ਭ੍ਰਿਸ਼ਟਾਚਾਰ ਖ਼ਿਲਾਫ਼ ਐਕਸ਼ਨ ’ਚ CM ਮਾਨ, ਹੁਣ ਤਕ 45 ਅਧਿਕਾਰੀਆਂ ਤੇ ਕਰਮਚਾਰੀਆਂ ’ਤੇ ਕੱਸਿਆ ਸ਼ਿਕੰਜਾ

06/21/2022 7:42:04 PM

ਚੰਡੀਗੜ੍ਹ (ਬਿਊਰੋ) : ਭ੍ਰਿਸ਼ਟਾਚਾਰ ਨੂੰ ਹਰਗ਼ਿਜ਼ ਬਰਦਾਸ਼ਤ ਨਾ ਕਰਨ ਦੀ ਰਣਨੀਤੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਥੋੜ੍ਹੇ ਸਮੇਂ ’ਚ ਹੁਣ ਤੱਕ 45 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰਾਂ ਨੂੰ ਵੱਢੀਖੋਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਮੁੱਖ ਮੰਤਰੀ ਨੇ ਲੋਕਾਂ ਨਾਲ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਇਸ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਉਣ ਲਈ ਲੋਕਾਂ ਦੀ ਸਹੂਲਤ ਵਾਸਤੇ ਵਟਸਐਪ ਆਧਾਰਿਤ ਇਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਸੀ। ਇਹ ਹੈਲਪਲਾਈਨ ਵਰਦਾਨ ਸਾਬਤ ਹੋਈ ਹੈ ਕਿਉਂਕਿ ਲੋਕ ਇਸ ਦੀ ਵਰਤੋਂ ਭ੍ਰਿਸ਼ਟਾਚਾਰ ਦੀ ਜੜ੍ਹ ਵੱਢਣ ਲਈ ਪ੍ਰਭਾਵਸ਼ਾਲੀ ਤਰੀਕੇ ਵਜੋਂ ਕਰ ਰਹੇ ਹਨ।

ਇਹ ਵੀ ਪੜ੍ਹੋ : ਮਹਾਕਾਲੀ ਦੇਵੀ ਧਾਮ ਸੰਗਰੂਰ ’ਚ ਖ਼ਾਲਿਸਤਾਨ ਦੇ ਨਾਅਰੇ ਲਿਖਣ ’ਤੇ ਗੁਰਪਤਵੰਤ ਪੰਨੂ ਸਣੇ 2 ਖ਼ਿਲਾਫ਼ ਮਾਮਲਾ ਦਰਜ

ਇਸ ਨੰਬਰ ਉੱਤੇ ਮਿਲੀਆਂ ਪ੍ਰਮਾਣਿਕ ਸ਼ਿਕਾਇਤਾਂ ਦੇ ਆਧਾਰ ਉੱਤੇ ਪੰਜਾਬ ਪੁਲਸ ਨੇ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਤੇ ਹੋਰ ਦੋਸ਼ੀਆਂ ਖ਼ਿਲਾਫ਼ 28 ਐੱਫ. ਆਈ. ਆਰ. ਦਰਜ ਕੀਤੀਆਂ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਉੱਤੇ ਵਿਜੀਲੈਂਸ ਨੇ ਹੁਣ ਤੱਕ ਪੁਲਸ ਦੇ ਇਕ ਸਬ-ਇੰਸਪੈਕਟਰ, ਅੱਠ ਸਹਾਇਕ ਸਬ-ਇੰਸਪੈਕਟਰਾਂ, ਤਿੰਨ ਹੌਲਦਾਰਾਂ, ਇਕ ਸਿਪਾਹੀ, ਹੋਮਗਾਰਡ ਦੇ ਇਕ ਜਵਾਨ, ਦੋ ਪਟਵਾਰੀਆਂ, ਇਕ ਕਲਰਕ, ਇਕ ਨੰਬਰਦਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਡਾਟਾ ਐਂਟਰੀ ਆਪ੍ਰੇਟਰ, ਸਰਕਾਰੀ ਆਈ. ਟੀ. ਆਈ. ਐੱਸ. ਏ. ਐੱਸ. ਨਗਰ ਦੇ ਇਕ ਪ੍ਰਿੰਸੀਪਲ, ਇਕ ਮੈਡੀਕਲ ਅਫ਼ਸਰ, ਇਕ ਡਵੀਜ਼ਨਲ ਜੰਗਲਾਤ ਅਫ਼ਸਰ ਅਤੇ ਜੁਡੀਸ਼ੀਅਲ ਵਿਭਾਗ ਦੇ ਸੰਮਨ ਭੇਜਣ ਵਾਲੇ ਸਟਾਫ਼ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ‘ਅਗਨੀਪਥ ਯੋਜਨਾ’ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਅਹਿਮ ਬਿਆਨ, ਕਹੀ ਇਹ ਗੱਲ (ਵੀਡੀਓ)

ਇਸੇ ਤਰ੍ਹਾਂ ਮਾਈਨਿੰਗ ਕੇਸ ’ਚ 17 ਜਣਿਆਂ, ਪਟਵਾਰੀਆਂ ਦੇ ਚਾਰ ਸਹਾਇਕਾਂ ਤੇ ਇਕ ਜੰਗਲਾਤ ਠੇਕੇਦਾਰ ਨੂੰ ਭ੍ਰਿਸ਼ਟ ਗਤੀਵਿਧੀਆਂ ’ਚ ਸ਼ਾਮਲ ਹੋਣ ਦੇ ਦੋਸ਼ ਹੇਠ ਫੜਿਆ ਗਿਆ ਹੈ। ਪੁਲਸ ਨੇ 21 ਜੂਨ 2022 ਤੱਕ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਕੁਲ 45 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੋਈ ਹੈ ਅਤੇ ਭ੍ਰਿਸ਼ਟ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਬਾਹਰ ਦਾ ਰਾਹ ਵਿਖਾ ਕੇ ਸਮੁੱਚੇ ਸਿਸਟਮ ਨੂੰ ਸਾਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੀ, ਕਾਰਗਰ ਅਤੇ ਪਾਰਦਰਸ਼ੀ ਸਰਕਾਰ ਦੇਣ ਲਈ ਸ਼ਾਸਨ ’ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੇ ਮੋਢਿਆਂ ਉੱਤੇ ਬਹੁਤ ਵੱਡੀ ਜ਼ਿੰਮੇਵਾਰੀ ਪਾਈ ਹੈ, ਜਿਸ ਕਰਕੇ ਪਾਰਦਰਸ਼ੀ ਅਤੇ ਜੁਆਬਦੇਹ ਪ੍ਰਸ਼ਾਸਨ ਦੇ ਕੇ ਲੋਕਾਂ ਦੀਆਂ ਉਮੀਦਾਂ ਉੱਤੇ ਖਰਾ ਉਤਰਨਾ ਉਨ੍ਹਾਂ ਦਾ ਫ਼ਰਜ਼ ਬਣਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਮਿਸਾਲ ਕਾਰਵਾਈ ਇਹ ਦਰਸਾਉਂਦੀ ਹੈ ਕਿ ਸੂਬਾ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੋਧੀ ਜੰਗ ਉਸ ਵੇਲੇ ਹੀ ਖ਼ਤਮ ਹੋਵੇਗੀ, ਜਦੋਂ ਸੂਬੇ ’ਚੋਂ ਇਸ ਦਾ ਮੁਕੰਮਲ ਤੌਰ ਉੱਤੇ ਸਫਾਇਆ ਹੋ ਜਾਵੇਗਾ ਪਰ ਇਸ ਲਈ ਲੋਕਾਂ ਦਾ ਸਰਗਰਮ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਨੇਕ ਕਾਰਜ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਭਗਵੰਤ ਮਾਨ ਨੇ ਲੋਕਾਂ ਨੂੰ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਵਧ-ਚੜ੍ਹ ਕੇ ਸੂਬਾ ਸਰਕਾਰ ਦਾ ਸਹਿਯੋਗ ਕਰਨ ਦਾ ਸੱਦਾ ਦਿੱਤਾ।
 


Manoj

Content Editor

Related News