ਦਿੱਲੀ 'ਚ ਹੋਈ ਮੀਟਿੰਗ ਮਗਰੋਂ CM ਮਾਨ ਨੇ ਲਏ ਅਹਿਮ ਫ਼ੈਸਲੇ

Tuesday, Oct 29, 2024 - 09:29 AM (IST)

ਦਿੱਲੀ 'ਚ ਹੋਈ ਮੀਟਿੰਗ ਮਗਰੋਂ CM ਮਾਨ ਨੇ ਲਏ ਅਹਿਮ ਫ਼ੈਸਲੇ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨਾਲ ਪੰਜਾਬ ਦੇ ਸ਼ਹਿਰਾਂ ਨੂੰ ਨਵੀਂ ਦਿੱਖ ਦੇਣ ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਸੂਬੇ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰ ਵੀ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੰਤਵ ਸੂਬੇ ਦੇ ਸ਼ਹਿਰਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਵੀ ਯਕੀਨੀ ਬਣਾਉਣਾ ਹੈ ਕਿ ਸ਼ਹਿਰ ਵਾਸੀਆਂ ਨੂੰ ਦਿੱਲੀ ਦੀ ਤਰਜ਼ ’ਤੇ ਅਤਿ-ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਦਿਸ਼ਾ ’ਚ ਪਹਿਲਾਂ ਹੀ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਇਹ ਖ਼ਬਰ ਵੀ ਪੜ੍ਹੋ - ਰਾਜਪਾਲ ਨੂੰ ਮਿਲੇ ਪੰਜਾਬ ਦੇ 3 ਕੈਬਨਿਟ ਮੰਤਰੀ, ਰੱਖੀ ਇਹ ਮੰਗ

ਉਨ੍ਹਾਂ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਸ਼ਹਿਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ’ਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਪੰਜਾਬ ਸਰਕਾਰ ਇਸੇ ਤਰਜ਼ ’ਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਚਾਹੁੰਦੀ ਹੈ, ਜਿਸ ਲਈ ਦਿੱਲੀ ਸਰਕਾਰ ਦੀ ਮੁਹਾਰਤ ਦਾ ਭਰਪੂਰ ਲਾਭ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਬਿਤ ਹੋ ਚੁੱਕਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸ਼ਹਿਰੀ ਵਿਕਾਸ ਤੇ ਯੋਜਨਾਬੰਦੀ ਦੇ ਖੇਤਰ ’ਚ ਸ਼ਾਨਦਾਰ ਮੱਲਾਂ ਮਾਰੀਆਂ ਹਨ।

ਉਨ੍ਹਾਂ ਕਿਹਾ ਕਿ ਸ਼ਹਿਰੀ ਵਿਕਾਸ ਸਬੰਧੀ ਦਿੱਲੀ ਮਾਡਲ ਪੂਰੇ ਦੇਸ਼ ਲਈ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ, ਇਸ ਲਈ ਪੰਜਾਬ ਨੂੰ ਇਸ ਦਾ ਵਿਆਪਕ ਲਾਭ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਧਿਆਨ ਸ਼ਹਿਰਾਂ ਦੀ ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਸਟਰੀਟ ਲਾਈਟਾਂ ਦੇ ਨਾਲ-ਨਾਲ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਵੱਲ ਕੇਂਦਰਿਤ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀਆਂ ਦਾ ਰਾਜ! 30 ਸਾਲਾਂ ਤੋਂ ਬਣ ਰਹੇ ਸਰਪੰਚ

ਸੜਕਾਂ ਦੀ ਮੁਰੰਮਤ ਲਈ ਹੋਵੇਗੀ AI ਦੀ ਵਰਤੋਂ

ਉਨ੍ਹਾਂ ਕਿਹਾ ਕਿ ਸੜਕਾਂ ’ਚ ਪਏ ਟੋਇਆਂ, ਪੈਚ ਵਰਕ ਤੇ ਹੋਰ ਟੁੱਟ-ਭੱਜ ਆਦਿ ਦੀ ਪਛਾਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੀ ਵਰਤੋਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਨਿਰਧਾਰਤ ਸਮੇਂ ਅੰਦਰ ਢੁਕਵੀਂ ਮੁਰੰਮਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੀਆਂ ਸਾਰੀਆਂ ਸੜਕਾਂ ’ਤੇ ਬਲੈਕ ਸਪਾਟ ਦੀ ਪਛਾਣ ਕਰਨ ਤੇ ਲਾਈਟਾਂ ਲਾਉਣ ਲਈ ਏ. ਆਈ. ਦੀ ਵਰਤੋਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਹੀ ਸਮੇਂ ’ਤੇ ਅਲਰਟ ਭੇਜਣ ਤੇ ਵੱਧ ਤੋਂ ਵੱਧ ਤਿੰਨ ਘੰਟਿਆਂ ’ਚ ਸਟਰੀਟ ਲਾਈਟਾਂ ਦੀ ਮੁਰੰਮਤ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News