ਪੰਜਾਬ ਪੁਲਸ ਲਈ CM ਮਾਨ ਦਾ ਵੱਡਾ ਐਲਾਨ, ਨਵੇਂ ਮੁਲਾਜ਼ਮਾਂ ਨੂੰ ਕੀਤੀ ਅਪੀਲ (ਵੀਡੀਓ)

Saturday, Nov 16, 2024 - 12:10 PM (IST)

ਚੰਡੀਗੜ੍ਹ : ਪੰਜਾਬ ਪੁਲਸ 'ਚ ਭਰਤੀ ਹੋਏ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇੱਥੇ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਸਮਾਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਹਨ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਦੌਰਾਨ 48 ਹਜ਼ਾਰ ਤੋਂ ਵੱਧ ਨੌਕਰੀਆਂ ਪੰਜਾਬ ਸਰਕਾਰ ਨੌਜਵਾਨਾਂ ਨੂੰ ਦੇ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿਲਕੁਲ ਸਾਫ-ਸੁਥਰੀ ਅਤੇ ਪਾਰਦਰਸ਼ਤਾ ਨਾਲ ਭਰਤੀ ਹੋਈ ਹੈ ਅਤੇ ਉਹ ਨਵੇਂ ਉਮੀਦਵਾਰਾਂ ਤੋਂ ਵੀ ਉਮੀਦ ਕਰਦੇ ਹਨ ਕਿ ਉਹ ਮਿਹਨਤ ਅਤੇ ਈਮਾਨਦਾਰੀ ਨਾਲ ਆਪਣਾ ਕੰਮ ਕਰਨਗੇ।

ਇਹ ਵੀ ਪੜ੍ਹੋ : ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ, ਇਸ ਤਾਰੀਖ਼ ਤੋਂ ਲਾਗੂ ਹੋਏ ਨਵੇਂ ਰੇਟ

ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਪੁਲਸ ਨੂੰ ਅਪਡੇਟ ਅਤੇ ਹਾਈਟੈੱਕ ਬਣਾਉਣ ਲਈ 10 ਹਜ਼ਾਰ ਤੋਂ ਜ਼ਿਆਦਾ ਨਵੀਆਂ ਭਰਤੀ ਕੀਤੀਆਂ ਜਾਣਗੀਆਂ। ਪੰਜਾਬ ਇਕ ਸਰਹੱਦੀ ਸੂਬਾ ਹੈ, ਜਿਸ ਕਾਰਨ ਪੁਲਸ ਨੂੰ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਲਈ ਪੰਜਾਬ ਪੁਲਸ 'ਚ ਜ਼ਿਆਦਾ ਭਰਤੀਆਂ ਕੀਤੀਆਂ ਜਾਣਗੀਆਂ ਤਾਂ ਜੋ ਪੁਲਸ 'ਚ ਨਫ਼ਰੀ ਵਧਾਈ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨਵੇਂ ਨਿਯੁਕਤ ਪੁਲਸ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਅਜੇ ਬਦਲੀਆਂ ਲਈ ਅਰਜ਼ੀ ਨਾ ਦੇਣ ਕਿਉਂਕਿ ਡਿਊਟੀ ਤਾਂ ਡਿਊਟੀ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਇਹ ਹੀ ਰਹੇਗੀ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਨੌਕਰੀਆਂ ਦਿੱਤੀਆਂ ਜਾਣ।

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਬੰਦ ਕਰਨ ਦੀ ਤਿਆਰੀ! ਜਾਣੋ ਕੀ ਹੈ ਕਾਰਨ

ਉਨ੍ਹਾਂ ਕਿਹਾ ਕਿ ਅੱਜ ਸੜਕ ਸੁਰੱਖਿਆ ਫੋਰਸ ਕਾਰਨ 8 ਮਹੀਨਿਆਂ ਬਾਅਦ 45 ਫ਼ੀਸਦੀ ਮੌਤਾਂ ਘੱਟ ਗਈਆਂ ਹਨ। ਇਸ ਟੀਮ ਕੋਲ ਮੁੱਢਲੀ ਸਹਾਇਤਾ ਦਾ ਪੂਰਾ ਸਾਮਾਨ ਮੁਹੱਈਆ ਰਹਿੰਦਾ ਹੈ। ਜੇਕਰ ਕੋਈ ਹਾਦਸਾ ਵਾਪਰਦਾ ਹੈ ਤਾਂ ਵਿਅਕਤੀ ਨੂੰ ਫੋਰਸ ਵਲੋਂ ਤੁਰੰਤ ਹਸਪਤਾਲ ਲਿਜਾਇਆ ਜਾਂਦਾ ਹੈ। ਇਸੇ ਤਰ੍ਹਾਂ ਜੇਕਰ ਸੜਕ 'ਤੇ ਕੋਈ ਗੱਡੀ ਖ਼ਰਾਬ ਹੋ ਜਾਵੇ ਤਾਂ ਉਸ ਨੂੰ ਕਿਨਾਰੇ 'ਤੇ ਲਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਇਹੀ ਹੈ ਕਿ ਅਸੀਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵੀ ਕਰੀਏ ਅਤੇ ਉਨ੍ਹਾਂ ਨੂੰ ਰੁਜ਼ਗਾਰ ਵੀ ਮੁਹੱਈਆ ਕਰਵਾਈਏ। ਮੁੱਖ ਮੰਤਰੀ ਮਾਨ ਨੇ ਨਵੇਂ ਉਮੀਦਵਾਰਾਂ ਨੂੰ ਈਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News