ਪੰਜਾਬ 'ਚ ਝੋਨੇ ਦੇ ਸੀਜ਼ਨ ਬਾਰੇ CM ਮਾਨ ਦਾ ਵੱਡਾ ਐਲਾਨ, ਧਿਆਨ ਨਾਲ ਸੁਣਨ ਕਿਸਾਨ (ਵੀਡੀਓ)

05/15/2023 6:11:31 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਵਾਰ ਸੂਬੇ 'ਚ ਝੋਨੇ ਦੀ ਬਿਜਾਈ ਨੂੰ ਲੈ ਕੇ ਵੱਡੇ ਐਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 2 ਵੱਡੀਆਂ ਸਰਕਾਰ-ਕਿਸਾਨ ਮਿਲਣੀਆਂ ਦੌਰਾਨ ਕਿਸਾਨਾਂ ਤੋਂ ਮਿਲੇ ਸੁਝਾਵਾਂ ਮਗਰੋਂ ਝੋਨੇ ਦੀ ਬਿਜਾਈ ਲਈ ਪੰਜਾਬ ਨੂੰ ਇਸ ਵਾਰ 4 ਹਿੱਸਿਆਂ 'ਚ ਵੰਡਿਆ ਗਿਆ ਹੈ। ਉਨ੍ਹਾਂ ਨੇ ਝੋਨੇ ਦੀ ਬਿਜਾਈ ਦੀਆਂ ਤਾਰੀਖ਼ਾਂ ਦਾ ਵੀ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਪਹਿਲੇ ਜ਼ੋਨ 'ਚ ਬਾਰਡਰ ਦੇ ਨਾਲ ਤਾਰ ਤੋਂ ਪਾਰ ਦੇ ਖੇਤਾਂ 'ਚ 10 ਜੂਨ ਤੋਂ ਝੋਨੇ ਦੀ ਬਿਜਾਈ ਕੀਤੀ ਜਾ ਸਕਦੀ ਹੈ। ਇਸ ਦੇ ਲਈ ਕਿਸਾਨਾਂ ਨੂੰ ਬਿਜਲੀ ਦਿਨ ਦੇ ਸਮੇਂ 8 ਜਾਂ ਇਸ ਤੋਂ ਵੱਧ ਘੰਟਿਆਂ ਲਈ ਦਿੱਤੀ ਜਾਵੇਗੀ ਕਿਉਂਕਿ ਸਰਹੱਦੀ ਇਲਾਕੇ ਹੋਣ ਕਾਰਨ ਰਾਤ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦੂਜੇ ਹਿੱਸੇ 'ਚ 16 ਜੂਨ ਤੋਂ 7 ਜ਼ਿਲ੍ਹੇ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ ਝੋਨੇ ਦੀ ਬਿਜਾਈ ਕਰ ਸਕਣਗੇ ਅਤੇ ਇਨ੍ਹਾਂ ਨੂੰ 16 ਜੂਨ ਦੇ ਹਿਸਾਬ ਨਾਲ ਬਿਜਲੀ ਮਿਲੇਗੀ। ਇਸ ਦੇ ਨਾਲ ਹੀ ਨਹਿਰੀ ਪਾਣੀ ਵੀ ਮਿਲੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਰੀ ਹੋ ਗਿਆ ਅਲਰਟ, ਤੁਸੀਂ ਵੀ ਧਿਆਨ ਨਾਲ ਪੜ੍ਹੋ

19 ਜੂਨ ਨੂੰ ਤੀਜੇ ਹਿੱਸੇ 'ਚ ਰੋਪੜ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਝੋਨੇ ਦੀ ਬਿਜਾਈ ਕਰ ਸਕਣਗੇ। ਇਸੇ ਤਰ੍ਹਾਂ ਚੌਥੇ ਹਿੱਸੇ 'ਚ 21 ਜੂਨ ਤੋਂ 9 ਜ਼ਿਲ੍ਹੇ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਮਾਨਸਾ 'ਚ ਝੋਨੇ ਦੀ ਬਿਜਾਈ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਮੋਟਰਾਂ ਬੰਦ ਕਰਕੇ ਲੋਕ ਝੋਨਾ ਲਾਉਣਗੇ ਕਿਉਂਕਿ ਪੰਜਾਬ 'ਚ ਬਿਜਲੀ ਦੀ ਕੋਈ ਕਮੀ ਨਹੀਂ ਹੈ ਅਤੇ ਸਾਡੇ ਕੋਲ ਡੇਢ ਮਹੀਨੇ ਦਾ ਕੋਲਾ ਪਿਆ ਹੈ। 

ਇਹ ਵੀ ਪੜ੍ਹੋ : ਮਾਸੂਮ ਬੱਚੀ ਨੂੰ ਦੇਖ ਬਦਲ ਗਈ ਸੀ ਨੀਅਤ, ਭੇਤ ਖੁੱਲ੍ਹਣ ਦੇ ਡਰੋਂ ਕੀਤਾ ਸਭ ਦੀ ਸੋਚ ਤੋਂ ਪਰ੍ਹੇ ਦਾ ਕਾਰਾ
ਮੁੱਖ ਮੰਤਰੀ ਦੀ ਕਿਸਾਨਾਂ ਨੂੰ ਅਪੀਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਪੂਸਾ-144 ਬੀਜਣ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਇਹ ਫ਼ਸਲ ਪੱਕਣ 'ਚ 150 ਤੋਂ ਵੱਧ ਦਿਨਾਂ ਦਾ ਸਮਾਂ ਲੱਗਦਾ ਹੈ, ਪਰਾਲੀ ਵੀ ਜ਼ਿਆਦਾ ਹੁੰਦੀ ਹੈ ਅਤੇ ਧਰਤੀ ਹੇਠਲਾ ਪਾਣੀ ਵੀ ਜ਼ਿਆਦਾ ਲੱਗਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪੀ. ਆਰ.-126 ਬੀਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ਸਲ ਨੂੰ ਪਾਣੀ ਵੀ ਘੱਟ ਲੱਗਦਾ ਹੈ ਅਤੇ ਇਸ ਦਾ ਝਾੜ ਵੀ ਬਹੁਤ ਜ਼ਿਆਦਾ ਹੁੰਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ ਤਾਂ ਫਿਰ ਉਹ ਆਪਣੀਆਂ ਮੋਟਰਾਂ ਬੰਦ ਰੱਖਣ ਕਿਉਂਕਿ ਅਸੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਹੈ।
ਸਿੱਧੀ ਬਿਜਾਈ ਕਰਨ ਵਾਲਿਆਂ ਲਈ ਅਹਿਮ ਐਲਾਨ
ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਜਿਹੜੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ (ਬਿਨਾ ਕੱਦੂ ਕੀਤੇ ਬਿਜਾਈ) ਕਰਨਗੇ, ਉਨ੍ਹਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਲਾਉਣ ਲਈ ਨਿਰਵਿਘਨ ਸਿੰਚਾਈ ਯਕੀਨੀ ਬਣਾਉਣ ਵਾਸਤੇ ਪਹਿਲੇ ਪੜਾਅ ਵਿਚ ਅੰਤਰਰਾਸ਼ਟਰੀ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿਚ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐੱਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਬਹੁਮੁੱਲੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਭਰ ਵਿਚ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਦੀ ਤਕਨੀਕ ਲਈ ਬਿਜਲੀ ਦੀ ਸਪਲਾਈ 20 ਮਈ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਪੜਾਅਵਾਰ ਬਿਜਾਈ ਲਈ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਤਰੀਕਾਂ ਤੋਂ ਪਹਿਲਾਂ ਝੋਨਾ ਲਾਉਣ ਤੋਂ ਗੁਰੇਜ਼ ਕਰਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਬੀਜਣ ਅਤੇ ਸਬਜ਼ੀਆਂ ਸਮੇਤ ਸਿੰਚਾਈ ਦੀਆਂ ਆਮ ਲੋੜਾਂ ਲਈ ਚਾਰ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News