ਪੰਚਾਇਤ ਭੰਗ ਕਰਨ ਦੇ ਦੋਸ਼ੀਆਂ ਬਾਰੇ ਸਪੱਸ਼ਟੀਕਰਨ ਦੇਣ ਮੁੱਖ ਮੰਤਰੀ : ਬਾਜਵਾ

Sunday, Oct 01, 2023 - 06:53 PM (IST)

ਪੰਚਾਇਤ ਭੰਗ ਕਰਨ ਦੇ ਦੋਸ਼ੀਆਂ ਬਾਰੇ ਸਪੱਸ਼ਟੀਕਰਨ ਦੇਣ ਮੁੱਖ ਮੰਤਰੀ : ਬਾਜਵਾ

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਚਾਇਤ ਵਿਭਾਗ ਦੇ ਮੁਅੱਤਲ ਕੀਤੇ ਗਏ ਨੌਕਰਸ਼ਾਹਾਂ ਵਿਚੋਂ ਇਕ ਨੂੰ ਮੁੜ ਬਹਾਲ ਕਰਨ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਕਿਹਾ ਕਿ 'ਆਪ' ਦੇ ਇਸ ਕਦਮ ਨੇ ਸਾਬਤ ਕਰ ਦਿੱਤਾ ਹੈ ਕਿ ਦੋਵੇਂ ਸੀਨੀਅਰ ਨੌਕਰਸ਼ਾਹਾਂ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੀਨੀਅਰ ਨੌਕਰਸ਼ਾਹ ਡੀ. ਕੇ. ਤਿਵਾੜੀ ਨੂੰ ਮੁੜ ਬਹਾਲ ਕਰਕੇ ਇਕ ਹੋਰ ਯੂ-ਟਰਨ ਲੈ ਲਿਆ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਪੰਚਾਇਤਾਂ ਨੂੰ ਭੰਗ ਕਰਨ ਪਿੱਛੇ ਦੋਸ਼ੀ ਕੌਣ ਸੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਜਾਣਨ ਦਾ ਪੂਰਾ ਅਧਿਕਾਰ ਹੈ ਕਿ 'ਆਪ' ਸਰਕਾਰ ਦੇ ਇਸ ਬੇਈਮਾਨ ਕਾਰਨਾਮੇ ਪਿੱਛੇ ਕੌਣ ਸੀ, ਜਿਸ ਵਿਚ ਲੋਕਤੰਤਰ ਦੇ ਬੁਨਿਆਦੀ ਸਿਧਾਂਤਾਂ ਦੀ ਉਲੰਘਣਾ ਕੀਤੀ ਗਈ। 

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਨਾਲੋਂ ਫਿਰ ਵੱਖ ਹੋਏ ਨਵਜੋਤ ਸਿੱਧੂ ਦੇ ਸੁਰ, ‘ਆਪ’ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਸੁਝਾਅ

ਇਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ. ਕੇ. ਤਿਵਾੜੀ ਅਤੇ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮੁਅੱਤਲ ਕੀਤੇ ਜਾਣ ਦੇ ਇਕ ਮਹੀਨੇ ਬਾਅਦ ਉਨ੍ਹਾਂ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਨਿਊਜ਼ ਰਿਪੋਰਟ ਵਿਚ ਇਹ ਵੀ ਜ਼ੋਰ ਦਿੱਤਾ ਗਿਆ ਹੈ ਕਿ ਮੁੱਖ ਮੰਤਰੀ ਪੰਚਾਇਤਾਂ ਭੰਗ ਕਰਨ ਦੇ ਹੁਕਮਾਂ ਨਾਲ ਸਬੰਧਤ ਫਾਈਲ ਲੀਕ ਹੋਣ ਕਾਰਨ ਵਿਭਾਗ ਤੋਂ ਨਾਰਾਜ਼ ਸਨ ਜਿਸ ’ਤੇ ਮੁੱਖ ਮੰਤਰੀ ਮਾਨ ਦੇ ਦਸਤਖ਼ਤ ਸਨ।

ਇਹ ਵੀ ਪੜ੍ਹੋ : ਟਰਾਂਸਪੋਰਟ ਅਥਾਰਿਟੀ ਦਾ ਵੱਡਾ ਫ਼ੈਸਲਾ, ਸਕੂਲ ਬੱਸਾਂ ਨੂੰ ਲੈ ਕੇ ਜਾਰੀ ਕੀਤੇ ਇਹ ਹੁਕਮ

ਉਨ੍ਹਾਂ ਕਿਹਾ ਕਿ ਪੰਚਾਇਤ ਭੰਗ ਕਰਨ ਦੇ ਹੁਕਮ ਵਾਪਸ ਲੈਣ 'ਤੇ 'ਆਪ' ਸਰਕਾਰ ਨੂੰ ਅਪਮਾਨ ਦਾ ਸਾਹਮਣਾ ਕਰਨਾ ਪਿਆ, ਜਿਸ ਤੋਂ ਤੁਰੰਤ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਦੋ ਸੀਨੀਅਰ ਨੌਕਰਸ਼ਾਹਾਂ ਨੂੰ ਮੁਅੱਤਲ ਕਰ ਦਿੱਤਾ। ਪੰਜਾਬ ਕਾਂਗਰਸ ਦੇ ਦਬਾਅ ਤੋਂ ਬਾਅਦ ਹੀ ਸਰਕਾਰ ਨੇ ਜਾਂਚ ਦੇ ਆਦੇਸ਼ ਦਿੱਤੇ ਸਨ। ਇਸ ਦੌਰਾਨ ਮੁਅੱਤਲ ਕੀਤੇ ਗਏ ਨੌਕਰਸ਼ਾਹਾਂ ਵਿਚੋਂ ਇੱਕ ਨੂੰ ਜਾਂਚ ਰਿਪੋਰਟ ਦੀ ਉਡੀਕ ਕੀਤੇ ਬਿਨਾਂ ਵੀ ਬਹਾਲ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਅਸਲ ਗੱਲ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਲੋਕਤੰਤਰੀ ਸੰਸਥਾ ਦੀ ਨੈਤਿਕਤਾ ਦੀ ਉਲੰਘਣਾ ਕਰਨ ਲਈ ਜ਼ਿੰਮੇਵਾਰ ਹਨ ਕਿਉਂਕਿ ਦਸਤਾਵੇਜ਼ਾਂ 'ਤੇ ਦੋਵਾਂ ਦੇ ਦਸਤਖ਼ਤ ਸਨ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਮੁਅੱਤਲ ਕੀਤੇ ਗਏ ਸੀਨੀਅਰ ਨੌਕਰਸ਼ਾਹ ਗੁਰਪ੍ਰੀਤ ਸਿੰਘ ਖਹਿਰਾ ਨੂੰ ਵੀ ਬਹਾਲ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਸੱਚ ਦੱਸਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Gurminder Singh

Content Editor

Related News