਪਰਟੀ ਨਹੀਂ ਖਰੀਦਾਂਗੇ ਤੇ ਨਾ ਹੀ ਕੋਈ ਬਿਜ਼ਨੈੱਸ ਕਰਾਂਗੇ। ਉਨ੍ਹਾਂ ਕਿਹਾ ਕਿ ਮੇਰੇ ’ਤੇ ਅੱਜ ਤਕ ਕਿਸੇ ਨੇ ਉਂਗਲ ਨਹੀਂ ਚੁੱਕੀ ਪਰ ਹੁਣ ਆਮ ਆਦਮੀ ਪਾਰਟੀ ਮੇਰੇ ’ਤੇ ਇਲਜ਼ਾਮ ਲਾਉਂਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਨਵੀਨਰ ਅਰਵਿੰਦ ਕੇਜਰੀਵਾਲ ਮਹਿੰਗੇ ਹੋਟਲਾਂ ’ਚ ਰਹਿੰਦਾ ਹੈ ਪਰ ਆਪਣੇ ਆਪ ਨੂੰ ਆਮ ਆਦਮੀ ਅਖਵਾਉਂਦਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਭ੍ਰਿਸ਼ਟ ਆਮ ਆਦਮੀ ਪਾਰਟੀ ’ਚ ਸ਼ਾਮਲ ਹੁੰਦਾ ਹੈ, ਉਹ ਦੁੱਧ ਧੋਤਾ ਹੋ ਜਾਂਦਾ ਹੈ। ਉਸ ਦੇ ਸਾਰੇ ਗੁਨਾਹ ਮੁਆਫ਼ ਹੋ ਜਾਂਦੇ ਹਨ।