ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਰਾਜਨਾਥ ਨੂੰ ਨਸ਼ਿਆਂ ''ਤੇ ਰਾਸ਼ਟਰੀ ਨੀਤੀ ਬਣਾਉਣ ਲਈ ਕਿਹਾ

Thursday, Jul 19, 2018 - 06:30 AM (IST)

ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖ ਕੇ ਨਸ਼ਿਆਂ ਦੀ ਸਮੱਸਿਆ 'ਤੇ ਕੰਟਰੋਲ ਕਰਨ ਲਈ ਰਾਸ਼ਟਰੀ ਨੀਤੀ ਬਣਾਉੁਣ ਦੀ ਗੁਹਾਰ ਲਾਉਂਦੇ ਹੋਏ ਕਿਹਾ ਹੈ ਕਿ ਸਰਹੱਦੀ ਸੂਬਿਆਂ ਜਿਵੇਂ ਪੰਜਾਬ ਵਿਚ ਨਸ਼ਿਆਂ ਦੀ ਸਮੱਗਲਿੰਗ ਰੋਕਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਸਾਂਝੀ ਰਣਨੀਤੀ 'ਤੇ ਕੰਮ ਕਰਨ ਦੀ ਜ਼ਰੂਰਤ ਹੈ। ਮੁੱਖ ਮੰਤਰੀ ਨੇ ਪੱਤਰ ਵਿਚ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਨਸ਼ਿਆਂ 'ਤੇ ਰੋਕ ਲਾਉਣ ਲਈ ਕਿਸ ਤਰ੍ਹਾਂ ਹਾਲ ਹੀ ਵਿਚ ਕਦਮ ਚੁੱਕੇ ਹਨ, ਜਿਸ ਦਾ ਆਉਣ ਵਾਲੇ ਦਿਨਾਂ ਵਿਚ ਚੰਗਾ ਪ੍ਰਭਾਵ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨਾਲ ਜੰਗ ਲੜ ਰਹੀ ਹੈ, ਜਿਸ ਵਿਚ ਸਾਰੀਆਂ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰੇਗੀ ਕਿਉਂਕਿ ਇਸ ਨੇ ਨੌਜਵਾਨ ਪੀੜ੍ਹੀ ਦਾ ਭਵਿੱਖ ਖਰਾਬ ਕਰ ਦਿੱਤਾ ਹੈ ਪਰ ਨਾਲ ਹੀ ਹੁਣ ਸਮਾਂ ਆ ਗਿਆ ਹੈ ਜਦ ਨਸ਼ਿਆਂ 'ਤੇ ਰੋਕ ਲਈ ਰਾਸ਼ਟਰੀ ਨੀਤੀ ਦਾ ਐਲਾਨ ਕੇਂਦਰ ਵਲੋਂ ਕਰ ਦਿੱਤਾ ਜਾਵੇ। ਕੈਪਟਨ ਨੇ ਗ੍ਰਹਿ ਮੰਤਰੀ ਨੂੰ ਕਿਹਾ ਕਿ ਸਰਹੱਦੀ ਖੇਤਰਾਂ ਵਿਚ ਬੀ. ਐੱਸ. ਐੱਫ. ਵਲੋਂ ਨਸ਼ਿਆਂ ਦੀ ਸਮੱਗਲਿੰਗ 'ਤੇ ਪ੍ਰਭਾਵੀ ਢੰਗ ਨਾਲ ਰੋਕ ਲਾਉਣ ਦੀ ਜ਼ਰੂਰਤ ਹੈ ਅਤੇ ਨਾਲ ਹੀ ਸਰਹੱਦੀ ਖੇਤਰਾਂ ਵਿਚ ਨਸ਼ਿਆਂ ਨਾਲ ਸੰਬੰਧਤ ਪਦਾਰਥਾਂ ਦੀ ਖੇਤੀ 'ਤੇ ਪੂਰੀ ਤਰ੍ਹਾਂ ਰੋਕ ਲੱਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਸਰਹੱਦ ਨੇੜੇ ਪੰਜਾਬ ਪੁਲਸ ਨੇ ਹਾਲ ਹੀ ਵਿਚ ਭਾਰੀ ਮਾਤਰਾ ਵਿਚ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥਾਂ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਪੰਜਾਬ ਸਰਕਾਰ ਦੀਆਂ ਇੰਟੈਲੀਜੈਂਸ ਏਜੰਸੀਆਂ ਵਲੋਂ ਇਸ ਸਬੰਧ ਵਿਚ ਸਾਰੀਆਂ ਸੂਚਨਾਵਾਂ ਬੀ. ਐੱਸ. ਐੱਫ. ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਪੱਧਰ 'ਤੇ ਨਸ਼ਾ ਸਮੱਗਲਰਾਂ 'ਤੇ ਕੰਟਰੋਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਨਾਲ ਹੀ ਨਸ਼ਾ ਕਰਨ ਵਾਲੇ ਲੋਕਾਂ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਸੂਬਾ ਸਰਕਾਰ ਜਿਥੇ ਇਕ ਪਾਸੇ ਸਖਤ ਕਾਨੂੰਨ ਬਣਾ ਕੇ ਨਸ਼ਾ ਸਮੱਗਲਰਾਂ ਨੂੰ ਜੇਲ ਦੀਆਂ ਸੀਖਾਂ ਪਿੱਛੇ ਭੇਜੇਗੀ, ਉਥੇ ਹੀ ਦੂਜੇ ਪਾਸੇ ਉਹ ਨਸ਼ਾ ਕਰਨ ਵਾਲੇ ਲੋਕਾਂ ਦਾ ਇਲਾਜ ਵੀ ਕਰਵਾ ਰਹੀ ਹੈ।


Related News