CM ਮਾਨ ਨੇ ਫਗਵਾੜਾ ਵਿਚ ਜੱਚਾ-ਬੱਚਾ ਸੰਭਾਲ ਹਸਪਤਾਲ ਕੀਤਾ ਲੋਕਾਂ ਨੂੰ ਸਮਰਪਿਤ

Tuesday, Nov 01, 2022 - 05:44 PM (IST)

ਫਗਵਾੜਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਫਗਵਾੜਾ ਸਬ-ਡਿਵੀਜ਼ਨਲ ਹਸਪਤਾਲ ਵਿਚ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਸੂਬੇ ਭਰ 'ਚ ਅਜਿਹੇ ਹੋਰ ਹਸਪਤਾਲ ਬਣਾਏ ਜਾਣਗੇ। 

PunjabKesari

ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਆਪਰੇਸ਼ਨ ਥੀਏਟਰ, ਟੀਕਾਕਰਨ ਵਾਰਡ, ਓ.ਪੀ.ਡੀ. ਆਦਿ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਤਾਂ ਕਿ ਹਸਪਤਾਲ ਵਿਚ ਸਰਕਾਰੀ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਮਾਨ ਨੇ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਨਾਲ ਵੀ ਵਿਸਥਾਰ ਵਿਚ ਗੱਲਬਾਤ ਕਰਕੇ ਹਸਪਤਾਲ ਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

PunjabKesari

ਇਸ ਮੌਕੇ ਉਨ੍ਹਾਂ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰੇਗਾ। 

ਇਹ ਖ਼ਬਰ ਵੀ ਪੜ੍ਹੋ - ਜਗਰਾਓਂ ਵਿਖੇ ਹਸਪਤਾਲ ਦੇ ਉਦਘਾਟਨ ਮੌਕੇ CM ਮਾਨ ਨੇ ਦੱਸਿਆ ਪੰਜਾਬ ਦੇ ਵਿਕਾਸ ਦਾ 'ਰੋਡ ਮੈਪ'

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵਿਚ ਖ਼ਾਲੀ ਪਈਆਂ ਆਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਸੰਜੀਦਗੀ ਨਾਲ ਨਿਭਾਉਣ ਲਈ ਆਖਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਆਈ.ਜੀ. ਡਾਕਟਰ ਐਸ. ਭੂਪਤੀ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਨਵਨੀਤ ਸਿੰਘ ਬੈਂਸ, ਆਪ ਆਗੂ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਆਪ ਦੇ ਜ਼ਿਲ੍ਹਾ ਪ੍ਰਧਾਨ ਨਿਕਿਤਾ ਸਿਖਲਾਨੀ, ਮੰਜੂ ਰਾਣਾ, ਸੱਜਣ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ।


Anuradha

Content Editor

Related News