ਕਬਜ਼ਾ ਲੈਣ ਵਾਲੇ ਦਿਨ ਤੋਂ ਇਕ ਲੱਖ ਪ੍ਰਤੀ ਏਕੜ ਮਿਲੇਗਾ ਠੇਕਾ, CM ਮਾਨ ਦੀ ਕਿਸਾਨਾਂ ਨੂੰ ਵੱਡੀ ਸੌਗਾਤ
Tuesday, Jul 22, 2025 - 10:18 AM (IST)

ਜਲੰਧਰ, ਚੰਡੀਗੜ੍ਹ (ਧਵਨ, ਅੰਕੁਰ) : ਲੈਂਡ ਪੂਲਿੰਗ ਸਕੀਮ ਬਾਰੇ ਸਬੰਧਿਤ ਪਿੰਡਾਂ ਦੇ ਵਸਨੀਕਾਂ ਦੀ ਫੀਡਬੈਕ ਲੈਣ ਅਤੇ ਉਨ੍ਹਾਂ ਦੇ ਸ਼ੰਕਿਆਂ ਦੇ ਹੱਲ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਇਸ ਸਕੀਮ ਤਹਿਤ ਆਉਣ ਵਾਲੇ 164 ਪਿੰਡਾਂ ਦੇ ਵਾਸੀਆਂ ਨਾਲ ਵਿਚਾਰਾਂ ਕੀਤੀਆਂ ਗਈਆਂ। ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪਿੰਡ ਵਾਸੀਆਂ ਨਾਲ ਹੋਈ ਮੀਟਿੰਗ 'ਚ ਕੀਤੀ ਗੱਲਬਾਤ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਕੀਤੇ ਸਵਾਲਾਂ ਦੇ ਮੌਕੇ ’ਤੇ ਹੀ ਜਵਾਬ ਦਿੱਤੇ ਗਏ, ਜਿਸ ਤੋਂ ਪਿੰਡ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਹੋਏ। ਉਨ੍ਹਾਂ ਕਿਹਾ ਕਿ ਜਿਸ ਦਿਨ ਐੱਲ. ਓ. ਆਈ. ਹੋ ਜਾਵੇਗੀ, ਉਸੇ ਦਿਨ ਤੋਂ ਕਿਸਾਨ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮਿਲੇਗਾ ਅਤੇ ਕਿਸਾਨ ਆਪਣੀ ਜ਼ਮੀਨ 'ਤੇ ਖੇਤੀ ਵੀ ਕਰਦਾ ਰਹੇਗਾ।
ਜ਼ਮੀਨ ਮਾਲਕ ਵੱਲੋਂ ਅਰਜ਼ੀ ਦੇਣ ਦੇ 21 ਦਿਨਾਂ ਅੰਦਰ ਐੱਲ. ਓ. ਆਈ. ਅਤੇ 50 ਹਜ਼ਾਰ ਰੁਪਏ ਨਕਦ ਮਿਲੇਗਾ। ਜਿਸ ਦਿਨ ਸਰਕਾਰ ਵੱਲੋਂ ਕਬਜ਼ਾ ਲਿਆ ਜਾਵੇਗਾ, ਉਸੇ ਦਿਨ ਤੋਂ ਇਕ ਲੱਖ ਰੁਪਏ ਪ੍ਰਤੀ ਏਕੜ ਠੇਕਾ ਮਿਲਣਾ ਸ਼ੁਰੂ ਹੋ ਜਾਵੇਗਾ ਅਤੇ ਜੇਕਰ ਸਰਕਾਰ ਵੱਲੋਂ 2 ਜਾਂ 3 ਸਾਲ ਲੱਗਦੇ ਹਨ ਤਾਂ ਹਰ ਸਾਲ ਠੇਕੇ ’ਚ 10 ਫ਼ੀਸਦੀ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ’ਚ ਵੀ ਸਰਕਾਰ ਵੱਲੋਂ ਸਬੰਧਿਤ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੇ 9500 ਪਰਿਵਾਰਾਂ ਲਈ ਖ਼ਤਰੇ ਦੀ ਘੰਟੀ! ਰਾਸ਼ਨ ਡਿਪੂਆਂ ਨੂੰ ਲੈ ਕੇ...
ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ। ਨਵੀਂ ਸਕੀਮ ਨਾਲ ਯੋਜਨਾਬੱਧ ਕਾਲੋਨੀਆਂ ’ਚ ਕਮਰਸ਼ੀਅਲ ਜਾਇਦਾਦ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਯੋਜਨਾਬੱਧ ਵਿਕਾਸ ਨੂੰ ਤਰਜ਼ੀਹ ਦੇਣ ਵਾਲੀ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਲੋਕ-ਪੱਖੀ ਵੀ ਹੈ, ਜਿਸ ਬਾਰੇ ਵਿਰੋਧੀ ਪਾਰਟੀਆਂ ਵੱਲੋਂ ਆਪਣੇ ਸੌੜੇ ਰਾਜਸੀ ਹਿੱਤਾਂ ਨੂੰ ਚਮਕਾਉਣ ਲਈ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਧੱਕੇ ਨਾਲ ਐਕਵਾਇਰ ਨਹੀਂ ਕੀਤੀ ਜਾਵੇਗੀ, ਸਗੋਂ ਕਿਸਾਨਾਂ ਦੀ ਸਹਿਮਤੀ ਨਾਲ ਫ਼ੈਸਲਾ ਲਿਆ ਜਾਵੇਗਾ, ਜਿਸ ਦਾ ਸੂਬੇ ਦੇ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8