CM ਮਾਨ ਵੱਲੋਂ ਵੇਰਕਾ ਦਾ ਵਿਸਤਾਰ ਦਿੱਲੀ ਤਕ ਕਰਨ ਦਾ ਐਲਾਨ, 2 ਲੱਖ ਲੀਟਰ ਕੀਤੀ ਜਾਵੇਗੀ ਦੁੱਧ ਦੀ ਸਪਲਾਈ

Wednesday, Oct 19, 2022 - 06:08 PM (IST)

ਲੁਧਿਆਣਾ : ਸੂਬਾ ਸਰਕਾਰ ਰਾਜ ਦੀ ਮੋਹਰੀ ਸਹਿਕਾਰੀ ਸੰਸਥਾ ਮਿਲਕਫੈੱਡ ਦੀ ਦਿੱਲੀ ਨੂੰ ਹੁੰਦੀ ਦੁੱਧ ਦੀ ਸਪਲਾਈ ਨੂੰ ਮੌਜੂਦਾ 30 ਹਜ਼ਾਰ ਲੀਟਰ ਤੋਂ ਵਧਾ ਕੇ ਦੋ ਲੱਖ ਲੀਟਰ ਕਰਨ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਪੰਜਾਬ ਦੇ ਕਿਸਾਨਾਂ/ਦੁੱਧ ਉਤਪਾਦਕਾਂ ਨੂੰ ਵੱਡਾ ਲਾਭ ਮਿਲੇ। ਇਹ ਸ਼ਬਦ ਵੇਰਕਾ ਪਲਾਂਟ 'ਚ ਨਵੇਂ ਬਣੇ ਮਿਲਕ ਪ੍ਰੋਸੈਸਿੰਗ ਅਤੇ ਬਟਰ ਪਲਾਂਟ ਦਾ ਉਦਘਾਟਨ ਕਰਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਹੇ। ਉਨ੍ਹਾਂ ਕਿਹਾ ਕਿ ਇਹ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਕਿਸਾਨਾਂ ਨੂੰ ਖੇਤੀ ਸੰਕਟ 'ਚੋਂ ਕੱਢਣ ਲਈ ਉਨ੍ਹਾਂ ਦੀ ਆਮਦਨ 'ਚ ਵਾਧਾ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧ 'ਚ ਦਿੱਲੀ ਸਰਕਾਰ ਨਾਲ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤਹਿਤ ਵੇਰਕਾ ਦੁੱਧ ਅਤੇ ਦੁੱਧ ਉਤਪਾਦਾਂ ਦੀ ਸਪਲਾਈ ਲਈ ਦਿੱਲੀ ਦੇ ਹਰ ਕੋਨੇ 'ਚ ਨਵੇਂ ਬੂਥ ਖੋਲ੍ਹੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇੱਕੋ-ਇੱਕ ਮੰਤਵ ਸਹਿਕਾਰਤਾ ਦੀ ਅਸਲ ਭਾਵਨਾ ਉਤੇ ਚੱਲਦਿਆਂ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਅਤੇ ਵਧੀਆ ਭਾਅ ਦੇਣਾ ਹੈ।

PunjabKesari

ਮੁੱਖ ਮੰਤਰੀ ਨੇ ਆਖਿਆ ਕਿ ਨੌਜਵਾਨਾਂ 'ਚ ਡੇਅਰੀ ਧੰਦੇ ਨੂੰ ਹੁਲਾਰਾ ਦੇਣ ਲਈ ਕਿਸਾਨ ਪੱਖੀ ਸਕੀਮਾਂ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ `ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਮਿਲਕਫੈੱਡ ਨੂੰ ਨਾ ਸਿਰਫ਼ ਸੂਬੇ 'ਚ ਸਗੋਂ ਦੇਸ਼ ਤੇ ਵਿਦੇਸ਼ਾਂ 'ਚ ਖਪਤ ਮੰਡੀ ਦੇ ਵੱਡੇ ਹਿੱਸੇ ਨੂੰ ਆਪਣੀਆਂ ਸੇਵਾਵਾਂ ਮੁਹੱਈਆ ਕਰਨ ਲਈ ਵਧੀਆ ਮਾਰਕੀਟਿੰਗ ਮੁਹਿੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਮੋਹਰੀ ਸਹਿਕਾਰੀ ਸੰਸਥਾ ਦੀ ਘਰੇਲੂ ਬਾਜ਼ਾਰ 'ਚ ਪ੍ਰਤੱਖ ਮੌਜੂਦਗੀ ਹੈ ਕਿਉਂਕਿ ਵੇਰਕਾ ਇਸ ਖਿੱਤੇ 'ਚ ਘਰ-ਘਰ ਜਾਣਿਆ-ਪਛਾਣਿਆ ਨਾਮ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਉਤਪਾਦਾਂ ਜਿਵੇਂ ਘਿਓ, ਦੁੱਧ, ਮੱਖਣ, ਲੱਸੀ, ਖੀਰ, ਦਹੀਂ, ਆਈਸ ਕਰੀਮ, ਮਠਿਆਈਆਂ ਅਤੇ ਹੋਰ ਉਤਪਾਦਾਂ ਨੇ ਪਹਿਲਾਂ ਹੀ ਦੇਸ਼ ਵਿਆਪੀ ਬਾਜ਼ਾਰ 'ਚ ਆਪਣਾ ਵੱਖਰਾ ਸਥਾਨ ਬਣਾਇਆ ਹੈ, ਜਿਸ ਨੂੰ ਠੋਸ ਯਤਨਾਂ ਨਾਲ ਹੋਰ ਵਿਸ਼ਾਲ ਕੀਤਾ ਜਾ ਸਕਦਾ ਹੈ। ਲੁਧਿਆਣਾ ਸ਼ਹਿਰ ਨਾਲ ਭਾਵੁਕਤਾ ਭਰੀ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਪਿੰਡ ਸਤੌਜ ਉਨ੍ਹਾਂ ਦੀ ਜਨਮ ਭੂਮੀ ਹੈ ਤਾਂ ਲੁਧਿਆਣਾ ਉਨ੍ਹਾਂ ਦੀ ਕਰਮ ਭੂਮੀ ਹੈ। ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬੀਆਂ ਨੂੰ ਉੱਦਮ ਅਤੇ ਅਗਵਾਈ ਦੇ ਗੁਣ ਵਿਰਸੇ 'ਚ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਪੰਜਾਬੀਆਂ ਨੇ ਵਿਸ਼ਵ ਭਰ 'ਚ ਆਪਣਾ ਵੱਖਰਾ ਸਥਾਨ ਬਣਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਤੋਂ ਹੀ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਭ੍ਰਿਸ਼ਟ ਆਗੂ ਕਿਸੇ ਵੀ ਧਨਾਢ ਸਿਆਸੀ ਪਾਰਟੀ 'ਚ ਵੀ ਸ਼ਾਮਲ ਹੋ ਗਏ ਹੋਣ ਪਰ ਉਨ੍ਹਾਂ ਦੀ ਸਰਕਾਰ ਹਰੇਕ ਭ੍ਰਿਸ਼ਟਾਚਾਰੀ ਨੂੰ ਸਲਾਖਾਂ ਪਿੱਛੇ ਡੱਕਣਾ ਯਕੀਨੀ ਬਣਾ ਰਹੀ ਹੈ। ਭਗਵੰਤ ਮਾਨ ਨੇ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਮਿਸਾਲ ਦਿੰਦਿਆਂ ਕਿਹਾ ਕਿ ਜਿਸ ਨੇ ਵੀ ਸੂਬੇ ਦੀ ਦੌਲਤ ਲੁੱਟੀ ਹੈ, ਉਸ ਨੂੰ ਆਪਣੇ ਗੁਨਾਹਾਂ ਦਾ ਖਮਿਆਜ਼ਾ ਭੁਗਤਣਾ ਪਵੇਗਾ।

PunjabKesari

ਪੰਜਾਬ ਵਿੱਚ ਸੂਬਾ ਸਰਕਾਰ ਦੀਆਂ ਕਈ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 20 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ 36 ਹਜ਼ਾਰ ਠੇਕੇ `ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਚੁੱਕੀ ਹੈ ਅਤੇ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਨੌਂ ਹਜ਼ਾਰ ਦੇ ਕਰੀਬ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦਾ ਸੱਦਾ ਦਿੱਤਾ ਕਿਉਂਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਣ ਹੋਣ ਕਰ ਕੇ ਮਨੁੱਖੀ ਜੀਵਨ ਲਈ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੇ ਖ਼ਤਰੇ ਨਾਲ ਨਜਿੱਠਣ ਲਈ ਸੰਗਰੂਰ ਵਿੱਚ 20 ਏਕੜ ਰਕਬੇ ਵਿੱਚ 230 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦਾ ਸਭ ਤੋਂ ਵੱਡਾ ਬਾਇਓ ਐਨਰਜੀ ਪਲਾਂਟ ਲਾਇਆ ਗਿਆ ਹੈ। 
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੰਪੀ ਸਕਿੱਨ ਬਿਮਾਰੀ ਦਾ ਸ਼ਿਕਾਰ ਹੋਏ ਪਸ਼ੂ ਧੰਨ ਦੀ ਵਿਸਤ੍ਰਿਤ ਸੂਚੀ ਭਾਰਤ ਸਰਕਾਰ ਨੂੰ ਭੇਜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਬਿਮਾਰੀ ਕਾਰਨ ਆਪਣੇ ਪਸ਼ੂ ਧੰਨ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਬਿਮਾਰੀ ਨੂੰ ਮਹਾਂਮਾਰੀ ਐਲਾਨਣ ਲਈ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
 


Mandeep Singh

Content Editor

Related News