ਸਾਬਕਾ ਹੈੱਡ ਗ੍ਰੰਥੀ ਜਗਤਾਰ ਸਿੰਘ ਦੇ ਦਿਹਾਂਤ 'ਤੇ CM ਮਾਨ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਗਟਾਇਆ ਦੁੱਖ

Sunday, Aug 27, 2023 - 08:43 PM (IST)

ਸਾਬਕਾ ਹੈੱਡ ਗ੍ਰੰਥੀ ਜਗਤਾਰ ਸਿੰਘ ਦੇ ਦਿਹਾਂਤ 'ਤੇ CM ਮਾਨ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ/ਚੰਡੀਗੜ੍ਹ (ਬਿਊਰੋ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਗਿਆਨੀ ਜਗਤਾਰ ਸਿੰਘ ਅੱਜ ਅਕਾਲ ਚਲਾਣਾ ਕਰ ਗਏ ਹਨ। ਗਿਆਨੀ ਜਗਤਾਰ ਸਿੰਘ ਨੇ ਆਪਣੀ ਰਿਹਾਇਸ਼ ਅੰਤਰਜਾਮੀ ਕਾਲੋਨੀ ਤਰਨਤਾਰਨ ਰੋਡ ਅੰਮ੍ਰਿਤਸਰ ’ਚ ਆਖਰੀ ਸਾਹ ਲਏ। ਸ਼ਾਮ 6 ਵਜੇ ਦੇ ਕਰੀਬ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। 

ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਦੁੱਖਦਾਇਕ ਹੈ, ਵਾਹਿਗੁਰੂ ਗਿਆਨੀ ਜੀ ਦੀ ਰੂਹ ਨੂੰ ਸ਼ਾਂਤੀ ਬਖਸ਼ਣ।

ਇਹ ਵੀ ਪੜ੍ਹੋ : ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਅਕਾਲ ਚਲਾਣਾ ਦੁੱਖਦਾਈ : ਐਡਵੋਕੇਟ ਧਾਮੀ

ਉਧਰ, ਗਿਆਨੀ ਜਗਤਾਰ ਸਿੰਘ ਦੇ ਦਿਹਾਂਤ 'ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਕਾਲ ਚਲਾਣਾ ਕਰ ਜਾਣਾ ਬੇਹੱਦ ਸ਼ੋਕਦਾਇਕ ਹੈ। ਉਨ੍ਹਾਂ ਕਿਹਾ ਕਿ ਗਿਆਨੀ ਜੀ ਗੁਰਬਾਣੀ ਦੇ ਗੂੜ੍ਹ ਗਿਆਤਾ ਸਨ। ਵਾਹਿਗੁਰੂ ਜੀ ਉਨ੍ਹਾਂ ਨੂੰ ਅਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

ਜ਼ਿਕਰਯੋ ਹੈ ਕਿ ਗਿਆਨੀ ਜਗਤਾਰ ਸਿੰਘ ਨੇ ਸਭ ਤੋਂ ਪਹਿਲਾਂ ਅਖੰਡ ਪਾਠੀ ਤੇ ਫਿਰ ਗ੍ਰੰਥੀ ਦੀਆਂ ਸੇਵਾਵਾਂ ਨਿਭਾਈਆਂ, ਜਿਸ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ ਬਾਅਦ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਗੁਰੂ ਤੇ ਪੰਥ ਦੀ ਸੇਵਾ ਕੀਤੀ। ਗਿਆਨੀ ਜੀ ਦੇ ਅਕਾਲ ਚਲਾਣੇ ’ਤੇ ਜਿੱਥੇ ਧਾਰਮਿਕ ਸਫਾਂ ’ਚ ਦੁੱਖ ਦੀ ਲਹਿਰ ਹੈ, ਉਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ ਤੋਂ ਇਲਾਵਾ ਹੋਰ ਪੰਥਕ ਸ਼ਖਸੀਅਤਾਂ ਵੱਲੋਂ ਵੀ ਦੁੱਖ ਪ੍ਰਗਟਾਇਆ ਗਿਆ ਹੈ। ਗਿਆਨੀ ਜਗਤਾਰ ਸਿੰਘ ਦਾ ਅੰਤਿਮ ਸੰਸਕਾਰ ਭਲਕੇ 28 ਅਗਸਤ ਨੂੰ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਸ਼ਮਸ਼ਾਨਘਾਟ ਵਿਖੇ ਹੋਵੇਗਾ।

ਇਹ ਵੀ ਪੜ੍ਹੋ : ਦੁੱਖਦਾਈ ਖ਼ਬਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਦਿਹਾਂਤ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News