CM ਮਾਨ ਵੱਲੋਂ 17 ਰੇਤ ਖੱਡਾਂ ਲੋਕਾਂ ਨੂੰ ਸਮਰਪਿਤ, ਬਿਕਰਮ ਮਜੀਠੀਆ ਨੂੰ ਲੈ ਕੇ ਕਹੀ ਵੱਡੀ ਗੱਲ
Friday, Feb 17, 2023 - 09:21 PM (IST)
ਫਿਲੌਰ (ਮੁਨੀਸ਼ ਬਾਵਾ)-ਇਕ ਵੱਡੀ ਲੋਕ-ਪੱਖੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਸਪਲਾਈ ਯਕੀਨੀ ਬਣਾਉਣ ਲਈ ਜਲਦ ਹੀ 150 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਇਥੇ 17 ਹੋਰ ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 14 ਜ਼ਿਲ੍ਹਿਆਂ ’ਚ 33 ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਜਲਦੀ 150 ਜਨਤਕ ਰੇਤ ਖੱਡਾਂ ਚਾਲੂ ਕਰੇਗੀ।
ਇਹ ਖ਼ਬਰ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਰੱਦ ਕੀਤਾ ਇਹ ਮੁਕੱਦਮਾ
ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਛੇ ਜ਼ਿਲ੍ਹਿਆਂ ਦੀਆਂ 16 ਜਨਤਕ ਰੇਤ ਖੱਡਾਂ ਚਲਾਈਆਂ ਗਈਆਂ ਸਨ ਅਤੇ ਅੱਜ ਅੱਠ ਜ਼ਿਲ੍ਹਿਆਂ ਦੀਆਂ 17 ਹੋਰ ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਇਨ੍ਹਾਂ ਜਨਤਕ ਖੱਡਾਂ ਤੋਂ 61,580 ਮੀਟ੍ਰਿਕ ਟਨ ਰੇਤਾ ਲੋਕਾਂ ਨੇ ਵਰਤ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬਹੁਤ ਸਾਰੇ ਨੌਜਵਾਨਾਂ ਨੂੰ ਸਿੱਧੇ ਤੇ ਅਸਿੱਧੇ ਤੌਰ ’ਤੇ ਰੋਜ਼ਗਾਰ ਮਿਲਿਆ ਹੈ। ਸੂਬੇ ’ਚ ਰੇਤ ਮਾਫ਼ੀਆ ਨੂੰ ਜਨਮ ਦੇਣ ਅਤੇ ਉਸ ਦੀ ਸਰਪ੍ਰਸਤੀ ਕਰਨ ਲਈ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਇਸ ਮੁੱਦੇ ਉਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ। ਉਨ੍ਹਾਂ ਕਿਹਾ ਕਿ ਸਭ ਜਾਣਦੇ ਹਨ ਕਿ ਅਕਾਲੀਆਂ ਦੀ ਆਪਣੇ ਲੰਮੇ ਕੁਸ਼ਾਸਨ ਦੌਰਾਨ ਸੂਬੇ ਨੂੰ ਲੁੱਟਣ ਵਾਲੇ ਹਰ ਮਾਫ਼ੀਆ ਨਾਲ ਗੰਢਤੁੱਪ ਸੀ। ਉਨ੍ਹਾਂ ਕਿਹਾ ਕਿ ਮਜੀਠੀਆ ਦੇ ਸੱਜੇ-ਖੱਬੇ ਬੈਠੇ ਦਿਖਾਈ ਦੇਣ ਵਾਲਿਆਂ ਦੇ ਹੱਥ ਪੰਜਾਬੀਆਂ `ਤੇ ਜ਼ੁਲਮ ਨਾਲ ਰੰਗੇ ਹੋਏ ਹਨ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਉਹ ਮਜੀਠੀਆ, ਜਿਸ ਦੀ ਪਾਰਟੀ ਨੇ ਇਹ ਸਾਰੀ ਗੜਬੜ ਕੀਤੀ, ਜਿਸ ਤੋਂ ਅੱਜ ਪੂਰਾ ਪੰਜਾਬ ਦੁਖੀ ਹੈ, ਸਿਰਫ਼ ਮੀਡੀਆ ਦੀਆਂ ਸੁਰਖੀਆਂ ਬਟੋਰਨ ਲਈ ਅਜਿਹੇ ਸਵਾਲ ਪੁੱਛ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਰਿਸ਼ਵਤ ਮਾਮਲੇ ਨੂੰ ਲੈ ਕੇ ‘ਆਪ’ ਵਿਧਾਇਕ ਅਮਿਤ ਰਤਨ ਦਾ ਵੱਡਾ ਬਿਆਨ
ਉਨ੍ਹਾਂ ਸਪੱਸ਼ਟ ਕਿਹਾ ਕਿ ਇਨ੍ਹਾਂ ਜਨਤਕ ਖੱਡਾਂ ਤੋਂ ਕਿਸੇ ਵੀ ਮਾਈਨਿੰਗ ਠੇਕੇਦਾਰ ਨੂੰ ਆਪਣਾ ਕੰਮ ਚਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਜਨਤਕ ਮਾਈਨਿੰਗ ਖੱਡਾਂ ਤੋਂ ਨਿਕਲਣ ਵਾਲਾ ਰੇਤਾ ਸਿਰਫ਼ ਗ਼ੈਰ-ਕਮਰਸ਼ੀਅਲ ਪ੍ਰਾਜੈਕਟਾਂ ਦੇ ਨਿਰਮਾਣ ’ਚ ਵਰਤਣ ਲਈ ਹੀ ਵੇਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰੇਤੇ ਦੀ ਵਿਕਰੀ ਸਿਰਫ਼ ਸੂਰਜ ਛੁਪਣ ਤੱਕ ਹੋਵੇਗੀ ਅਤੇ ਹਰੇਕ ਜਨਤਕ ਮਾਈਨਿੰਗ ਖੱਡ ’ਚ ਰੇਤੇ ਦੀ ਪੁਟਾਈ ਨੂੰ ਨੇਮਬੱਧ ਕਰਨ ਲਈ ਇਕ ਸਰਕਾਰੀ ਅਧਿਕਾਰੀ ਹਮੇਸ਼ਾ ਹਾਜ਼ਰ ਰਹੇਗਾ। ਸੂਬਾ ਸਰਕਾਰ ਨੇ ਇਕ ਮੋਬਾਈਲ ਐਪ ਬਣਾਈ ਹੈ, ਜੋ ਲੋਕਾਂ ਨੂੰ ਜਨਤਕ ਮਾਈਨਿੰਗ ਸਾਈਟਾਂ ਦੀ ਪੂਰੀ ਜਾਣਕਾਰੀ ਦੇਵੇਗੀ ਅਤੇ ਆਨਲਾਈਨ ਭੁਗਤਾਨ ਦੀ ਸਹੂਲਤ ਪ੍ਰਦਾਨ ਕਰੇਗੀ।
ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਸਤੀ ਰੇਤ ਦੀ ਸਪਲਾਈ ਯਕੀਨੀ ਬਣੇਗੀ ਅਤੇ ਠੇਕੇਦਾਰਾਂ ਤੇ ਟਰਾਂਸਪੋਰਟਰਾਂ ਵੱਲੋਂ ਕੀਤੀ ਜਾਂਦੀ ਲੁੱਟ ਨੂੰ ਰੋਕਿਆ ਜਾਵੇਗਾ। ਹੁਣ ਦੇਸ਼ ਭਰ ’ਚੋਂ ਪੰਜਾਬ ਦੇ ਲੋਕਾਂ ਨੂੰ ਸਭ ਤੋਂ ਘੱਟ ਦਰਾਂ `ਤੇ ਰੇਤ ਉਪਲੱਬਧ ਹੋ ਰਹੀ ਹੈ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਕਰੋੜ ਲੋਕਾਂ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਲਈ ਚੁਣਿਆ ਹੈ। ਭਾਰਤ ਦੇ ਸੰਵਿਧਾਨ ਅਨੁਸਾਰ ਉਹ ਸੂਬੇ ਦੀ ਜਨਤਾ ਨੂੰ ਜਵਾਬਦੇਹ ਹਨ, ਨਾ ਕਿ ਕੇਂਦਰ ਸਰਕਾਰ ਵੱਲੋਂ ਚੁਣੇ ਗਏ ਕਿਸੇ ਵਿਅਕਤੀ ਨੂੰ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਖ਼਼ੁਸ਼ਹਾਲੀ ਲਈ ਹਰ ਫ਼ੈਸਲਾ ਲਵੇਗੀ। ਇਸ ਮੌਕੇ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ।