ਕਿਸਾਨਾਂ ਤੇ ਮੰਤਰੀਆਂ ਵਿਚਾਲੇ ਮੀਟਿੰਗ ਮਗਰੋਂ ਭਗਵੰਤ ਮਾਨ ਦੀ ਪ੍ਰੈੱਸ ਕਾਨਫ਼ਰੰਸ (Live ਵੀਡੀਓ)
Monday, Feb 19, 2024 - 05:54 AM (IST)
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੀ ਮੰਗ ਕੀਤੀ। ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੋਜ਼ਮਬੀਕ ਅਤੇ ਕੋਲੰਬੀਆ ਤੋਂ ਦਾਲਾਂ ਦੀ ਦਰਾਮਦ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਹ ਦਰਾਮਦ ਦੋ ਅਰਬ ਡਾਲਰ ਤੋਂ ਵੱਧ ਹੈ ਅਤੇ ਜੇ ਦਾਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ ਤਾਂ ਪੰਜਾਬ ਦਾਲਾਂ ਦੇ ਉਤਪਾਦਨ ਵਿਚ ਦੇਸ਼ ਵਿਚ ਮੋਹਰੀ ਹੋ ਸਕਦਾ ਹੈ। ਭਾਵੇਂ ਪੰਜਾਬ ਨੇ ਹਰੀ ਕ੍ਰਾਂਤੀ ਕਾਰਨ ਉਪਜਾਊ ਮਿੱਟੀ ਤੇ ਪਾਣੀ ਦੀ ਵੱਧ ਵਰਤੋਂ ਕਰਕੇ ਆਪਣੇ ਇਸ ਇੱਕੋ-ਇਕ ਕੁਦਰਤੀ ਸਰੋਤ ਨੂੰ ਗੁਆ ਲਿਆ ਹੈ ਪਰ ਫਿਰ ਵੀ ਇਹ ਦੇਸ਼ ਵਿਚ ਦੂਜੀ ਹਰੀ ਕ੍ਰਾਂਤੀ ਹੋਵੇਗੀ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੇ ਕਿਸਾਨ ਕਪਾਹ ਅਤੇ ਮੱਕੀ ਨੂੰ ਤਾਂ ਹੀ ਅਪਣਾ ਸਕਦੇ ਹਨ, ਜੇ ਉਨ੍ਹਾਂ ਨੂੰ ਇਨ੍ਹਾਂ ਫ਼ਸਲਾਂ ਦਾ ਐੱਮ.ਐੱਸ.ਪੀ. ਮਿਲੇ। ਉਨ੍ਹਾਂ ਕਿਹਾ ਕਿ ਇਨ੍ਹਾਂ ਫ਼ਸਲਾਂ ਦਾ ਯਕੀਨੀ ਮੰਡੀਕਰਨ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਸ਼ੇ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਸਬੰਧੀ ਗਰੰਟੀ ਮੰਗੀ ਗਈ ਅਤੇ ਕਿਹਾ ਗਿਆ ਕਿ ਇਨ੍ਹਾਂ ਫ਼ਸਲਾਂ ਦੀ ਖ਼ਰੀਦ ਲਈ ਸਮਝੌਤਾ ਕੀਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ - ਕੇਂਦਰੀ ਮੰਤਰੀ ਪਿਉਸ਼ ਗੋਇਲ ਨੇ ਕਿਸਾਨਾਂ ਨੂੰ ਦਾਲਾਂ, ਮੱਕੀ ਅਤੇ ਕਪਾਹ MSP 'ਤੇ ਖ਼ਰੀਦਣ ਦਾ ਦਿੱਤਾ ਪ੍ਰਸਤਾਵ (ਵੀਡੀਓ)
ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਵਿਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਵਿਚ ਮਦਦ ਕਰੇਗਾ ਕਿਉਂਕਿ ਇਹ ਲੋਕਾਂ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਭਾਰਤ ਵਿਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਦਾ ਹੈ ਅਤੇ ਜੇ ਕਿਸਾਨਾਂ ਨੂੰ ਲਾਹੇਵੰਦ ਭਾਅ ਮਿਲ ਜਾਵੇ ਤਾਂ ਉਹ ਦਾਲਾਂ ਦਾ ਉਤਪਾਦਨ ਇੱਥੇ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਦੇਸ਼ ਦੇ ਵਿਦੇਸ਼ੀ ਭੰਡਾਰ ਦੀ ਬਚਤ ਹੋਣ ਦੇ ਨਾਲ-ਨਾਲ ਕਿਸਾਨਾਂ ਨੂੰ ਝੋਨੇ ਦੇ ਚੱਕਰ 'ਚੋਂ ਬਾਹਰ ਕੱਢਣ ਦੇ ਨਾਲ-ਨਾਲ ਸੂਬੇ ਦੇ ਕੀਮਤੀ ਪਾਣੀ ਦੀ ਵੀ ਬਚਤ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿਚ ਕਿਸਾਨਾਂ ਦੇ ਵਕੀਲ ਵਜੋਂ ਸ਼ਿਰਕਤ ਕੀਤੀ ਸੀ ਅਤੇ ਅੰਤਮ ਫੈਸਲਾ ਸਬੰਧਤ ਧਿਰਾਂ ਨੇ ਲੈਣਾ ਹੈ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਅਮਨ-ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣਾ ਚਾਹੀਦਾ ਹੈ। ਇਹ ਮੰਦਭਾਗੀ ਗੱਲ ਹੈ ਕਿ ਪਹਿਲਾਂ ਹੀ ਦੋ ਕਿਸਾਨ ਸ਼ਹੀਦ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚਾਰ-ਵਟਾਂਦਰੇ ਲਈ ਦਰਵਾਜ਼ੇ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮਸਲਾ ਜਲਦੀ ਹੱਲ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਰੀਬ ਪੰਜ ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਦਾ ਕੋਈ ਵੀ ਨੌਜਵਾਨ ਪਾਣੀ ਦੀਆਂ ਬੁਛਾੜਾਂ ਜਾਂ ਅੱਥਰੂ ਗੈਸ ਦੇ ਗੋਲਿਆਂ ਦਾ ਸਾਹਮਣਾ ਕਰੇ।
ਇਹ ਖ਼ਬਰ ਵੀ ਪੜ੍ਹੋ - ਮੀਟਿੰਗ ਮਗਰੋਂ ਬੋਲੇ ਕਿਸਾਨ ਆਗੂ- "ਕੇਂਦਰ ਦੇ ਮਤੇ 'ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ" (ਵੀਡੀਓ)
ਮਸਲਿਆਂ 'ਤੇ ਵਿਚਾਰ ਕਰਨ ਲਈ ਗੱਲਬਾਤ ਲਈ ਆਉਣ ਵਾਸਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਦਿਆਂ ਦੇ ਹੱਲ ਲਈ ਇਹ ਸਹੀ ਪਲੇਟਫਾਰਮ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿਚ ਗੱਲਬਾਤ ਦਾ ਦੌਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ, ਜਿਸ ਲਈ ਸਮੂਹ ਸਬੰਧਤ ਧਿਰਾਂ ਨੂੰ ਸਾਥ ਦੇਣਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8