ਔਰਤਾਂ ਨੂੰ ਰੱਖੜੀ ਦਾ ਤੋਹਫ਼ਾ; ਮੁੱਖ ਮੰਤਰੀ ਮਾਨ ਨੇ 5714 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Wednesday, Aug 30, 2023 - 08:48 PM (IST)

ਔਰਤਾਂ ਨੂੰ ਰੱਖੜੀ ਦਾ ਤੋਹਫ਼ਾ; ਮੁੱਖ ਮੰਤਰੀ ਮਾਨ ਨੇ 5714 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅੰਮ੍ਰਿਤਸਰ (ਬਿਊਰੋ) : ਪੰਜਾਬ 'ਚ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਭਰਤੀ ਲਈ 5714 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਪੰਜਾਬ ਸਰਕਾਰ ਨੇ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਨੌਜਵਾਨਾਂ ਨੂੰ ਗੁੰਮਰਾਹ ਕਰ ਕੰਧਾਂ 'ਤੇ ਭਾਰਤ ਵਿਰੋਧੀ ਨਾਅਰੇ ਲਿਖਣ ਲਈ ਮਜਬੂਰ ਕਰਦੇ ਨੇ ਖਾਲਿਸਤਾਨੀ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਾਰੇ ਮੁਲਾਜ਼ਮਾਂ ਅਤੇ ਵਰਕਰਾਂ ਦੀ ਭਲਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਰਿਕਾਰਡ ਗਿਣਤੀ ਨੌਕਰੀਆਂ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾ ਰਹੀਆਂ ਹਨ। ਆਂਗਣਵਾੜੀ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ ਕਿਉਂਕਿ ਉਹ ਛੋਟੀ ਉਮਰ ਵਿੱਚ ਬੱਚਿਆਂ ਦੇ ਭਵਿੱਖ ਦੇ ਨਕਸ਼ ਘੜਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਇਹ ਵੀ ਪੜ੍ਹੋ : ਹਰੀਕੇ ਦਰਿਆ 'ਚ ਘਟਿਆ ਪਾਣੀ ਦਾ ਪੱਧਰ ਪਰ ਹਥਾੜ ਖੇਤਰ 'ਚ ਅਜੇ ਵੀ ਹਾਲਾਤ ਡਾਵਾਂਡੋਲ

PunjabKesari

ਮੁੱਖ ਮੰਤਰੀ ਨੇ ਇਕੱਠ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਹੋਰ ਅਹਿਮ ਪਹਿਲਕਦਮੀਆਂ ਕਰੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਰੱਖੜੀ ਦੇ ਤਿਉਹਾਰ ਮੌਕੇ ਆਂਗਣਵਾੜੀ ਵਰਕਰਾਂ ਨਾਲ ਸਾਂਝ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹੁਣ ਧੀਆਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਰਹੀਆਂ ਹਨ ਅਤੇ ਮਾਪਿਆਂ ਨੂੰ ਧੀ ਦਾ ਪਾਲਣ-ਪੋਸ਼ਣ ਕਰਕੇ ਮਾਣ ਮਹਿਸੂਸ ਹੁੰਦਾ ਹੈ। ਲੜਕੀਆਂ ਨੇ ਜ਼ਿੰਦਗੀ ਦੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਸਾਨੂੰ ਸਾਰਿਆਂ ਨੂੰ ਸਮਾਜ ਦੀ ਬਿਹਤਰੀ ਲਈ ਧੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਜਜ਼ਬੇ ਨੂੰ ਸਲਾਮ: ਬਾਂਹ 'ਚ ਰਾਡ ਪਈ ਹੋਣ ਦੇ ਬਾਵਜੂਦ ਕਾਰਗਿਲ ਯੋਧਾ ਨੇ ਹੜ੍ਹ 'ਚ ਫਸੇ 24 ਲੋਕਾਂ ਦੀ ਬਚਾਈ ਜਾਨ

PunjabKesari

ਪੰਜਾਬ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਲੜਕੀਆਂ ਲਈ ਸਿੱਖਿਆ ਅਤੇ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੱਕਾ ਵਿਸ਼ਵਾਸ ਹੈ ਕਿ ਜੇ ਲੜਕੀਆਂ ਨੂੰ ਮੌਕਾ ਦਿੱਤਾ ਜਾਵੇ ਤਾਂ ਉਹ ਜ਼ਿੰਦਗੀ ਦੇ ਕਿਸੇ ਵੀ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਸਕਦੀਆਂ ਹਨ।

ਆਪਣੇ ਭ੍ਰਿਸ਼ਟ ਸਾਥੀਆਂ ਦੀ ਹਮਾਇਤ ਵਿੱਚ ਕਲਮ ਛੋੜ ਹੜਤਾਲ ਕਰਨ ਦੀ ਯੋਜਨਾ ਬਣਾ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦਾ ਅਜਿਹਾ ਗੈਰ-ਜ਼ਿੰਮੇਵਾਰਾਨਾ ਵਤੀਰਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਹੜਤਾਲਾਂ ਕਾਰਨ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਇਕ ਆਂਗਣਵਾੜੀ ਵਰਕਰ ਨੇ ਸਟੇਜ 'ਤੇ ਮੁੱਖ ਮੰਤਰੀ ਨੂੰ ਰੱਖੜੀ  ਵੀ ਬੰਨ੍ਹੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ. ਤੇ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News