ਮੁੱਖ ਮੰਤਰੀ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਹਰੇਕ ਜ਼ਿਲ੍ਹੇ 'ਚ ਸਿੰਗਲ ਵਿੰਡੋ ਸਥਾਪਿਤ ਕਰਨ ਦਾ ਐਲਾਨ

Wednesday, May 11, 2022 - 12:03 AM (IST)

ਮੁੱਖ ਮੰਤਰੀ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਹਰੇਕ ਜ਼ਿਲ੍ਹੇ 'ਚ ਸਿੰਗਲ ਵਿੰਡੋ ਸਥਾਪਿਤ ਕਰਨ ਦਾ ਐਲਾਨ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਹਰੇਕ ਜ਼ਿਲ੍ਹੇ 'ਚ ਸਿੰਗਲ ਵਿੰਡੋ ਸਥਾਪਿਤ ਕਰੇਗੀ ਤਾਂ ਕਿ ਉਦਯੋਗਪਤੀਆਂ ਲਈ ਪ੍ਰਵਾਨਗੀ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ। ਇੱਥੇ ਉਦਯੋਗਿਕ ਕਾਰੋਬਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੰਗਲ ਵਿੰਡੋਜ਼ ਉਦਯੋਗਪਤੀਆਂ ਨੂੰ ਆਪਣੇ ਪ੍ਰੋਜੈਕਟਾਂ ਲਈ ਫੌਰੀ, ਨਿਰਵਿਘਨ ਅਤੇ ਔਕੜ ਰਹਿਤ ਪ੍ਰਵਾਨਗੀ ਪ੍ਰਾਪਤ ਕਰਨ ਦੇ ਯੋਗ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ 'ਚ ਸਿੰਗਲ ਵਿੰਡੋ ਸਥਾਪਿਤ ਹੋਣ ਨਾਲ ਉਦਯੋਗਪਤੀਆਂ ਨੂੰ ਦਫ਼ਤਰਾਂ ਵਿਚ ਭੱਜ-ਦੌੜ ਕਰਨ ਤੋਂ ਬਿਨਾਂ ਹੀ ਪ੍ਰਵਾਨਗੀਆਂ ਪ੍ਰਾਪਤ ਹੋ ਸਕਣਗੀਆਂ, ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸਾ ਅਤੇ ਊਰਜਾ ਦੀ ਬੱਚਤ ਹੋਵੇਗੀ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਤੇ ਉਦਮੀਆਂ ਨੂੰ ਵੱਡੀ ਪੱਧਰ ’ਤੇ ਸਹੂਲਤ ਦੇਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, ਧਮਾਕੇ 'ਚ ਵਰਤਿਆ ਲਾਂਚਰ ਬਰਾਮਦ

ਪੰਜਾਬ ਨੂੰ ਨਿਵੇਸ ਲਈ ਸਭ ਤੋਂ ਢੁੱਕਵਾਂ ਸਥਾਨ ਵਜੋਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਦੇ ਨਾਲ-ਨਾਲ ਮਿਹਨਤੀ ਤੇ ਸਮਰਪਿਤ ਮਨੁੱਖੀ ਸ਼ਕਤੀ ਦਾ ਵਿਲੱਖਣ ਸੁਮੇਲ ਹੈ, ਜਿਸ ਦੀ ਉਦਯੋਗਿਕ ਵਿਕਾਸ ਵਿਚ ਤੇਜ਼ੀ ਲਿਆਉਣ ਵਿਚ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਨੂੰ ਉਦਯੋਗਿਕ ਵਿਕਾਸ ਵਿਚ ਮੋਹਰੀ ਸੂਬਾ ਬਣਾਉਣਾ ਹੈ ਅਤੇ ਇਸ ਨੂੰ ਵਿਕਾਸ ਦੀ ਲੀਹ ’ਤੇ ਪਾਉਣਾ ਹੈ। ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਇਕ ਪਾਸੇ ਸੂਬੇ ਦੀ ਤਰੱਕੀ ਅਤੇ ਦੂਜੇ ਪਾਸੇ ਲੋਕਾਂ ਦੀ ਖੁਸ਼ਹਾਲੀ ਵਿਚ ਬਹੁਤ ਸਹਾਈ ਸਿੱਧ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਉਦਯੋਗ ਸਥਾਪਿਤ ਕਰਨ ਲਈ ਪਹਿਲਾਂ ਹੀ ਦੇਸ਼ ਭਰ ਦੇ ਉਦਯੋਗਿਕ ਦਿੱਗਜਾਂ ਤੱਕ ਪਹੁੰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਪੂਰਨ ਤੌਰ ’ਤੇ ਵਚਨਬੱਧ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਨਾਲ ਉਦਯੋਗਪਤੀਆਂ ਅਤੇ ਨੌਜਵਾਨਾਂ ਦੋਵਾਂ ਨੂੰ ਹੀ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਮੁੜਦਿਆਂ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਕਰਨ ਦਾ ਮੰਚ ਮੁਹੱਈਆ ਹੋਵੇਗਾ, ਉੱਥੇ ਹੀ ਉਦਯੋਗਿਕ ਵਿਕਾਸ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਵੀ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬੀ ਨੌਜਵਾਨਾਂ ਦੇ ਆਪਣੇ ਭਵਿੱਖ ਲਈ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿਚ ਵਿਦੇਸ਼ ਜਾਣ ਦੇ ਰੁਝਾਨ ਨੂੰ ਬਦਲਣ ਵਿਚ ਮਦਦ ਮਿਲੇਗੀ, ਜਿਸ ਨਾਲ ਸਾਡੇ ਹੋਣਹਾਰ ਨੌਜਵਾਨਾਂ ਨੂੰ ਬਾਹਰੀ ਮੁਲਕਾਂ ਵਿਚ ਜਾਣ ਤੋਂ ਰੋਕਿਆ ਜਾ ਸਕੇਗਾ। ਮਾਨ ਨੇ ਅੱਗੇ ਕਿਹਾ ਕਿ ਉਹ ਦਿਨ ਹੁਣ ਦੂਰ ਨਹੀਂ ਜਦੋਂ ਤੁਹਾਡੀ ਮਦਦ ਅਤੇ ਸਹਿਯੋਗ ਨਾਲ ਪੰਜਾਬ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਦੇ ਮੌਕਿਆਂ ਦੇ ਕੇਂਦਰ ਵਜੋਂ ਤਬਦੀਲ ਹੋ ਜਾਵੇਗਾ। ਇਸ ਮੌਕੇ ਸੀ.ਈ.ਓ. ਕੇ.ਕੇ. ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News