ਮੁੱਖ ਮੰਤਰੀ ਮਾਨ ਨੇ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ

Wednesday, Jun 21, 2023 - 11:51 PM (IST)

ਮੁੱਖ ਮੰਤਰੀ ਮਾਨ ਨੇ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ

ਬੁਢਲਾਡਾ (ਬਾਂਸਲ, ਮਨਜੀਤ, ਗਰਗ, ਆਨੰਦ) : ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਸਿਹਤ ਢਾਂਚੇ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬੁਢਲਾਡਾ ਵਿਖੇ 36ਵਾਂ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ (ਮਦਰ ਐਂਡ ਚਾਈਲਡ ਕੇਅਰ ਸੈਂਟਰ) ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 30 ਬਿਸਤਰਿਆਂ ਵਾਲਾ ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਨਵਾਂ ਬਣਾਇਆ ਜਾਣ ਵਾਲਾ ਇਹ ਹਸਪਤਾਲ ਮਾਨਸਾ ਜ਼ਿਲ੍ਹੇ ’ਚ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਦੀ ਬਿਹਤਰ ਸਾਂਭ-ਸੰਭਾਲ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾਏਗਾ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਹਨੀ ਸਿੰਘ ਨੂੰ ਗੋਲਡੀ ਬਰਾੜ ਗੈਂਗ ਵੱਲੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਉਨ੍ਹਾਂ ਕਿਹਾ ਕਿ 5.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਇਹ ਹਸਪਤਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ’ਚ ਮੀਲ ਪੱਥਰ ਸਾਬਤ ਹੋਵੇਗਾ। ਮਾਨ ਨੇ ਕਿਹਾ ਕਿ ਇਸ ਸਿਹਤ ਕੇਂਦਰ ’ਚ ਔਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਵਿਸ਼ੇਸ਼ ਕਰਕੇ ਔਰਤਾਂ ਨੂੰ ਮਿਆਰੀ ਇਲਾਜ ਕਰਵਾਉਣ ਲਈ ਮਾਨਸਾ ਜ਼ਿਲ੍ਹੇ ਤੋਂ ਬਾਹਰ ਮੀਲਾਂ ਦੂਰ ਨਾ ਜਾਣਾ ਪਵੇ।

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ’ਚ ਅਜਿਹੇ 45 ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ ਸਥਾਪਤ ਕੀਤੇ ਜਾਣੇ ਹਨ, ਜਿਨ੍ਹਾਂ 'ਚੋਂ 36 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਅਤੇ ਨੇੜ ਭਵਿੱਖ ’ਚ ਅਜਿਹੇ ਹੋਰ ਹਸਪਤਾਲ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਆਈ ਹੈ। ਜੱਚਾ-ਬੱਚਾ ਸਿਹਤ ਸੰਭਾਲ ਹਸਪਤਾਲ 'ਚ ਗਰਭਵਤੀ ਔਰਤਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਹਸਪਤਾਲ ਵਿੱਚ ਹਰ ਮਹੀਨੇ 100 ਤੋਂ ਵੱਧ ਜਣੇਪੇ ਹੁੰਦੇ ਹਨ ਅਤੇ ਇਸ ਉਪਰਾਲੇ ਨਾਲ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ।

ਇਹ ਵੀ ਪੜ੍ਹੋ : ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼, 2 ਕਾਰਕੁੰਨ ਪਿਸਤੌਲਾਂ ਸਮੇਤ ਕਾਬੂ

ਮੁੱਖ ਮੰਤਰੀ ਨੇ ਕਿਹਾ ਕਿ ਇਸ ਹਸਪਤਾਲ ’ਚ ਆਧੁਨਿਕ ਮਸ਼ੀਨਾਂ ਅਤੇ ਉਪਕਰਨ ਲਗਾਏ ਗਏ ਹਨ ਅਤੇ ਹਸਪਤਾਲ ’ਚ ਐਂਟੇ ਨੇਟਲ ਚੈੱਕਅਪ, ਹਾਈ ਰਿਸਕ ਗਰਭ ਜਾਂਚ, ਸੀਜ਼ੇਰੀਅਨ ਜਣੇਪੇ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਸਮੇਂ ਤੋਂ ਪਹਿਲਾਂ ਪੈਦਾ ਹੋਣ ਵਾਲੇ ਬੱਚਿਆਂ ਲਈ ਐੱਸ. ਐੱਨ. ਸੀ. ਯੂ. ਦੀ ਸਹੂਲਤ ਵੀ ਉਪਲਬਧ ਹੋਵੇਗੀ। ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ ਕਿਉਂਕਿ ਸਰਕਾਰ ਸੂਬੇ 'ਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਹਰ ਬਿੱਲ ’ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਜਲਦ ਹੀ ਫਾਇਰ ਬ੍ਰਿਗੇਡ ਨੂੰ ਅਤਿ-ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 21 ਕਰੋੜ ਰੁਪਏ ਮਨਜ਼ੂਰ ਕਰਨ ਦਾ ਵੀ ਐਲਾਨ ਕੀਤਾ।

ਇਹ ਵੀ ਪੜ੍ਹੋ : SAFF Championship : ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ, ਕਪਤਾਨ ਛੇਤਰੀ ਨੇ ਬਣਾਈ ਹੈਟ੍ਰਿਕ

ਇਸ ਮੌਕੇ ਹਲਕਾ ਬੁਢਲਾਡਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬੁੱਧ ਰਾਮ, ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵੀ ਸੰਬੋਧਨ ਕੀਤਾ। ਇਸੇ ਦੌਰਾਨ ਏ. ਡੀ. ਜੀ. ਪੀ. ਸੁਰਿੰਦਰਪਾਲ ਸਿੰਘ ਪਰਮਾਰ, ਐੱਸ. ਐੱਸ. ਪੀ. ਡਾ. ਨਾਨਕ ਸਿੰਘ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ, ਮੁੱਖ ਮੰਤਰੀ ਦੇ ਓ. ਐੱਸ. ਡੀ. ਮਨਜੀਤ ਸਿੰਘ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਚੇਅਰਮੈਨ ਸਤੀਸ਼ ਕੁਮਾਰ ਸਿੰਗਲਾ, ਨਗਰ ਕੌਂਸਲ ਦੇ ਪ੍ਰਧਾਨ ਸੁਖਪਾਲ ਸਿੰਘ ਬੁਢਲਾਡਾ, ਬੀ. ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਕੌਂਸਲਰ ਸੁਖਦੀਪ ਸਿੰਘ ਸੋਨੀ, ਸੰਦੀਪ ਗਰਗ, ਹਰਬੰਸ ਸ਼ਰਮਾ, ਡਾਇਰੈਕਟਰ ਗੁਰਸੇਵਕ ਸਿੰਘ ਝੁਨੀਰ, ਪ੍ਰਧਾਨ ਹਰਵਿੰਦਰ ਸਿੰਘ ਸੇਖੋਂ, ਸੈਂਟੀ ਬੁਢਲਾਡਾ, ਟਰਾਂਸਪੋਰਟ ਵਿੰਗ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਮੇਸ਼ ਸ਼ਰਮਾ ਖਿਆਲਾ, ਪ੍ਰਧਾਨ ਰਣਦੀਪ ਸ਼ਰਮਾ, ਪੰਚਾਇਤ ਯੂਨੀਅਨ ਦੇ ਪ੍ਰਧਾਨ ਮਦਨ ਸਿੰਘ ਦੂਲੋਵਾਲ ਤੋਂ ਇਲਾਵਾ ਹੋਰ ਸੀਨੀਅਰ ਆਗੂ ਮੌਜੂਦ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News