ਪੰਜਾਬ ’ਚ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ : ਮਾਨ
Monday, Aug 11, 2025 - 11:46 AM (IST)

ਧੂਰੀ/ਸੰਗਰੂਰ/ਬਰਨਾਲਾ/ਚੰਡੀਗੜ੍ਹ/ਜਲੰਧਰ (ਅਸ਼ਵਨੀ, ਸਿੰਗਲਾ, ਵਿਵੇਕ ਸਿੰਧਵਾਨੀ, ਰਵੀ, ਅੰਕੁਰ, ਧਵਨ)- ਢਢੋਗਲ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਪੁਰਸ਼ਾਂ, ਪੀਰਾਂ ਤੇ ਸ਼ਹੀਦਾਂ ਦੀ ਦੀ ਧਰਤੀ ਹੈ। ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਵਿਖਾਏ ਰਸਤੇ ’ਤੇ ਚੱਲ ਰਹੀ ਹੈ ਅਤੇ ਸੂਬੇ ਦੇ ਵਿਕਾਸ ਦੇ ਨਾਲ-ਨਾਲ ਆਰਥਕ ਤੌਰ ’ਤੇ ਕਮਜ਼ੋਰ ਤੇ ਪੱਛੜੇ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਪੰਜਾਬੀਆਂ ਵਿਚ ਸਖਤ ਮਿਹਨਤ ਕਰਨ ਦਾ ਅਮਿੱਟ ਜਜ਼ਬਾ ਹੈ, ਜਿਸ ਕਰ ਕੇ ਉਨ੍ਹਾਂ ਨੇ ਹਰੇਕ ਖੇਤਰ ਵਿਚ ਮੁਕਾਮ ਹਾਸਲ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡਾਂ ਬਾਰੇ CM ਮਾਨ ਦਾ ਵੱਡਾ ਐਲਾਨ, ਅਗਲੇ ਮਹੀਨੇ ਤੋਂ...
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਮਾਜਿਕ ਰਿਸ਼ਤਿਆਂ ਦੀਆਂ ਤੰਦਾਂ ਇੰਨੀਆਂ ਮਜ਼ਬੂਤ ਹਨ ਕਿ ਇੱਥੋਂ ਦੀ ਜਰਖੇਜ਼ ਜ਼ਮੀਨ ’ਤੇ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਪਰ ਕਦੇ ਨਫ਼ਰਤ ਦਾ ਬੀਜ ਨਹੀਂ ਉੱਗ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੱਡੇ ਯਤਨ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਨਾਗਰਿਕ ਨੂੰ ਆਜ਼ਾਦੀ ਦਾ ਲਾਭ ਮਿਲ ਸਕੇ।
ਭਗਵੰਤ ਮਾਨ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਤੋਂ ਬਾਅਦ ਵੀ ਆਜ਼ਾਦੀ ਦਾ ਫਾਇਦਾ ਹਰ ਘਰ ਤੱਕ ਨਹੀਂ ਪਹੁੰਚਿਆ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ’ਤੇ ਸੱਤਾ ਦੀ ਦੁਰਵਰਤੋਂ ਕਰਨ, ਭ੍ਰਿਸ਼ਟਾਚਾਰ ਫੈਲਾਉਣ ਅਤੇ ਲੋਕਾਂ ਨੂੰ ਲੁੱਟਣ ਦਾ ਦੋਸ਼ ਲਾਇਆ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਵਿਚ ਵੱਡੀ ਭੂਮਿਕਾ ਨਿਭਾਈ ਹੈ ਤੇ ਉਨ੍ਹਾਂ ਨੂੰ ਆਪਣੀ ਦੇਸ਼ ਭਗਤੀ ਲਈ ਸਾਬਤ ਕਰਨ ਲਈ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ਦੇ ਆਗੂਆਂ ’ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰ ਕੇ ਵੱਡੇ-ਵੱਡੇ ਮਹਿਲਨੁਮਾ ਘਰ ਬਣਾਏ, ਜਿਨ੍ਹਾਂ ਦੇ ਉੱਚੇ-ਉੱਚੇ ਦਰਵਾਜ਼ੇ ਆਮ ਲੋਕਾਂ ਲਈ ਬੰਦ ਰਹਿੰਦੇ ਸਨ ਪਰ ਹੁਣ ਜਨਤਾ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ।
ਮੁੱਖ ਮੰਤਰੀ ਨੇ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸ਼ਰਧਾ ਪੂਰਵਕ ਮਨਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ ਪਿੰਡਾਂ ਤੇ ਨਗਰਾਂ ਦਾ ਵਿਆਪਕ ਵਿਕਾਸ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਦੀ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲਿਆ ਜਾ ਸਕੇ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਦੀ ਲਾਹਨਤ ਰਾਹੀਂ ਨੌਜਵਾਨਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰਾਂ ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ। ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦੇਣ ਵਾਲੇ ‘ਜਰਨੈਲਾਂ’ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 14 ਅਗਸਤ ਲਈ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ
ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਤਾਂ ਸੂਬੇ ਭਰ ਵਿਚ ਸਿਰਫ਼ 21 ਫੀਸਦੀ ਖੇਤੀਬਾੜੀ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲ ਰਿਹਾ ਸੀ ਪਰ ਅੱਜ ਇਹ ਅੰਕੜਾ 63 ਫੀਸਦੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਵਚਨਬੱਧ ਹੈ। ਸ਼ਹੀਦ ਭਗਤ ਸਿੰਘ ਢਢੋਗਲ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਕ ਬਹਾਦਰ ਦੇਸ਼ ਭਗਤ ਦੱਸਿਆ, ਜਿਨ੍ਹਾਂ ਨੇ ਪਰਜਾ ਮੰਡਲ ਲਹਿਰ ਅਤੇ ਗੁਰਦੁਆਰਾ ਸੁਧਾਰ ਅੰਦੋਲਨ ’ਚ ਅਹਿਮ ਭੂਮਿਕਾ ਨਿਭਾਈ।
ਭਗਵੰਤ ਸਿੰਘ ਮਾਨ ਨੇ ਕਿਹਾ ਦੇਸ਼ ਹਮੇਸ਼ਾ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਰਹੇਗਾ। ਇਸ ਦੌਰਾਨ ਮੁੱਖ ਮੰਤਰੀ ਨੇ 17.21 ਕਰੋੜ ਦੀ ਲਾਗਤ ਵਾਲੇ ਦੋ ਸੜਕੀ ਪ੍ਰਾਜੈਕਟਾਂ ਦਾ ਨੀਂਹ-ਪੱਥਰ ਵੀ ਰੱਖਿਆ। ਇਹ ਸੜਕਾਂ ਢਢੋਗਲ ਅਤੇ ਆਸ-ਪਾਸ ਦੇ ਪਿੰਡਾਂ ਨੂੰ ਮੁੱਖ ਸੜਕਾਂ ਨਾਲ ਜੋੜਣਗੀਆਂ ਅਤੇ ਆਉਣ ਵਾਲੇ 5 ਸਾਲਾਂ ਤੱਕ ਇਨ੍ਹਾਂ ਦੇ ਰੱਖ-ਰਖਾਅ ਦੀ ਜ਼ਿੰਮੇਵਾਰੀ ਠੇਕੇਦਾਰ ਦੀ ਹੋਵੇਗੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8