ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ CM ਭਗਵੰਤ ਮਾਨ ਦੀ ਸ਼੍ਰੋਮਣੀ ਕਮੇਟੀ ਨੂੰ ਅਪੀਲ

04/07/2022 4:44:37 PM

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵੱਲੋਂ ਸੂਬਾ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਆਧੁਨਿਕ ਪ੍ਰਸਾਰਣ/ਸੰਚਾਰ ਤਕਨੀਕਾਂ ਨੂੰ ਸਥਾਪਿਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਕਿਹਾ ਕਿ ‘ਸਰਬ ਸਾਂਝੀ ਗੁਰਬਾਣੀ’ ਦੇ ਦੁਨੀਆਂ ਭਰ ’ਚ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ ਤਾਂ ਜੋ ‘ਸਰਬੱਤ ਦੇ ਭਲੇ’ ਦੇ ਇਲਾਹੀ ਸੰਦੇਸ਼ ਨੂੰ ਦੁਨੀਆ ਭਰ ਵਿਚ ਵਸਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਇਹ ਉਪਰਾਲਾ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਦੀਦਾਰੇ ਕਰਨ ਦੇ ਨਾਲ-ਨਾਲ ਰਸਭਿੰਨੀ ਇਲਾਹੀ ਗੁਰਬਾਣੀ ਸਰਵਣ ਕਰਨ ਦਾ ਮੌਕਾ ਵੀ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਜਾਣ ਵਾਲੀ ਹਰ ਸੇਵਾ ਨਿਭਾਉਣ ਲਈ ਤਿਆਰ ਹੈ।

ਆਪਣੇ ਵੀਡੀਓ ਸੰਦੇਸ਼ ’ਚ ਭਗਵੰਤ ਮਾਨ ਨੇ ਕਿਹਾ ਕਿ ਗੁਰਬਾਣੀ ਦੇ ਇਲਾਹੀ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ’ਚ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਉਨ੍ਹਾਂ ਇਸ ਲਈ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਨੂੰ ਇਕੋ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਸੈਟੇਲਾਈਟ ਟੀ. ਵੀ. ਸਮੇਤ ਸੰਚਾਰ ਦੇ ਵੱਖ-ਵੱਖ ਪਲੇਟਫਾਰਮਾਂ ਜਿਵੇਂ ਰੇਡੀਓ, ਐੱਫ. ਐੱਮ., ਸੋਸ਼ਲ ਮੀਡੀਆ ਅਤੇ ਮੋਬਾਈਲ ਐਪਸ ’ਤੇ ਪ੍ਰਸਾਰਿਤ ਕੀਤਾ ਜਾਵੇ। ਮੁੱਖ ਮੰਤਰੀ ਨੇ ਇਸ ਕਾਰਜ ਲਈ ਪੰਜਾਬ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਵੀਨਤਮ ਬੁਨਿਆਦੀ ਢਾਂਚਾ/ਤਕਨਾਲੋਜੀ ਸਥਾਪਿਤ ਕਰਨ ਦੀ ਪੇਸ਼ਕਸ਼ ਕੀਤੀ, ਜਿਸ ’ਚ ਨਵੀਨਤਮ ਕੈਮਰੇ ਅਤੇ ਪ੍ਰਸਾਰਣ ਉਪਕਰਨ ਸ਼ਾਮਲ ਹਨ। ਇਸ ਤੋਂ ਇਲਾਵਾ ਪ੍ਰਸਾਰਣ ਦੇ ਹੋਰ ਡਿਜੀਟਲ ਮਾਧਿਅਮ ਜਿਵੇਂ ਯੂ-ਟਿਊਬ, ਮੋਬਾਈਲ ਐਪਸ, ਧਾਰਮਿਕ ਚੈਨਲ ਜਾਂ ਕੋਈ ਹੋਰ ਚੈਨਲ, ਜੋ ਇਕੋ ਮਾਧਿਅਮ ਦੀ ਬਜਾਏ ਵੱਖ-ਵੱਖ ਤਕਨੀਕਾਂ ਵਰਤ ਕੇ ਗੁਰਬਾਣੀ ਦਾ ਪ੍ਰਸਾਰਣ ਕਰਨਾ ਚਾਹੁੰਦੇ ਹੋਣ, ਉਨ੍ਹਾਂ ਲਈ ਵੀ ਸਰਕਾਰ ਲੋੜੀਂਦਾ ਸਾਜ਼ੋ ਸਾਮਾਨ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ ਤਾਂ ਜੋ ਸਰਬਸਾਂਝੀ ਬਾਣੀ ਨੂੰ ਦੁਨੀਆ ਭਰ ’ਚ ਪਹੁੰਚਾਇਆ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਇਸ ਦਾ ਖਰਚਾ ਚੁੱਕਣ ਲਈ ਤਿਆਰ ਹੈ।


Manoj

Content Editor

Related News