ਪੁਰਾਣੀ ਪੈਨਸ਼ਨ ਦੀ ਬਹਾਲੀ ਨੂੰ ਲੈ ਕੇ ਬੋਲੇ CM ਚੰਨੀ, ਕਿਹਾ ‘ਮੁਲਾਜ਼ਮਾਂ ਦੀ ਪੈਨਸ਼ਨ ਜ਼ਰੂਰੀ’
Friday, Dec 10, 2021 - 04:30 PM (IST)
ਮਾਨਸਾ (ਸੰਦੀਪ ਮਿੱਤਲ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮਸਲੇ ਨੂੰ ਗੰਭੀਰਤਾ ਨਾਲ ਸੁਣਦਿਆਂ ਮੰਨਿਆ ਕਿ ਹਰ ਮੁਲਾਜ਼ਮ ਦੀ ਪੈਨਸ਼ਨ ਜ਼ਰੂਰ ਹੋਣੀ ਚਾਹੀਦੀ ਹੈ। ਇਸ ਮੁੱਦੇ ਨੂੰ ਉਹ ਜਲਦੀ ਵਿਚਾਰਨਗੇ। ਮਾਨਸਾ ਦੌਰੇ ਦੌਰਾਨ ਪੁਰਾਣੀ ਪੈਨਸ਼ਨ ਦੀ ਬਹਾਲੀ ਦੇ ਮਸਲੇ ਨੂੰ ਲੈ ਕੇ ਵੱਖ-ਵੱਖ ਪੁਰਾਣੀ ਪੈਨਸ਼ਨ ਕਮੇਟੀ ਦੇ ਆਗੂਆਂ ਰਾਜੇਸ਼ ਕੁਮਾਰ ਬੁਢਲਾਡਾ, ਦਰਸ਼ਨ ਸਿੰਘ ਅਲੀਸ਼ੇਰ, ਕਰਮਜੀਤ ਸਿੰਘ ਤਾਮਕੋਟ, ਦਰਸ਼ਨ ਸਿੰਘ ਅਲੀਸ਼ੇਰ, ਪਰਮਿੰਦਰ ਸਿੰਘ, ਸਤੀਸ਼ ਕੁਮਾਰ, ਹਰਦੀਪ ਸਿੰਘ ਸਿੱਧੂ ਦੀ ਅਗਵਾਈ ‘ਚ ਵਫਦ ਮੁੱਖ ਮੰਤਰੀ ਚੰਨੀ ਨੂੰ ਮਿਲਿਆ।
ਇਸ ਦੌਰਾਨ ਆਗੂਆਂ ਨੇ ਮੁੱਖ ਮੰਤਰੀ ਦੇ ਧਿਆਨ ‘ਚ ਲਿਆਂਦਾ ਕਿ 2004 ਤੋਂ ਬਾਅਦ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਵੱਖ ਵੱਖ ਵਿਭਾਗਾਂ ’ਚ ਕੰਮ ਕਰਦੇ ਲੱਖਾਂ ਮੁਲਾਜ਼ਮਾਂ ਦਾ ਭਵਿੱਖ ਤਬਾਹ ਹੋ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੇ ਬਹੁਤ ਸਾਰੇ ਵਿਧਾਇਕ, ਇੱਥੋਂ ਤੱਕ ਕਿ ਕਾਂਗਰਸ ਦੇ ਕਈ ਕੌਮੀ ਨੇਤਾ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਦੇ ਹੱਕ ਵਿਚ ਆਪਣੀ ਸਟੇਟਮੈਂਟ ਦੇ ਚੁੱਕੇ ਹਨ। ਪੰਜਾਬ ਵਿਚ ਤਾਂ ਕਾਂਗਰਸ ਸਰਕਾਰ ਹੈ, ਸੋ ਪੰਜਾਬ ਵਿਚ ਇਹ ਮਸਲਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ।
ਇਸ ਮੌਕੇ ਮੁੱਖ ਮੰਤਰੀ ਨੇ ਆਗੂਆਂ ਨੂੰ ਕਿਹਾ ਉਹ ਵੀ ਇਸ ਸਬੰਧੀ ਜਲਦੀ ਕੋਈ ਫ਼ੈਸਲਾ ਲੈਣਗੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅਧਿਆਪਕ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪੁਰਾਣੀ ਪੈਨਸ਼ਨ ਕਮੇਟੀ ਦੇ ਸੂਬਾ ਕੋ ਕਨਵੀਨਰ ਕਰਮਜੀਤ ਸਿੰਘ ਤਾਮਕੋਟ ਅਤੇ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ ਅਤੇ ਵੱਖ-ਵੱਖ ਜੱਥੇਬੰਦੀਆਂ ਨੇ ਮਾਨਸਾ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੂੰ ਘੇਰਨ ਦਾ ਐਲਾਨ ਕੀਤਾ ਹੋਇਆ ਸੀ, ਜਿਸ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਤੌਰ ’ਤੇ ਜੱਥੇਬੰਦੀ ਦੇ ਆਗੂਆਂ ਦੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਈ।